ਮਹਾਂਪੰਚਾਇਤ ’ਚ ਸ਼ਮੂਲੀਅਤ ਤੇ ਕੀਤੀਆਂ ਵਿਚਾਰਾਂ
ਮਹਾਂਪੰਚਾਇਤ ’ਚ ਸ਼ਮੂਲੀਅਤ ਤੇ ਕੀਤੀਆਂ ਵਿਚਾਰਾਂ
Publish Date: Sat, 28 Feb 2026 04:38 PM (IST)
Updated Date: Sat, 28 Feb 2026 04:40 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ ਦੀ ਅਗਵਾਈ ਹੇਠ ਸਥਾਨਕ ਗਦਰ ਮੈਮੋਰੀਅਲ ਭਵਨ ਵਿਖੇ ਹੋਈ, ਜਿਸ ਵਿੱਚ ਬਠਿੰਡਾ ਜ਼ਿਲ੍ਹੇ ਵਿੱਚ ਬੀਕੇਯੂ ਏਕਤਾ ਉਗਰਾਹਾਂ ਦੇ ਵਰਕਰਾਂ ਉੱਪਰ ਹੋਏ ਤਸ਼ੱਦਦ ਖਿਲਾਫ 6 ਮਾਰਚ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ ਜਬਰ ਵਿਰੋਧੀ ਰੈਲੀ ਅਤੇ 10 ਮਾਰਚ ਨੂੰ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਬਰਨਾਲੇ ਦੀ ਅਨਾਜ ਮੰਡੀ ਵਿਖੇ ਭਾਰਤ ਅਮਰੀਕਾ ਟੈਕਸ ਮੁਕਤ ਵਪਾਰ ਸਮਝੌਤੇ ਸਮੇਤ ਬਾਕੀ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮਹਾਂਪੰਚਾਇਤ ’ਚ ਸ਼ਮੂਲੀਅਤ ਕਰਨ ਸਬੰਧੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਯੂਥ ਵਿੰਗ ਦੇ ਸੂਬਾ ਆਗੂ ਭੁਪਿੰਦਰ ਸਿੰਘ ਲੌਂਗੋਵਾਲ, ਜ਼ਿਲ੍ਹਾ ਸਕੱਤਰ ਦਰਸ਼ਨ ਸਿੰਘ ਕੁੰਨਰਾਂ ਅਤੇ ਸੀਨੀਅਰ ਮੀਤ ਪ੍ਰਧਾਨ ਭਜਨ ਸਿੰਘ ਢੱਡਰੀਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਲੰਬੀ ਵਿਚਾਰ ਚਰਚਾ ਕਰਕੇ ਫੈਸਲਾ ਕੀਤਾ ਗਿਆ ਕਿ ਜੋ ਪਿਛਲੇ ਦਿਨੀਂ ਬਠਿੰਡਾ ਜ਼ਿਲ੍ਹੇ ਦੇ ਪਿੰਡ ਜਿਉਂਦ ਵਿਖੇ ਕਿਸਾਨਾਂ ਤੇ ਤਸ਼ੱਦਦ ਕੀਤਾ ਗਿਆ ਤੇ ਇੱਕ ਕਿਸਾਨ ਦੀ ਲੱਤ ਤੋੜ ਦਿੱਤੀ ਗਈ। ਉਸ ਜਬਰ ਖਿਲਾਫ ਇਨਸਾਫ ਪਸੰਦ ਜਥੇਬੰਦੀਆਂ ਵੱਲੋਂ 6 ਮਾਰਚ ਨੂੰ ਬਠਿੰਡਾ ਵਿਖੇ ਰੱਖੇ ਗਏ ਰੋਸ ਪ੍ਰਦਰਸ਼ਨ ਵਿੱਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਵੀ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਇਸੇ ਤਰ੍ਹਾਂ ਕੇਂਦਰ ਸਰਕਾਰ ਵੱਲੋਂ ਕੀਤੇ ਜਾ ਰਹੇ ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤੇ, ਬਿਜਲੀ ਸੋਧ ਬਿੱਲ 2025, ਬੀਜ ਬਿੱਲ 2025 ਸਮੇਤ ਕਿਸਾਨਾਂ ਦੀ ਕਰਜ਼ਾ ਮੁਕਤੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਬਰਨਾਲਾ ਦੀ ਅਨਾਜ ਮੰਡੀ ਵਿਖੇ 10 ਮਾਰਚ ਨੂੰ ਕੀਤੀ ਜਾ ਰਹੀ ਮਹਾਂਪੰਚਾਇਤ ਦੀਆਂ ਤਿਆਰੀਆਂ ਸਬੰਧੀ ਵੀ ਡਿਊਟੀਆਂ ਲਾਈਆਂ ਗਈਆਂ ਅਤੇ ਫੈਸਲਾ ਕੀਤਾ ਗਿਆ ਕਿ ਵੱਖ-ਵੱਖ ਪਿੰਡਾਂ ਵਿੱਚ ਬਲਾਕ ਅਤੇ ਜ਼ਿਲ੍ਹਾ ਆਗੂਆਂ ਦੀ ਅਗਵਾਈ ਹੇਠ ਟੀਮਾਂ ਵੱਲੋਂ ਰੈਲੀਆਂ ਕਰ ਕੇ ਲੋਕਾਂ ਦੀ ਜਨਤਕ ਲਾਮਬੰਦੀ ਕੀਤੀ ਜਾਵੇਗੀ ਅਤੇ ਵੱਡੀ ਪੱਧਰ ਤੇ ਕਿਸਾਨਾਂ ਦੀ ਸਮੂਲੀਅਤ ਕਰਵਾਈ ਜਾਵੇਗੀ। ਇਸ ਮੌਕੇ ਜ਼ਿਲ੍ਹਾ ਆਗੂ ਕਰਮਜੀਤ ਸਿੰਘ ਸਤੀਪੁਰਾ, ਗੁਰਮੇਲ ਸਿੰਘ ਉਭਾਵਾਲ, ਹਰਦਮ ਸਿੰਘ ਰਾਜੋਮਾਜਰਾ, ਰੁਪਿੰਦਰ ਸਿੰਘ ਚੌਂਦਾ, ਮਾਨ ਸਿੰਘ ਸੱਦੋਪੁਰ, ਅਵਤਾਰ ਸਿੰਘ ਸਾਹੋਕੇ, ਰਣਜੀਤ ਸਿੰਘ ਚੱਠੇ, ਸਤਵਿੰਦਰ ਸਿੰਘ ਅਤੇ ਹਰਦੀਪ ਸਿੰਘ ਬਹਾਦਰਪੁਰ,ਹਰਦੇਵ ਸਿੰਘ ਦੁਲਟ,ਭੋਲਾ ਸਿੰਘ ਪਨਾਂਚ,ਸੁਖਦੇਵ ਸਿੰਘ ਅਤੇ ਬਲਵੀਰ ਸਿੰਘ ਕੁੰਨਰਾਂ ਹਾਜ਼ਰ ਸਨ।