- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਦੁਨੀਆਂ ਵਿੱਚ ਇਮਾਨਦਾਰ ਮਿਹਨਤ ਦਾ ਕੋਈ ਬਦਲ ਨਹੀਂ: ਅਨਿਰੁਧ ਤਿਵਾੜੀ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਦੇ ਸੀਨੀਅਰ ਆਈਏਐਸ ਅਧਿਕਾਰੀ ਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਦੇ ਡਾਇਰੈਕਟਰ ਜਨਰਲ ਅਨਿਰੁਧ ਤਿਵਾੜੀ ਨੇ ਕਿਹਾ ਕਿ ਦੁਨੀਆ ਵਿਚ ਇਮਾਨਦਾਰ ਮਿਹਨਤ ਦਾ ਕੋਈ ਬਦਲ ਨਹੀਂ ਹੈ ਜਿਹੜੇ ਵਿਦਿਆਰਥੀ ਇਮਾਨਦਾਰੀ, ਸਮਰਪਣ ਤੇ ਸਖ਼ਤ ਮਿਹਨਤ ਨਾਲ ਆਪਣੇ ਟੀਚੇ ਵੱਲ ਵਧਦੇ ਹਨ, ਉਹ ਅੰਤ ਵਿਚ ਜ਼ਿੰਦਗੀ ਵਿਚ ਸਫਲਤਾ ਹਾਸਲ ਕਰਦੇ ਹਨ। ਉਨ੍ਹਾਂ ਕਿਹਾ ਕਿ ਸਫਲ ਹੋਣ ਦੇ ਨਾਲ-ਨਾਲ ਇਕ ਚੰਗਾ ਇਨਸਾਨ ਬਣਨਾ ਵੀ ਬੇਹੱਦ ਜ਼ਰੂਰੀ ਹੈ। ਅਨਿਰੁਧ ਤਿਵਾੜੀ ਸ਼ੀਲਾ ਅਲੀਪੁਰੀਆ ਚੈਰੀਟੇਬਲ ਸੋਸਾਇਟੀ ਵੱਲੋਂ ਪ੍ਰਧਾਨ ਅਜੇ ਅਲੀਪੁਰੀਆ ਦੀ ਅਗਵਾਈ ਹੇਠ ਉੱਚ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਲਈ ਕਰਵਾਏ ਸੈਮੀਨਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਵਿਦਿਆਰਥੀਆਂ ਨਾਲ ਆਪਣੇ ਪ੍ਰਸ਼ਾਸਕੀ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਜੀਵਨ ’ਚ ਸਪੱਸ਼ਟ ਟੀਚਾ ਨਿਰਧਾਰਤ ਕਰਨਾ ਅਤੇ ਸਮੇਂ ਦੀ ਸਹੀ ਵਰਤੋਂ ਕਰਨੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ, ਨਿਮਰਤਾ ਅਤੇ ਸ਼ੁਕਰਗੁਜ਼ਾਰੀ ਨੂੰ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਮੁਸ਼ਕਲਾਂ ਤੋਂ ਘਬਰਾਉਣ ਦੀ ਬਜਾਏ ਹਿੰਮਤ ਨਾਲ ਉਨ੍ਹਾਂ ਦਾ ਸਾਹਮਣਾ ਕਰਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ’ਤੇ ਬੇਲੋੜਾ ਸਮਾਂ ਬਿਤਾਉਣ ਦੀ ਥਾਂ ਚੰਗੀਆਂ ਕਿਤਾਬਾਂ ਪੜ੍ਹਨ ਅਤੇ ਗਿਆਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸੁਸਾਇਟੀ ਦੇ ਪ੍ਰਧਾਨ ਅਜੇ ਅਲੀਪੁਰੀਆ ਨੇ ਕਿਹਾ ਕਿ ਜੇਕਰ ਹਰ ਵਿਅਕਤੀ ਇਕ ਲੋੜਵੰਦ ਬੱਚੇ ਦੀ ਪੂਰੀ ਸਿੱਖਿਆ ਦੀ ਜ਼ਿੰਮੇਵਾਰੀ ਲਵੇ ਤਾਂ ਉਸ ਦੇ ਪਰਿਵਾਰ ਅਤੇ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਬਦਲਿਆ ਜਾ ਸਕਦਾ ਹੈ। ਇਸ ਸਮੇਂ ਕਰੀਬ 35 ਵਿਦਿਆਰਥੀ ਸੀਏ ਦੀ ਪੜ੍ਹਾਈ ਕਰ ਰਹੇ ਹਨ। ਇਸ ਮੌਕੇ ਅਨੁਰਾਧਾ ਅਲੀਪੁਰੀਆ, ਡਾ. ਗੁਰਪ੍ਰੀਤ ਸਿੱਧੂ, ਅਭਿਸ਼ੇਕ ਗੁਪਤਾ, ਗਿਤੇਸ਼ ਸਿੰਗਲਾ, ਸੰਜੇ ਸਿੰਗਲਾ, ਰਾਜੀਵ ਸਿੰਗਲਾ, ਡਾ. ਬ੍ਰਿਜੇਸ਼ ਮੋਦੀ ਅਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।