ਮੀਟਿੰਗ ਦੇ ਭਰੋਸੇ ਤੋਂ ਬਾਅਦ ਅੱਜ ਦਾ ਧਰਨਾ ਮੁਲਤਵੀ
ਮੀਟਿੰਗ ਦੇ ਭਰੋਸੇ ਤੋਂ ਬਾਅਦ ਅੱਜ ਦਾ ਧਰਨਾ ਮੁਲਤਵੀ
Publish Date: Sun, 05 Apr 2026 05:40 PM (IST)
Updated Date: Mon, 06 Apr 2026 04:04 AM (IST)

ਮੀਟਿੰਗ ’ਚ ਮੰਗਾਂ ਦਾ ਨਿਪਟਾਰਾ ਨਾ ਹੋਇਆ ਤਾਂ 11 ਅਪ੍ਰੈਲ ਨੂੰ ਜ਼ਿਲ੍ਹਾ ਪੱਧਰੀ ਪ੍ਰਦਰਸ਼ਨ ਹੋਵੇਗਾ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਤੇ ਗੁਰਪ੍ਰੀਤ ਸਿੰਘ ਬਾਲੇਵਾਲ ਨੇ ਦੱਸਿਆ ਕਿ ਵਿਭਾਗ ਅਧੀਨ ਇਕ ਵਰਕਰ ਦੇ ਰੂਪ ਵਿਚ ਪਿਛਲੇ 18-20 ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਵੱਲੋਂ ਪਿਛਲੀਆਂ ਸਰਕਾਰਾਂ ਤੇ ਮੌਜੂਦਾ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਮਨਵਾਉਣ ਲਈ ਸੰਘਰਸ਼ ਕੀਤੇ ਪਰ ਸਰਕਾਰਾਂ ਦੇ ਭਰੋਸੇ ਦੇ ਬਾਅਦ ਵੀ ਅੱਜ ਤੱਕ ਕੋਈ ਬੂਰ ਨਹੀਂ ਪਿਆ, ਜਿਸ ਕਰਕੇ ਵਰਕਰਾਂ ਵਿਚ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਕਿਹਾ ਗਿਆ ਹੈ ਕਿ ਵਰਕਰਾਂ ਨੂੰ ਵਿਭਾਗ ਅਧੀਨ ਲਿਆ ਕੇ ਰੈਗੂਲਰ ਕਰਨ ਸਬੰਧੀ ਪ੍ਰਪੋਜ਼ਲ ਪੰਜਾਬ ਸਰਕਾਰ ਨੂੰ ਪੇਸ਼ ਕਰ ਦਿੱਤੀ ਹੈ, ਜਿਸ ਸਬੰਧੀ ਜਥੇਬੰਦੀ ਨਾਲ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ, ਸਬ ਕਮੇਟੀ ਤੇ ਵਿਭਾਗੀ ਅਧਿਕਾਰੀਆਂ ਨਾਲ ਸੈਂਕੜੇ ਮੀਟਿੰਗ ਹੋ ਚੁੱਕੀਆਂ ਹਨ ਜਿਸ ’ਤੇ ਹਰ ਵਾਰ ਟਾਲ-ਮਟੋਲ ਦੀ ਨੀਤੀ ਅਪਣਾਈ ਜਾਂਦੀ ਹੈ। ਜਥੇਬੰਦੀ ਵੱਲੋਂ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ ਮੁੱਖ ਮੰਤਰੀ ਪੰਜਾਬ ਸਰਕਾਰ ਭਗਵੰਤ ਸਿੰਘ ਮਾਨ ਦੀ ਕੋਠੀ ਦਾ 6 ਅਪ੍ਰੈਲ ਨੂੰ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਇਸ ਦੇ ਦਬਾਅ ਸਦਕਾ ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਵੱਲੋਂ 10 ਅਪ੍ਰੈਲ ਨੂੰ ਸਬ ਕਮੇਟੀ ਪੰਜਾਬ ਸਰਕਾਰ ਸਮੇਤ ਵਿਭਾਗੀ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੀਟਿੰਗ ਤੈਅ ਕੀਤੀ ਗਈ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਮੀਟਿੰਗ ਕਰਨ ਤੋਂ ਟਾਲਮਟੋਲ ਕੀਤਾ ਜਾਂ ਮੀਟਿੰਗ ਦੌਰਾਨ ਮੰਗਾਂ ਦਾ ਨਿਪਟਾਰਾ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਲਗਾਤਾਰ ਵਾਅਦਾ ਖ਼ਿਲਾਫੀ ਸਮਝਦੇ ਹੋਏ 11 ਅਪ੍ਰੈਲ ਨੂੰ ਸੂਬੇ ਭਰ ’ਚ ਜ਼ਿਲ੍ਹਾ ਪੱਧਰੀ ਤੇ ਪੰਜਾਬ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਜਿਸ ਦੇ ਤਹਿਤ ਸੰਗਰੂਰ ਦੇ ਡੀਸੀ ਦਫਤਰ ਅੱਗੇ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜਾਹਰਾ ਕੀਤਾ ਜਾਵੇਗਾ ਤਿੱਖੇ ਤੇ ਆਰ-ਪਾਰ ਦੇ ਸੰਘਰਸ਼ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ। ਇਸ ਮੌਕੇ ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ ਤੇ ਹਰਜਿੰਦਰ ਸਿੰਘ ਮਾਨ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ, ਸੂਬਾ ਜੁਆਇੰਟ ਸਕੱਤਰ ਸੁਖਵਿੰਦਰ ਸਿੰਘ ਖਰਲ, ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਸੂਬਾ ਮੀਤ ਪ੍ਰਧਾਨ ਲਾਲ ਸਿੰਘ ਗੁਰਦਾਸਪੁਰ, ਸੂਬਾ ਮੀਤ ਪ੍ਰਧਾਨ ਜਰਨੈਲ ਸਿੰਘ ਫਤਿਹਗੜ੍ਹ ਸਾਹਿਬ, ਸੂਬਾ ਪ੍ਰਚਾਰ ਸਕੱਤਰ ਇੰਦਰਜੀਤ ਸਿੰਘ ਕਪੂਰਥਲਾ, ਸੂਬਾ ਜੁਆਇੰਟ ਪ੍ਰੈੱਸ ਸਕੱਤਰ ਬਲਵੀਰ ਸਿੰਘ ਹਿਰਦਾਪੁਰ, ਸੂਬਾ ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਬਠਿੰਡਾ, ਜੁਆਇੰਟ ਵਿੱਤ ਸਕੱਤਰ ਜਸਵੀਰ ਸਿੰਘ ਮਾਨਸਾ ਆਦਿ ਹਾਜ਼ਰ ਸਨ।