ਬੋਲੇ ਸੌ ਨਿਹਾਲ' ਦੇ ਜੈਕਾਰਿਆਂ ਨਾਲ ਗੁੰਝਿਆਂ ਅਕਾਸ਼
ਬੋਲੇ ਸੌ ਨਿਹਾਲ' ਦੇ ਜੈਕਾਰਿਆਂ ਨਾਲ ਗੁੰਝਿਆਂ ਅਕਾਸ਼
Publish Date: Sun, 05 Apr 2026 05:55 PM (IST)
Updated Date: Mon, 06 Apr 2026 04:05 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਐਤਵਾਰ ਨੂੰ ਸਥਾਨਕ ਗੁਰਦੁਆਰਾ ਸ੍ਰੀ ਨੌਵੀਂ ਪਾਤਸ਼ਾਹੀ ਵੱਲੋਂ 9ਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਚੋਂ ਹੁੰਦਾ ਹੋਇਆ ਵਾਪਸ ਗੁਰੂ ਘਰ ਆ ਕੇ ਸਮਾਪਤ ਕੀਤਾ ਗਿਆ। ਨਗਰ ਕੀਰਤਨ ਦਾ ਸ਼ਹਿਰ ਵਿਚ ਵੱਖ-ਵੱਖ ਪੜਾਵਾਂ ’ਤੇ ਸੰਗਤ ਵੱਲੋਂ ਭਰਵਾਂ ਸੁਵਾਗਤ ਕਰਦਿਆਂ ਵੱਖ-ਵੱਖ ਤਰ੍ਹਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਸੰਗਤਾਂ ਨੇ ਬੋਲੇ ਸੌ ਨਿਹਾਲ ਦੇ ਜੈਕਾਰਿਆਂ ਨਾਲ ਆਕਾਸ਼ ਗੂੰਜਣ ਲਾ ਦਿੱਤਾ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੰਗਰੂਰ ਤੋਂ ਇੰਚਾਰਜ ਅਰਵਿੰਦ ਖੰਨਾ, ਸਾਬਕਾ ਮੁੱਖ ਸੰਸਦੀ ਸਕੱਤਰ ਪ੍ਰਕਾਸ਼ ਚੰਦ ਗਰਗ, ਗੁਰੂ ਘਰ ਦੇ ਮੈਨੇਜਰ ਜਗਜੀਤ ਸਿੰਘ ਸੰਗਤਪੁਰਾ ਨੇ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਵਧਾਈ ਦਿੱਤੀ। ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸਿੱਖ ਕੌਮ ਦੀ ਚੜ੍ਹਦੀ ਕਲ੍ਹਾ, ਗਊ ਗਰੀਬ ਦੀ ਰੱਖਿਆ ਲਈ ਲਾਸਾਨੀ ਕੁਰਬਾਨੀਆਂ ਦਿੱਤੀਆਂ ਸਨ। ਉਨ੍ਹਾਂ ਨੇ ਸੰਗਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਬਾਣੀ ਨਾਲ ਜੁੜਨ ਅਤੇ ਬਾਣੀ ਅਤੇ ਬਾਣੇ ਦੇ ਧਾਰਨੀ ਬਣ ਕੇ ਗੁਰੂ ਵਾਲੇ ਬਣਨ ਦਾ ਸੱਦਾ ਦਿੱਤਾ। ਇਸ ਮੌਕੇ ਢਾਡੀ ਜਥੇ ਅਤੇ ਬੀਬੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਤੇਜਾ ਸਿੰਘ ਕਮਾਲਪੁਰ, ਭੁਪਿੰਦਰ ਸਿੰਘ ਭਲਵਾਨ, ਮਲਕੀਤ ਸਿੰਘ ਚੰਗਾਲ, ਨਰਿੰਦਰ ਸਿੰਘ ਹਾਕੀ, ਰੁਪਿੰਦਰ ਸਿੰਘ ਰੰਧਾਵਾ, ਪ੍ਰਮਜੀਤ ਕੌਰ ਵਿਰਕ, ਸੀਨੀਅਰ ਆਗੂ ਹਰਵਿੰਦਰ ਸਿੰਘ ਕਾਕੜਾ, ਸਾਬਕਾ ਪ੍ਰਧਾਨ ਜਥੇਦਾਰ ਇੰਦਰਜੀਤ ਸਿੰਘ ਤੂਰ, ਕਾਂਗਰਸ ਦੇ ਸੂਬਾਈ ਆਗੂ ਰਣਜੀਤ ਸਿੰਘ ਤੂਰ ਅਤੇ ਜਤਿੰਦਰ ਸਿੰਘ ਵਿੱਕੀ ਬਾਜਵਾ ਹਾਜ਼ਰ ਸੀ।