ਆਜ਼ਾਦੀ ਪ੍ਰਾਪਤ ਕਰਨ ਲਈ ਹੋਰ ਲੰਮਾ ਸਮਾਂ ਗ਼ੁਲਾਮੀ ਸਹਿਣੀ ਪੈਂਦੀ : ਪ੍ਰੋ. ਚੰਦੂਮਾਜਰਾ ਆਜ਼ਾਦੀ ਪ੍ਰਾਪਤ ਕਰਨ ਲਈ ਹੋਰ ਲੰਮਾ ਸਮਾਂ ਗ਼ੁਲਾਮੀ ਸਹਿਣੀ ਪੈਂਦੀ: ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ
Publish Date: Thu, 30 Jul 2026 05:44 PM (IST)
Updated Date: Fri, 31 Jul 2026 04:08 AM (IST)
ਜੀਐੱਸ ਮਹਿਰੋਕ, ਪੰਜਾਬੀ ਜਾਗਰਣ ਦੇਵੀਗਡ਼੍ਹ : ਸ਼ਹੀਦ ਊਧਮ ਸਿੰਘ ਨੌਜਵਾਨ ਸਭਾ ਸਨੌਰ ਵੱਲੋਂ ਗੁਰਦੁਆਰਾ ਭੁਨੇਹੜੀ ਵਿਖੇ ਸ਼ਹੀਦ ਊਧਮ ਸਿੰਘ ਦਾ 87ਵਾਂ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਦੇ ਪਰਿਵਾਰਕ ਮੈਂਬਰਾਂ, ਅੰਤਰਰਾਸ਼ਟਰੀ ਸਰਬ ਕੰਬੋਜ ਮਹਾਸਭ ਦੇ ਪ੍ਰਧਾਨ ਚੌਧਰੀ ਦੌਲਤ ਰਾਮ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼ਹੀਦ ਦੇ ਦੋਹਤੇ ਦੇ ਪੋਤੇ ਅਜੀਤ ਸਿੰਘ ਸੁਨਾਮ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੰਡਨ ਦੀ ਧਰਤੀ ਤੇ ਲੈ ਕੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਇਹ ਇਤਿਹਾਸਕ ਕਾਰਨਾਮਾ ਨਾ ਹੁੰਦਾ ਤਾਂ ਭਾਰਤ ਨੂੰ ਆਜ਼ਾਦੀ ਹਾਸਲ ਕਰਨ ਲਈ ਹੋਰ ਲੰਬਾ ਸੰਘਰਸ਼ ਕਰਨਾ ਪੈਂਦਾ। ਉਨ੍ਹਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਆਦਰਸ਼ਾਂ ਤੇ ਚੱਲਦਿਆਂ ਨਸ਼ਿਆਂ, ਬੇਰੁਜ਼ਗਾਰੀ, ਗਰੀਬੀ ਅਤੇ ਸਮਾਜਿਕ ਬੁਰਾਈਆਂ ਖ਼ਿਲਾਫ਼ ਸੰਘਰਸ਼ ਕਰਨ ਦਾ ਸੱਦਾ ਦਿੱਤਾ। ਪ੍ਰੋ. ਚੰਦੂਮਾਜਰਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼ਹੀਦ ਊਧਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਸਮੇਤ ਹੋਰ ਕ੍ਰਾਂਤੀਕਾਰੀਆਂ ਨੂੰ ਸਰਕਾਰੀ ਸ਼ਹੀਦਾਂ ਦੀ ਸੂਚੀ ਵਿੱਚ ਯੋਗ ਸਥਾਨ ਦਿੱਤਾ ਜਾਵੇ। ਅੰਤਰਰਾਸ਼ਟਰੀ ਸਰਬ ਕੰਬੋਜ ਮਹਾਸਭ ਦੇ ਪ੍ਰਧਾਨ ਚੌਧਰੀ ਦੌਲਤ ਰਾਮ ਨੇ ਕਿਹਾ ਕਿ ਜਲ੍ਹਿਆਂਵਾਲਾ ਬਾਗ ਦੇ ਮੁੱਖ ਦਰਵਾਜ਼ੇ ਤੇ ਸ਼ਹੀਦ ਊਧਮ ਸਿੰਘ ਦਾ ਬੁੱਤ ਸਥਾਪਿਤ ਕਰਵਾਉਣ ਵਿੱਚ ਪ੍ਰੋ. ਚੰਦੂਮਾਜਰਾ ਦਾ ਅਹਿਮ ਯੋਗਦਾਨ ਰਿਹਾ ਹੈ, ਜਿਸ ਨਾਲ ਸ਼ਹੀਦ ਦੀ ਯਾਦ ਨੂੰ ਸਦੀਵੀ ਸਨਮਾਨ ਮਿਲਿਆ ਹੈ। ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਨੂੰ ਕੌਮੀ ਹਿੱਤਾਂ ਅਤੇ ਮਨੁੱਖੀ ਕਦਰਾਂ-ਕੀਮਤਾਂ ਲਈ ਸਮਰਪਿਤ ਹੋ ਕੇ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਦਿੰਦੀਆਂ ਹਨ। ਸਮਾਗਮ ਦੌਰਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਅਤੇ ਨੌਜਵਾਨਾਂ ਨੂੰ ਦੇਸ਼ ਭਗਤੀ ਅਤੇ ਸਮਾਜ ਸੇਵਾ ਦੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ ਗਿਆ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਇਲਾਕੇ ਦੇ ਪਤਵੰਦੇ ਸੱਜਣ ਸ਼ਾਮਲ ਸਨ। ਇਸ ਸਮੇਂ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਐੱਸਜੀਪੀਸੀ ਮੈਂਬਰ ਜਰਨੈਲ ਸਿੰਘ ਕਰਤਾਰਪੁਰ, ਜਸਵਿੰਦਰ ਸਿੰਘ ਰਾਣਾ ਪ੍ਰਧਾਨ ਆਡ਼ਤੀ ਐਸੋਸੀਏਸ਼ਨ, ਬਿਕਰਮ ਸਿੰਘ ਫਰੀਦਪੁਰ, ਕੈਪਟਨ ਖੁਸ਼ਵੰਤ ਸਿੰਘ, ਵਰਿੰਦਰ ਸਿੰਘ ਪੀ.ਏ., ਗੁਰਮੁੱਖ ਸਿੰਘ ਸੁਹਾਗਹੇਡ਼ੀ, ਰਵਿੰਦਰ ਸਿੰਘ, ਹਰਦੇਵ ਸਿੰਘ ਹਰਪਾਲਪੁਰ, ਚੋਧਰੀ ਨਿਰਮਲ ਸਿੰਘ ਭੱਟੀਆਂ, ਰਾਕੇਸ਼ ਕੁਮਾਰ ਬੱਗਾ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਲਵਾਈ।