ਟੋਲ ਪਲਾਜਾ ਵਰਕਰਾਂ ਨੇ ਕੀਤਾ ਪ੍ਰਦਰਸ਼ਨ
ਟੋਲ ਪਲਾਜਾ ਵਰਕਰਾਂ ਨੇ ਕੀਤਾ ਪ੍ਰਦਰਸ਼ਨ
Publish Date: Sat, 11 Apr 2026 05:58 PM (IST)
Updated Date: Sun, 12 Apr 2026 04:06 AM (IST)

ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਕਾਲਾਝਾੜ ਟੋਲ ਪਲਾਜ਼ਾ ’ਤੇ ਕੇਂਦਰ ਸਰਕਾਰ ਦੀ ਨਵੀਂ ਕੈਸ਼ਲੈਸ਼ ਪਾਲਿਸੀ ਦੇ ਵਿਰੋਧ ’ਚ ਤਿੱਖਾ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਕੇਂਦਰ ਸਰਕਾਰ ਦੇ ਪੁਤਲੇ ਫੂਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ, ਸੂਬਾ ਜਨਰਲ ਸਕੱਤਰ ਸੁਖਜੀਤ ਸੰਧੂ, ਸੂਬਾ ਮੀਤ ਪ੍ਰਧਾਨ ਰਾਜਵੰਤ ਸਿੰਘ ਖਾਲਸਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਟੋਲ ਪਲਾਜ਼ਿਆਂ ’ਤੇ ਕੈਸ਼ ਲੈਣ ਦੀ ਪ੍ਰਕਿਰਿਆ ਨੂੰ ਬੰਦ ਕਰ ਕੇ ਸਿਰਫ ਯੂਪੀਆਈ ਤੇ ਨੈਟ ਬੈਂਕਿੰਗ ਰਾਹੀਂ ਹੀ ਭੁਗਤਾਨ ਕਰਨ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ, ਜੋ ਆਮ ਲੋਕਾਂ ਲਈ ਬਹੁਤ ਮੁਸ਼ਕਲਾਂ ਪੈਦਾ ਕਰੇਗੀ। ਉਨ੍ਹਾਂ ਨੇ ਦੱਸਿਆ ਕਿ ਦੇਸ਼ ਦੇ ਵੱਡੇ ਹਿੱਸੇ ਦੇ ਲੋਕ ਅਜੇ ਵੀ ਆਨਲਾਈਨ ਭੁਗਤਾਨ ਪ੍ਰਣਾਲੀ ਨਾਲ ਪੂਰੀ ਤਰ੍ਹਾਂ ਨਹੀਂ ਜੁੜੇ ਹੋਏ, ਜਿਸ ਕਾਰਨ ਇਹ ਨੀਤੀ ਉਨ੍ਹਾਂ ਲਈ ਪਰੇਸ਼ਾਨੀ ਦਾ ਕਾਰਨ ਬਣੇਗੀ। ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਆਗੂਆਂ ਨੇ ਇਹ ਵੀ ਕਿਹਾ ਕਿ ਸਰਕਾਰ ਆਪਣੇ ਹੀ ਦੇਸ਼ ਦੀ ਕਰੰਸੀ ਨੂੰ ਸਵੀਕਾਰ ਕਰਨ ਤੋਂ ਇਨਕਾਰ ਕਰ ਰਹੀ ਹੈ, ਜੋ ਕਿ ਨਿੰਦਣਯੋਗ ਹੈ। ਇਸ ਮੌਕੇ ’ਤੇ ਉਨ੍ਹਾਂ ਨੇ ਕੇਂਦਰ ਸਰਕਾਰ ਤੇ ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਇਹ ਕੈਸ਼ਲੈਸ਼ ਪਾਲਿਸੀ ਤੁਰੰਤ ਰੱਦ ਨਾ ਕੀਤੀ ਗਈ ਤਾਂ 15 ਅਪ੍ਰੈਲ 2026 ਤੋਂ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਅਣਮਿੱਥੇ ਸਮੇਂ ਲਈ ਫ੍ਰੀ ਕੀਤਾ ਜਾਵੇਗਾ। ਅੰਤ ਵਿੱਚ ਟੋਲ ਪਲਾਜ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਪਸ਼ਟ ਕੀਤਾ ਗਿਆ ਕਿ ਉਹ ਆਪਣੇ ਹੱਕਾਂ ਤੇ ਆਮ ਲੋਕਾਂ ਦੀਆਂ ਸਹੂਲਤਾਂ ਲਈ ਸੰਘਰਸ਼ ਜਾਰੀ ਰੱਖਣਗੇ ਤੇ ਲੋੜ ਪੈਣ ’ਤੇ ਆਉਣ ਵਾਲੇ ਦਿਨਾਂ ’ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।