ਹਰਿੰਦਰ ਸ਼ਾਰਦਾ, ਪਟਿਆਲਾ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਬੀਐੱਸ ਘੁੰਮਣ ਦਾ ਅਸਤੀਫ਼ਾ ਪ੍ਰਵਾਨ ਕਰਨ ਦੀ ਸਿਫਾਰਿਸ਼ ਪ੍ਰਵਾਨ ਕਰ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅਗਲੇਰੀ ਕਾਰਵਾਈ ਲਈ ਰਾਜਪਾਲ ਵੀਪੀ ਸਿੰਘ ਬਦਨੌਰ ਕੋਲ ਸਿਫਾਰਸ਼ ਭੇਜ ਦਿੱਤੀ ਹੈ। ਇਸ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਬੀਐਸ ਘੁੰਮਣ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਕ ਅਧਿਕਾਰੀ ਜਾਂ ਵਾਈਸ ਚਾਂਸਲਰ ਦੀ ਨਿਯੁਕਤੀ ਕਰਨ ਦਾ ਫ਼ੈਸਲਾ ਰਾਜਪਾਲ ਦੀ ਰਸਮੀ ਪ੍ਰਵਾਨਗੀ ਤੋਂ ਬਾਅਦ ਕੀਤਾ ਜਾਵੇਗਾ।

ਸੂਤਰਾਂ ਮੁਤਾਬਕ ਅੱਜ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਬੀਐੱਸ ਘੁੰਮਣ ਵਰਸਿਟੀ ਵਿਖੇ ਆਪਣੀ ਰਿਹਾਇਸ਼ ਵਿਖੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ ਗਈ ਸੀ। ਪਰ ਉਨ੍ਹਾਂ ਵਿਚਕਾਰ ਹੋਈ ਕਿਸੇ ਵੀ ਗਲਬਾਤ ਬਾਰੇ ਚਰਚਾ ਨਹੀਂ ਕੀਤੀ ਗਈ ਹੈ। ਦੱਸਣਾ ਬਣਦਾ ਹੈ ਕਿ ਮੌਜੂਦਾ ਸਮੇਂ ਪੰਜਾਬੀ ਯੂਨੀਵਰਸਿਟੀ ਚਾਰ ਸੌ ਕਰੋੜ ਤੋਂ ਵੱਧ ਵਿੱਤੀ ਘਾਟੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਰਸਿਟੀ ਨੂੰ ਵਿੱਤੀ ਸੰਕਟ ਵਿਚੋਂ ਕੱਢਣ ਲਈ ਵਾਈਸ ਚਾਂਸਲਰ ਡਾ ਬੀਐੱਸ ਘੁੰਮਣ ਵੱਲੋਂ ਪੰਜਾਬ ਸਰਕਾਰ ਨੂੰ ਲਗਾਤਾਰ ਵਿਸੇਸ਼ ਗਰਾਂਟ ਜਾਰੀ ਕਰਨ ਲਈ ਵੀ ਆਰਥਿਕ ਸਹਾਇਤਾ ਦੀ ਫਰਿਆਦ ਲਗਾਈ ਜਾ ਰਹੀ ਸੀ। ਗਰਾਂਟ ਨਾ ਮਿਲਣ ਕਾਰਨ ਮੁਲਾਜ਼ਮਾਂ, ਪ੍ਰੋਫ਼ੈਸਰਾਂ ਤੇ ਪੈਨਸ਼ਨਾਂ ਨੂੰ ਵੀ ਸਮੇਂ ਸਿਰ ਤਨਖਾਹਾਂ ਨਹੀਂ ਜਾਰੀ ਹੋਣ ਦੇ ਚਲਦਿਆਂ ਮੁਲਾਜ਼ਮਾ ਵਲੋਂ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ ਜਿਸ ਦਾ ਸਾਹਮਣਾ ਵਾਈਸ ਚਾਂਸਲਰ ਡਾ ਬੀਐੱਸ ਘੁੰਮਣ ਨੂੰ ਕਰਨਾ ਪੈ ਰਿਹਾ ਸੀ। ਜਿਸ ਦੇ ਚਲਦਿਆਂ ਉਨ੍ਹਾਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਰਾਜਪਾਲ ਕੋਲ ਭੇਜ ਦਿੱਤਾ ਸੀ।

Posted By: Jagjit Singh