ਨਸ਼ਿਆਂ ਦਾ ਮੁੱਦਾ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ : ਸੰਧੂ ਨਸ਼ਿਆਂ ਦਾ ਮੁੱਦਾ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ: ਗੁਰਮੀਤ ਸਿੰਘ ਸੰਧੂ
Publish Date: Wed, 04 Nov 2026 03:38 PM (IST)
Updated Date: Thu, 05 Nov 2026 04:02 AM (IST)
ਕਿਹਾ, 2027 ਦੀਆਂ ਵਿਧਾਨ ਸਭਾ ਚੋਣਾਂ ’ਚ ਲੋਕ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨਗੇ, ਨਸ਼ਿਆਂ, ਬੇਰੁਜ਼ਗਾਰੀ ਅਤੇ ਵਿਗੜਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਸਰਕਾਰ ’ਤੇ ਸਾਧੇ ਤਿੱਖੇ ਨਿਸ਼ਾਨੇ ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ, ਮਾਲੇਰਕੋਟਲਾ : ਵਿਧਾਨ ਸਭਾ ਹਲਕਾ ਮਾਲੇਰਕੋਟਲਾ ਤੋਂ ਚੋਣ ਮੈਦਾਨ ਵਿੱਚ ਨਿੱਤਰੇ ਨੌਜਵਾਨ ਆਗੂ ਅਤੇ ਰੇਲਵੇ ਸਲਾਹਕਾਰ ਬੋਰਡ ਦੇ ਸਾਬਕਾ ਡਾਇਰੈਕਟਰ ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਵਧਦਾ ਪ੍ਰਕੋਪ ਆਮ ਆਦਮੀ ਪਾਰਟੀ ਦੀ ਸਰਕਾਰ ਲਈ ਸਭ ਤੋਂ ਵੱਡੀ ਸਿਆਸੀ ਚੁਣੌਤੀ ਬਣ ਚੁੱਕਾ ਹੈ। ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਇਸ ਗੰਭੀਰ ਸਮੱਸਿਆ ਨੂੰ ਜੜ੍ਹੋਂ ਖ਼ਤਮ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਨਸ਼ਿਆਂ ਦਾ ਮੁੱਦਾ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗਾ ਅਤੇ ਲੋਕ ਇਸ ਨੂੰ ਸੱਤਾ ਤੋਂ ਬਾਹਰ ਕਰਨ ਦਾ ਮਨ ਬਣਾ ਚੁੱਕੇ ਹਨ। ਸੰਧੂ ਨੇ ਕਿਹਾ ਕਿ ਅੱਜ ਪੰਜਾਬ ਅੰਦਰ ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਕਤਲ, ਫਿਰੌਤੀਆਂ ਅਤੇ ਅਪਰਾਧਿਕ ਘਟਨਾਵਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਸਭ ਤੋਂ ਚਿੰਤਾਜਨਕ ਗੱਲ ਇਹ ਹੈ ਕਿ ਨਸ਼ਿਆਂ ਦਾ ਜਾਲ ਨੌਜਵਾਨ ਪੀੜ੍ਹੀ ਨੂੰ ਆਪਣੀ ਲਪੇਟ ਵਿੱਚ ਲੈ ਰਿਹਾ ਹੈ, ਜਿਸ ਨਾਲ ਅਨੇਕਾਂ ਪਰਿਵਾਰਾਂ ਦੇ ਸੁਪਨੇ ਤਬਾਹ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੋਣੀ ਚਾਹੀਦੀ ਸੀ, ਪਰ ਸਰਕਾਰ ਇਸ ਮੋਰਚੇ ’ਤੇ ਖਰੀ ਨਹੀਂ ਉਤਰੀ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਉਲਟ ਸੂਬੇ ਵਿੱਚ ਭ੍ਰਿਸ਼ਟਾਚਾਰ ਅਤੇ ਪ੍ਰਸ਼ਾਸਨਿਕ ਨਾਕਾਮੀਆਂ ਦੇ ਮੁੱਦੇ ਲਗਾਤਾਰ ਉੱਭਰ ਰਹੇ ਹਨ। ਸਰਕਾਰ ਵੱਲੋਂ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨਾਲੋਂ ਇਸ਼ਤਿਹਾਰਬਾਜ਼ੀ ਨੂੰ ਵਧੇਰੇ ਤਰਜੀਹ ਦਿੱਤੀ ਜਾ ਰਹੀ ਹੈ। ਪੰਜਾਬ ਦੇ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਪ੍ਰਚਾਰ ’ਤੇ ਖ਼ਰਚਣ ਦੀ ਬਜਾਏ ਇਹ ਪੈਸਾ ਨੌਜਵਾਨਾਂ ਦੇ ਰੁਜ਼ਗਾਰ, ਨਸ਼ਾ ਮੁਕਤੀ ਕੇਂਦਰਾਂ ਅਤੇ ਸਿਹਤ ਸਹੂਲਤਾਂ ’ਤੇ ਲਾਇਆ ਜਾਣਾ ਚਾਹੀਦਾ ਸੀ। ਗੁਰਮੀਤ ਸਿੰਘ ਸੰਧੂ ਨੇ ਕਿਹਾ ਕਿ ਜੇਕਰ ਹਲਕਾ ਮਾਲੇਰਕੋਟਲਾ ਦੇ ਲੋਕ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਉਹ ਹਲਕੇ ਦੀ ਤਸਵੀਰ ਅਤੇ ਤਕਦੀਰ ਬਦਲਣ ਲਈ ਪੂਰੀ ਵਾਹ ਲਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਠੋਸ ਕਦਮ ਚੁੱਕਣ, ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਵਸੀਲੇ ਪੈਦਾ ਕਰਨ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਿਆਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਦੇ ਲੋਕ ਹੁਣ ਸਿਰਫ਼ ਵਾਅਦੇ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਨਜ਼ਰ ਆਉਣ ਵਾਲੇ ਬਦਲਾਅ ਦੀ ਉਮੀਦ ਕਰ ਰਹੇ ਹਨ।