ਪੰਜਾਬ ਸਰਕਾਰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ : ਮਾਨ 29 ਹਜ਼ਾਰ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਤਿੰਨ ਲੱਖ ਔਰਤਾਂ
Publish Date: Wed, 19 Aug 2026 08:17 PM (IST)
Updated Date: Thu, 20 Aug 2026 04:06 AM (IST)
ਫੋਟੋ–38 ਕੈਪਸ਼ਨ–ਧੂਰੀ ਵਿੱਚ ਸਮਾਗਮ ਦੌਰਾਨ ਧੀਆਂ ਨੂੰ ਸਨਮਾਨਿਤ ਕਰਦੇ ਹੋਏ ਸੀਐੱਮ ਮਾਨ। ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਨਾਂ ਕਿਸੇ ਪੱਖਪਾਤ ਤੇ ਨਿੱਜੀ ਸਵਾਰਥ ਦੇ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦੀ ਬਦੌਲਤ ਅੱਜ ਲੱਖਾਂ-ਕਰੋੜਾਂ ਨਾਗਰਿਕ ਸਰਕਾਰੀ ਸਹੂਲਤਾਂ ਦਾ ਲਾਭ ਲੈ ਰਹੇ ਹਨ। ਇਹ ਵਿਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਖੇ ਤੀਜ ਦੇ ਸਬੰਧ ਵਿੱਚ ਕਰਵਾਏ ਗਏ ਮੇਲਾ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਪੰਜਾਬ ਦੇ 23 ’ਚੋਂ 9 ਜ਼ਿਲ੍ਹਿਆਂ ’ਚ ਮਹਿਲਾਵਾਂ ਡਿਪਟੀ ਕਮਿਸ਼ਨਰ ਤੇ 8 ਜ਼ਿਲ੍ਹਿਆਂ ’ਚ ਮਹਿਲਾਵਾਂ ਸੀਨੀਅਰ ਪੁਲਿਸ ਕਪਤਾਨ ਵਜੋਂ ਸੇਵਾਵਾਂ ਨਿਭਾ ਰਹੀਆਂ ਹਨ। ਇਹ ਇਸ ਗੱਲ ਦਾ ਸਬੂਤ ਹੈ ਕਿ ਧੀਆਂ ਨੂੰ ਮੌਕਾ ਮਿਲਣ ’ਤੇ ਉਹ ਕਿਸੇ ਵੀ ਮੁਕਾਮ ਨੂੰ ਹਾਸਲ ਕਰ ਸਕਦੀਆਂ ਹਨ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ। ਹੁਣ ਤੱਕ 3 ਲੱਖ ਤੋਂ ਵੱਧ ਮਰੀਜ਼ 1,100 ਕਰੋੜ ਰੁਪਏ ਦੇ ਕੈਸ਼ਲੈੱਸ ਇਲਾਜ ਦਾ ਲਾਭ ਲੈ ਚੁੱਕੇ ਹਨ। ਸੂਬੇ ਵਿੱਚ 1,090 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ ਰੋਜ਼ਾਨਾ ਕਰੀਬ 92 ਹਜ਼ਾਰ ਲੋਕ ਇਲਾਜ ਕਰਵਾ ਰਹੇ ਹਨ। ਇਨ੍ਹਾਂ ਕਲੀਨਿਕਾਂ ਦੀ ਓਪੀਡੀ ਵਿੱਚ ਹੁਣ ਤੱਕ ਕਰੀਬ 6 ਕਰੋੜ ਮਰੀਜ਼ਾਂ ਦੀ ਆਮਦ ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ 1,587 ਅਜਿਹੇ ਪਿੰਡਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਿਆ ਹੈ, ਜਿੱਥੇ ਪਹਿਲਾਂ ਕਦੇ ਨਹਿਰ ਦਾ ਪਾਣੀ ਨਹੀਂ ਪਹੁੰਚਿਆ ਸੀ। ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਰਕਾਰ ਵੱਲੋਂ 7,200 ਕਰੋੜ ਰੁਪਏ ਖਰਚ ਕੀਤੇ ਗਏ ਹਨ। ਸੀਐੱਮ ਮਾਨ ਨੇ ਕਿਹਾ ਕਿ ਸੂਬੇ ਵਿੱਚ 45 ਹਜ਼ਾਰ ਕਿਲੋਮੀਟਰ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਦਾ ਕੰਮ ਕੀਤਾ ਜਾ ਰਿਹਾ ਹੈ। ਜੁਲਾਈ 2022 ਤੋਂ ਕਰੀਬ 90 ਫ਼ੀਸਦੀ ਘਰੇਲੂ ਖਪਤਕਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਉਨ੍ਹਾਂ ਦੇ ਬਿਜਲੀ ਬਿੱਲ ਸਿਫਰ ਆ ਰਹੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ’ਤੇ ਹੁਣ ਤੱਕ 69 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਸਮਾਗਮ ਵਿੱਚ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ, ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਮਹਿਲਾ ਕਮਿਸ਼ਨ ਦੀ ਚੇਅਰਪਰਸਨ ਅਤੇ ਕੌਸਲਰ ਆਦਿ ਹਾਜ਼ਰ ਸਨ। ਧੂਰੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਮੁੱਖ ਮੰਤਰੀ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਪੁੱਜੇ। ਉੱਥੇ ਉਨ੍ਹਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਗੁਰਦੁਆਰਾ ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ ਗਿਆ।