ਵਿੱਤ ਮੰਤਰੀ ਨੇ ਪਾਈਪ ਲਾਈਨ ਸਿੰਜਾਈ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ ਵਿੱਤ ਮੰਤਰੀ ਨੇ ਪਿੰਡ ਖਡਿਆਲ ’ਚ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
Publish Date: Wed, 25 Nov 2026 03:56 PM (IST)
Updated Date: Thu, 26 Nov 2026 04:02 AM (IST)
734 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਮਿਲੇਗੀ ਸੁਚੱਜੀ ਸਿੰਜਾਈ ਸਹੂਲਤ ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ਨੂੰ ਬਿਹਤਰ ਸਿੰਜਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਦੇ ਵਿੱਤ, ਯੋਜਨਾ, ਟਰਾਂਸਪੋਰਟ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਅਧੀਨ ਪੈਂਦੇ ਪਿੰਡ ਖ਼ਡਿਆਲ ਵਿਖੇ 4 ਕਰੋੜ 70 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਜ਼ਮੀਨਦੋਜ਼ ਪਾਈਪਲਾਈਨ ਸਿੰਜਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਭੂਮੀ ਅਤੇ ਜਲ ਸੰਭਾਲ ਵਿਭਾਗ ਵੱਲੋਂ ਪਿੰਡ ਖਡਿਆਲ ਵਿਖੇ ਮੋਘਾ ਨੰਬਰ 22545/ਐੱਲ ਅਤੇ ਮੋਘਾ ਨੰਬਰ 27821/ਆਰ ਤੋਂ ਨਹਿਰੀ ਪਾਣੀ ਖੇਤਾਂ ਤਕ ਪਹੁੰਚਾਉਣ ਲਈ ਜ਼ਮੀਨਦੋਜ਼ ਪਾਈਪਲਾਈਨ ਵਿਛਾਈ ਜਾਵੇਗੀ। ਇਸ ਅਹਿਮ ਪ੍ਰੋਜੈਕਟ ਦੀ ਸਮੁੱਚੀ 04 ਕਰੋੜ 70 ਲੱਖ ਰੁਪਏ ਦੀ ਲਾਗਤ ਪੰਜਾਬ ਸਰਕਾਰ ਵੱਲੋਂ ਸਬਸਿਡੀ ਦੇ ਰੂਪ ਵਿੱਚ ਮੁਹੱਈਆ ਕਰਵਾਈ ਜਾਵੇਗੀ ਅਤੇ ਕਿਸਾਨਾਂ ਉੱਤੇ ਕੋਈ ਵਿੱਤੀ ਬੋਝ ਨਹੀਂ ਪਵੇਗਾ। ਉਨ੍ਹਾਂ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਗਭਗ 734 ਹੈਕਟੇਅਰ ਖੇਤੀਬਾੜੀ ਰਕਬੇ ਨੂੰ ਸੁਚੱਜੀ ਸਿੰਜਾਈ ਸਹੂਲਤ ਮਿਲੇਗੀ ਅਤੇ ਪਿੰਡ ਦੇ 168 ਕਿਸਾਨ ਪਰਿਵਾਰ ਸਿੱਧੇ ਤੌਰ ’ਤੇ ਲਾਭਪਾਤਰੀ ਬਣਨਗੇ। ਜ਼ਮੀਨਦੋਜ਼ ਪਾਈਪਾਂ ਰਾਹੀਂ ਨਹਿਰੀ ਪਾਣੀ ਬਿਨਾਂ ਕਿਸੇ ਰੁਕਾਵਟ ਅਤੇ ਘੱਟ ਨੁਕਸਾਨ ਨਾਲ ਖੇਤਾਂ ਤਕ ਪਹੁੰਚੇਗਾ, ਜਿਸ ਨਾਲ ਟੇਲਾਂ ’ਤੇ ਸਥਿਤ ਖੇਤਾਂ ਨੂੰ ਵੀ ਲੋੜੀਂਦਾ ਪਾਣੀ ਮਿਲ ਸਕੇਗਾ। ਚੀਮਾ ਨੇ ਕਿਹਾ ਕਿ ਰਵਾਇਤੀ ਖਾਲਾਂ ਰਾਹੀਂ ਪਾਣੀ ਪਹੁੰਚਾਉਣ ਦੌਰਾਨ ਰਿਸਾਅ ਅਤੇ ਵਾਸ਼ਪੀਕਰਨ ਕਾਰਨ ਪਾਣੀ ਦੀ ਵੱਡੀ ਮਾਤਰਾ ਵਿਅਰਥ ਚਲੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਨਹਿਰਾਂ, ਰਜਬਾਹਿਆਂ ਅਤੇ ਖਾਲਾਂ ਦੀ ਸਫ਼ਾਈ ਤੇ ਮੁਰੰਮਤ ਦੇ ਨਾਲ-ਨਾਲ ਜ਼ਮੀਨਦੋਜ਼ ਪਾਈਪਲਾਈਨ ਪ੍ਰੋਜੈਕਟਾਂ ਨੂੰ ਵੀ ਤਰਜੀਹੀ ਆਧਾਰ ’ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰੋਜੈਕਟ ਦੇ ਨਿਰਮਾਣ ਦੌਰਾਨ ਮਿਆਰੀ ਸਮੱਗਰੀ ਦੀ ਵਰਤੋਂ ਯਕੀਨੀ ਬਣਾਈ ਜਾਵੇ ਅਤੇ ਕੰਮ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਇਸ ਦਾ ਲਾਭ ਛੇਤੀ ਮਿਲ ਸਕੇ। ਇਸ ਮੌਕੇ ਓਐੱਸਡੀ ਤਪਿੰਦਰ ਸਿੰਘ ਸੋਹੀ, ਭੂਮੀ ਅਤੇ ਜਲ ਸੰਭਾਲ ਵਿਭਾਗ ਦੇ ਮੰਡਲ ਭੂਮੀ ਰੱਖਿਆ ਅਫ਼ਸਰ ਸੰਗਰੂਰ ਕੌਸ਼ਲ ਕੁਮਾਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਸੁਨਾਮ ਜਸਪਾਲ ਸਿੰਘ ਹਾਜ਼ਰ ਸਨ।