
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡੀਸੀ ਦੇ ਸਖ਼ਤ ਨਿਰਦੇਸ਼

ਫੋਟੋ-8
ਕੈਪਸਨ-ਮਾਲੇਰਕੋਟਲਾ ਵਿਖੇ ਮੀਟਿੰਗ ਕਰਦੇ ਹੋਏ ਡੀਸੀ ਵਿਰਾਜ ਐੱਸ. ਤਿੜਕੇ।
* ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਗੰਭੀਰ ਮੁੱਦੇ ਵਿਚਾਰੇ
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ
ਮਾਲੇਰਕੋਟਲਾ : ਸ਼ਹਿਰ ’ਚ ਵਪਾਰਕ ਗਤੀਵਿਧੀਆਂ ਲਈ ਸੁਚਾਰੂ ਅਤੇ ਸੁਵਿਧਾਜਨਕ ਮਾਹੌਲ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਵਪਾਰ ਮੰਡਲ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਵਪਾਰੀਆਂ ਨੇ ਟਰੈਫਿਕ, ਸਫ਼ਾਈ, ਸੀਵਰੇਜ, ਬਿਜਲੀ, ਨਾਜਾਇਜ਼ ਕਬਜ਼ਿਆਂ ਅਤੇ ਹੋਰ ਬੁਨਿਆਦੀ ਸਮੱਸਿਆਵਾਂ ਸਬੰਧੀ ਮੁੱਦੇ ਰੱਖੇ। ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵਪਾਰੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਪਾਰੀਆਂ ਅਤੇ ਆਮ ਲੋਕਾਂ ਦੀ ਸਹੂਲਤ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸੀਵਰੇਜ ਪ੍ਰਣਾਲੀ ਵਿੱਚ ਸੁਧਾਰ, ਜਨਤਕ ਪਖਾਨਿਆਂ ਦੀ ਸਫ਼ਾਈ, ਪਲਾਸਟਿਕ ਲਿਫ਼ਾਫ਼ਿਆਂ ’ਤੇ ਪਾਬੰਦੀ ਲਾਗੂ ਕਰਨ, ਅਵਾਰਾ ਕੁੱਤਿਆਂ ਦੀ ਸਮੱਸਿਆ ਦੇ ਹੱਲ ਅਤੇ ਨਾਜਾਇਜ਼ ਕਬਜ਼ੇ ਹਟਾਉਣ ਲਈ ਕਾਰਵਾਈ ਕਰਨ ਲਈ ਕਿਹਾ ਗਿਆ। ਬਿਜਲੀ ਵਿਭਾਗ ਨੂੰ ਲਟਕਦੀਆਂ ਤਾਰਾਂ ਦੀ ਸੁਚੱਜੀ ਵਿਵਸਥਾ, ਢੁੱਕਵੀਂ ਵੋਲਟੇਜ ਸਪਲਾਈ ਅਤੇ ਸਟਰੀਟ ਲਾਈਟਾਂ ਚਾਲੂ ਰੱਖਣ ਦੀ ਹਦਾਇਤ ਕੀਤੀ ਗਈ। ਟ੍ਰੈਫਿਕ ਪੁਲਿਸ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਲੋੜ ਅਨੁਸਾਰ ਵਨ-ਵੇ ਪ੍ਰਣਾਲੀ ਲਾਗੂ ਕਰਨ, ਨਾਜਾਇਜ਼ ਪਾਰਕਿੰਗ ’ਤੇ ਸਖ਼ਤੀ ਕਰਨ ਅਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਲਈ ਕਿਹਾ ਗਿਆ।
ਉਨ੍ਹਾਂ ਅਧਿਕਾਰੀਆਂ ਨੂੰ ਵਪਾਰ ਮੰਡਲ ਵੱਲੋਂ ਉਠਾਏ ਮਾਮਲਿਆਂ ’ਤੇ ਕੀਤੀ ਕਾਰਵਾਈ ਦੀ ਨਿਯਮਿਤ ਸਮੀਖਿਆ ਕਰਨ ਤੇ ਵਪਾਰੀਆਂ ਨੂੰ ਪ੍ਰਗਤੀ ਤੋਂ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਵਪਾਰੀਆਂ ਵਿਚਕਾਰ ਨਿਰੰਤਰ ਸੰਵਾਦ ਰਾਹੀਂ ਸ਼ਹਿਰ ਦੀਆਂ ਸਮੱਸਿਆਵਾਂ ਦਾ ਵਿਹਾਰਕ ਹੱਲ ਕੀਤਾ ਜਾ ਸਕਦਾ ਹੈ। ਮੀਟਿੰਗ ’ਚ ਪੰਜਾਬ ਟਰੇਡਰਜ਼ ਕਮਿਸ਼ਨ ਦੇ ਜ਼ਿਲ੍ਹਾ ਚੇਅਰਮੈਨ ਆਜਮ ਦਾਰਾ, ਹਲਕਾ ਮਾਲੇਰਕੋਟਲਾ ਦੇ ਚੇਅਰਮੈਨ ਇਮਤਿਆਜ਼ ਅਲੀ, ਹਲਕਾ ਅਮਰਗੜ੍ਹ ਦੇ ਚੇਅਰਮੈਨ ਅਸ਼ਵਨੀ ਕੁਮਾਰ ਤੋਂ ਇਲਾਵਾ ਸਹਾਇਕ ਕਮਿਸ਼ਨਰ ਮਨਦੀਪ ਕੌਰ, ਡੀਐੱਸਪੀ ਮਾਨਵਜੀਤ ਸਿੰਘ, ਡੀਐੱਸਪੀ (ਐੱਨਡੀਪੀਐੱਸ) ਯਾਦਵਿੰਦਰ ਸਿੰਘ ਹਾਜ਼ਰ ਸਨ।