ਗਵਰਨਰ ਦੇ ਆਉਣ ਤੋਂ ਪਹਿਲਾਂ ਪਟਿਆਲਾ ਦੇ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਹਿਸ਼ਤ ਦਾ ਮਾਹੌਲ; ਸਰਚ ਆਪਰੇਸ਼ਨ ਜਾਰੀ
ਪੁਲਿਸ ਟੀਮਾਂ ਵੱਲੋਂ ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ। ਅਸੀਂ ਲੋੜੀਂਦੇ ਸੁਰੱਖਿਆ ਕਦਮ ਚੁੱਕ ਰਹੇ ਹਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
Publish Date: Thu, 09 Apr 2026 11:56 AM (IST)
Updated Date: Thu, 09 Apr 2026 12:13 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਗਵਰਨਰ ਗੁਲਾਬ ਚੰਦ ਕਟਾਰੀਆ ਪੰਜਾਬੀ ਯੂਨੀਵਰਸਿਟੀ ਵਿੱਚ ਹੋਣ ਜਾ ਰਹੀ ਕਨਵੋਕੇਸ਼ਨ ਵਿਚ ਹਿੱਸਾ ਲੈਣ ਲਈ ਆ ਰਹੇ ਹਨ। ਇਸਤੋਂ ਪਹਿਲਾਂ ਪਟਿਆਲਾ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੇ ਪੁਲਿਸ ਨੂੰ ਵੀ ਭਾਜੜ ਪਾ ਦਿੱਤੀ ਹੈ।
ਪਟਿਆਲਾ ਵਿੱਚ ਅੱਜ ਉਸ ਸਮੇਂ ਭਾਜੜਾਂ ਪੈ ਗਈਆਂ ਜਦੋਂ ਸ਼ਹਿਰ ਦੇ ਪ੍ਰਮੁੱਖ ਵਿਦਿਅਕ ਅਦਾਰਿਆਂ, ਜਿਨ੍ਹਾਂ ਵਿੱਚ ਵੱਕਾਰੀ ਯਾਦਵਿੰਦਰਾ ਪਬਲਿਕ ਸਕੂਲ ਵੀ ਸ਼ਾਮਲ ਹੈ, ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਇਹ ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲ ਪ੍ਰਬੰਧਕਾਂ ਅਤੇ ਮਾਪਿਆਂ ਵਿੱਚ ਭਾਰੀ ਸਹਿਮ ਦਾ ਮਾਹੌਲ ਬਣ ਗਿਆ।
ਧਮਕੀ ਭਰੀ ਸੂਚਨਾ ਮਿਲਦੇ ਹੀ ਕਈ ਸਕੂਲਾਂ ਨੇ ਬਿਨਾਂ ਕੋਈ ਦੇਰੀ ਕੀਤੇ ਸੁਰੱਖਿਆ ਨੂੰ ਮੁੱਖ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਬੱਚਿਆਂ ਨੂੰ ਛੁੱਟੀ ਕਰ ਦਿੱਤੀ। ਅਚਾਨਕ ਹੋਈ ਇਸ ਛੁੱਟੀ ਕਾਰਨ ਸਕੂਲਾਂ ਦੇ ਬਾਹਰ ਮਾਪਿਆਂ ਦੀ ਭਾਰੀ ਭੀੜ ਇਕੱਠੀ ਹੋ ਗਈ, ਜੋ ਆਪਣੇ ਬੱਚਿਆਂ ਦੀ ਸਲਾਮਤੀ ਨੂੰ ਲੈ ਕੇ ਚਿੰਤਤ ਨਜ਼ਰ ਆਏ। ਸਕੂਲ ਪ੍ਰਬੰਧਕਾਂ ਅਨੁਸਾਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਸਾਵਧਾਨੀ ਵਜੋਂ ਇਹ ਕਦਮ ਚੁੱਕਿਆ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਪਟਿਆਲਾ ਪੁਲਿਸ ਹਰਕਤ ਵਿੱਚ ਆ ਗਈ। ਡੀ.ਐਸ.ਪੀ. (ਡੀ) ਗੁਰਬਖਸ਼ ਸਿੰਘ ਬੈਂਸ ਨੇ ਮਾਮਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸੂਚਨਾ ਮਿਲਣ ਸਾਰ ਹੀ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਅਤੇ ਬੰਬ ਨਿਰੋਧਕ ਦਸਤੇ ਮੌਕੇ 'ਤੇ ਰਵਾਨਾ ਕਰ ਦਿੱਤੇ ਗਏ ਹਨ।ਡੀ.ਐਸ.ਪੀ. (ਡੀ) ਅਨੁਸਾਰ "ਅਸੀਂ ਸਥਿਤੀ 'ਤੇ ਪੂਰੀ ਨਜ਼ਰ ਰੱਖ ਰਹੇ ਹਾਂ। ਪੁਲਿਸ ਟੀਮਾਂ ਵੱਲੋਂ ਸਕੂਲ ਕੰਪਲੈਕਸਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਬੱਚਿਆਂ ਅਤੇ ਸਟਾਫ ਦੀ ਸੁਰੱਖਿਆ ਸਾਡੀ ਸਭ ਤੋਂ ਪਹਿਲੀ ਤਰਜੀਹ ਹੈ। ਅਸੀਂ ਲੋੜੀਂਦੇ ਸੁਰੱਖਿਆ ਕਦਮ ਚੁੱਕ ਰਹੇ ਹਾਂ ਅਤੇ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਹ ਧਮਕੀ ਈ-ਮੇਲ ਰਾਹੀਂ ਆਈ ਹੈ ਜਾਂ ਕਿਸੇ ਹੋਰ ਮਾਧਿਅਮ ਰਾਹੀਂ। ਸਾਈਬਰ ਸੈੱਲ ਦੀ ਮਦਦ ਨਾਲ ਧਮਕੀ ਦੇ ਸਰੋਤ ਦਾ ਪਤਾ ਲਗਾਇਆ ਜਾ ਰਿਹਾ ਹੈ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਬਰਾਉਣ ਨਾ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਵਿਅਕਤੀ ਦੀ ਸੂਚਨਾ ਤੁਰੰਤ ਪ੍ਰਸ਼ਾਸਨ ਨੂੰ ਦੇਣ। ਸ਼ਹਿਰ ਦੇ ਹੋਰਨਾਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਵੀ ਗਸ਼ਤ ਵਧਾ ਦਿੱਤੀ ਗਈ ਹੈ।