ਹਰਿੰਦਰ ਸ਼ਾਰਦਾ, ਪਟਿਆਲਾ : ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਆਯੁਰਵੈਦਿਕ ਹਸਪਤਾਲ ਦੀ ਟੈਂਕੀ ਤੇ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਧਰਨਾ ਦੂਜੇ ਦਿਨ ਵੀ ਜਾਰੀ ਰਿਹਾ । ਇਸ ਮੌਕੇ ਮੁਲਾਜ਼ਮਾਂ ਦੇ ਪਰਿਵਾਰਕ ਮੈਂਬਰਾਂ ਨੇ ਪਾਵਰਕਾਮ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਵਾਰਸਾਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਪਾਵਰਕਾਮ ਚ ਨੌਕਰੀ ਦੌਰਾਨ ਫ਼ੌਤ ਹੋ ਗਏ ਮੁਲਾਜ਼ਮਾਂ ਦੇ ਵਾਰਸਾਂ ਨੂੰ ਨੌਕਰੀ ਦੀ ਮੰਗ ਕਰਦੇ ਆ ਰਹੇ ਹਨ ਪ੍ਰੰਤੂ ਹਾਲੇ ਤੱਕ ਪ੍ਰਸ਼ਾਸਨ ਤੋਂ ਭਰੋਸੇ ਤੋਂ ਸਿਵਾ ਕੁਝ ਵੀ ਨਹੀਂ ਦਿੱਤਾ ਗਿਆ ਹੈ ਜਿਸ ਕਾਰਨ ਉਨ੍ਹਾਂ ਵੱਲੋਂ ਇਹ ਸੰਘਰਸ਼ ਸ਼ੁਰੂ ਕੀਤਾ ਹੈ।

ਇਸ ਮੌਕੇ ਮ੍ਰਿਤਕ ਆਸ਼ਰਿਤ ਯੂਨੀਅਨ ਦੇ ਸੂਬਾ ਪ੍ਰਧਾਨ ਚਰਨਜੀਤ ਸਿੰਘ ਦਿਉਣ ਨੇ ਦੱਸਿਆ ਕਿ ਪਹਿਲਾਂ ਹੀ ਬਿਜਲੀ ਮੁਲਾਜ਼ਮ ਆਪਣੀ ਜਾਨ ਜੋਖਮ ਵਿੱਚ ਪਾ ਕੇ ਸੇਵਾਵਾਂ ਨਿਭਾ ਰਹੇ ਹਨ। ਜੇਕਰ ਕਿਸੇ ਮੁਲਾਜ਼ਮ ਦੀ ਜਾਨ ਚਲੀ ਜਾਂਦੀ ਹੈ ਤਾਂ 2004 ਦੇ ਵਿੱਚ ਪਾਵਰਕਾਮ ਵੱਲੋਂ ਸਲੇਸ਼ੀਅਮ ਪਾਲਿਸੀ ਬਣਾਈ ਗਈ ਸੀ। ਨੌਕਰੀ ਦੌਰਾਨ ਜੇਕਰ ਕਿਸੇ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ ਤਾਂ ਇਸ ਪਾਲਿਸੀ ਅਧੀਨ ਤਾਂ ਉਸਦੇ ਪਰਿਵਾਰਕ ਮੈਂਬਰਾਂ ਨੂੰ ਸਿਰਫ਼ ਮੁਆਵਜ਼ਾ ਹੀ ਦਿੱਤਾ ਜਾਵੇਗਾ ਜਿਸਦਾ ਵਾਰਸਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਪ੍ਰੰਤੂ ਹਾਲੇ ਤੱਕ ਕੋਈ ਵੀ ਸੁਣਵਾਈ ਨਾ ਕਰਨ ਦੇ ਚਲਦਿਆਂ ਉਨ੍ਹਾਂ ਵੱਲੋਂ ਪਹਿਲਾਂ ਵੀ ਪਾਵਰਕਾਮ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕੀਤੇ ਜਾ ਚੁੱਕੇ ਹਨ। ਹਾਲੇ ਤੱਕ ਪ੍ਰਸ਼ਾਸਨ ਵਲੋਂ ਵਾਰਸਾਂ ਨੂੰ ਨੌਕਰੀ ਦੇਣ ਦੀ ਕੋਈ ਵੀ ਉਪਰਾਲਾ ਨਹੀਂ ਕੀਤਾ ਗਿਆ ਹੈ ਜਿਸ ਦੇ ਰੋਸ ਵਜੋਂ ਪਰਿਵਾਰਕ ਮੈਂਬਰਾਂ ਵੱਲੋਂ ਟੈਂਕੀ ਤੇ ਹੀ ਧਰਨਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਵਾਰਸਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਉਨ੍ਹਾਂ ਵਲੋਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਸ਼ਾਸਨ ਦੀ ਹੋਵੇਗੀ।

Posted By: Tejinder Thind