ਟਰੇਡ ਜਥੇਬੰਦੀਆਂ ਦਾ ਸੰਗਰੂਰ ’ਚ ਰੋਸ ਪ੍ਰਦਰਸ਼ਨ
ਟਰੇਡ ਜਥੇਬੰਦੀਆਂ ਦਾ ਸੰਗਰੂਰ ’ਚ ਰੋਸ ਪ੍ਰਦਰਸ਼ਨ
Publish Date: Thu, 12 Feb 2026 05:29 PM (IST)
Updated Date: Fri, 13 Feb 2026 04:06 AM (IST)

ਪੀਆਰਟੀਸੀ ਕਾਮਿਆਂ ਤੇ ਤਸ਼ੱਦਦ ਤੇ ਗ੍ਰਿਫ਼ਤਾਰੀਆਂ ਦੀ ਨਿਖੇਧੀ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਕੇਂਦਰੀ ਟਰੇਡ ਯੂਨੀਅਨਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਦੇਸ਼ ਵਿਆਪੀ ਸੱਦੇ ਤਹਿਤ ਬੁੱਧਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਚਾਰ ਲੇਬਰ ਕੋਡ ਰੱਦ ਕਰਨ, ਮਨਰੇਗਾ ਬਹਾਲ ਕਰਨ, ਬਿਜਲੀ ਸੋਧ ਬਿੱਲ 2025 ਅਤੇ ਬੀਜ ਬਿੱਲ ਰੱਦ ਕਰਨ ਤੇ ਭਾਰਤ ਅਮਰੀਕਾ ਵਿਚਕਾਰ ਹੋਏ ਕਰ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਸੀ। ਸਵੇਰੇ ਜਦੋਂ ਪੀਆਰਟੀਸੀ ਕਾਮੇ ਹੜਤਾਲ ’ਤੇ ਗਏ ਤਾਂ ਬੱਸ ਸਟੈਂਡ ਵਿਚ ਰੋਸ ਪ੍ਰਦਰਸ਼ਨ ਕਰਨ ਤੋਂ ਪਹਿਲਾਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਬਾਕੀ ਜਥੇਬੰਦੀਆਂ ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਦੇ ਪੁੱਜਣ ’ਤੇ ਉਨ੍ਹਾਂ ਗ੍ਰਿਫ਼ਤਾਰ ਆਗੂਆਂ ਨੂੰ ਰਿਹਾਅ ਕੀਤਾ ਤੇ ਉਸ ਤੋਂ ਬਾਅਦ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਏਟਕ ਦੇ ਸੂਬਾ ਆਗੂ ਕਾਮਰੇਡ ਸੁਖਦੇਵ ਸ਼ਰਮਾ, ਪੈਪਸੀਕੋ ਦੇ ਆਗੂ ਹਰਿੰਦਰ ਸਿੰਘ ਤੇ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਦੇ ਆਗੂ ਮੇਲਾ ਸਿੰਘ, ਸੀਟੂ ਦੇ ਸੂਬਾ ਆਗੂ ਇੰਦਰਪਾਲ ਸਿੰਘ ਪੁੰਨਾਵਾਲ,ਪੀਆਰਟੀਸੀ ਠੇਕਾ ਮੁਲਾਜ਼ਮ ਆਗੂ ਹਰਪ੍ਰੀਤ ਸਿੰਘ ਅਤੇ ਸਤਬੀਰ ਸਿੰਘ ਤੁੰਗਾਂ, ਸੀਟੀਯੂ ਦੇ ਸੂਬਾ ਆਗੂ ਮਾਲਵਿੰਦਰ ਸਿੰਘ, ਰਾਣੋ ਖੇੜੀ ਗਿੱਲਾਂ ਤੇ ਮੁਲਾਜ਼ਮ ਆਗੂ ਫਕੀਰ ਚੰਦ ਨੇ ਕਿਹਾ ਕਿ ਉਪਰੋਕਤ ਕਾਨੂੰਨ ਬਣਾ ਕੇ ਅਤੇ ਬਿੱਲ ਲਿਆ ਕੇ ਕੇਂਦਰ ਸਰਕਾਰ ਮਜ਼ਦੂਰਾਂ, ਮੁਲਾਜ਼ਮਾਂ ਅਤੇ ਮਿਹਨਤਕਸ਼ ਤਬਕੇ ਦੇ ਹੱਕਾਂ ਤੇ ਡਾਕਾ ਮਾਰਨ ਦੇ ਰਾਹ ਪਈ ਹੈ। ਜਿਨ੍ਹਾਂ ਖ਼ਿਲਾਫ਼ ਇਕਜੁੱਟ ਸੰਘਰਸ਼ ਦੀ ਲੋੜ ਹੈ ਤੇ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਲੜਾਈ ਲੜਾਂਗੇ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਬੀਕੇਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਕਪਿਆਲ,ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਜਹਾਂਗੀਰ, ਦਰਸ਼ਨ ਸਿੰਘ ਕੁੰਨਰਾਂ,ਬੀਕੇਯੂ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਨਜੀਤ ਸਿੰਘ ਘਰਾਚੋਂ,ਜਗਤਾਰ ਸਿੰਘ ਲੱਡੀ, ਬੀਕੇਯੂ ਡਕੌਦਾ ਧਨੇਰ ਦੇ ਆਗੂ ਮੱਖਣ ਸਿੰਘ ਅਤੇ ਜਗਤਾਰ ਸਿੰਘ ਦੁੱਗਾਂ, ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਮੇਜਰ ਸਿੰਘ ਪੁੰਨਾਂਵਾਲ,ਕਿਸਾਨ ਸਭਾ ਅਜੇ ਭਵਨ ਦੇ ਜ਼ਿਲ੍ਹਾ ਆਗੂ ਨਿਰਮੁਲ ਸਿੰਘ ਬੱਟੜਿਆਣਾ ਅਤੇ ਜਮਹੂਰੀ ਕਿਸਾਨ ਸਭਾ ਦੇ ਸੂਬਾ ਆਗੂ ਉਧਮ ਸਿੰਘ ਸੰਤੋਖਪੁਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਦੇ ਫੈਸਲਿਆਂ ਦਾ ਵਿਰੋਧ ਕਰਨ ਦੀ ਥਾਂ ਪੰਜਾਬ ਸਰਕਾਰ ਉਪਰੋਕਤ ਮਾਮਲਿਆਂ ਖਿਲਾਫ ਉੱਠ ਰਹੇ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਦਬਾ ਕੇ ਕੇਂਦਰ ਸਰਕਾਰ ਦੇ ਰਾਹ ਤੇ ਚੱਲ ਰਹੀ ਹੈ। ਸਾਂਝੇ ਮਜ਼ਦੂਰ ਮੋਰਚੇ ਵਿੱਚੋਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜੋਨਲ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਆਗੂ ਗੋਬਿੰਦ ਸਿੰਘ ਛਾਜਲੀ ਨੇ ਤੁਰੰਤ ਲੇਬਰ ਕੋਡ ਰੱਦ ਕਰਕੇ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਕੀਤੀ ਅਤੇ ਮਜ਼ਦੂਰਾਂ ਨਾਲ ਵਾਰ-ਵਾਰ ਮੀਟਿੰਗਾਂ ਕਰਨ ਦੇ ਲਾਰੇ ਲਾ ਕੇ ਮੁੱਕਰਨ ਤੇ ਭਗਵੰਤ ਮਾਨ ਸਰਕਾਰ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੱਤਾ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਆਗੂ ਜੁਝਾਰ ਸਿੰਘ,ਆਈਡੀਪੀ ਵੱਲੋਂ ਫਲਜੀਤ ਸਿੰਘ, ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਆਗੂ ਮੇਘਰਾਜ, ਨੌਜਵਾਨ ਆਗੂ ਨਵਜੀਤ ਸਿੰਘ ਅਤੇ ਮਹਿੰਦਰ ਸਿੰਘ ਭੱਠਲ, ਜਮਹੂਰੀ ਅਧਿਕਾਰ ਸਭਾ ਦੇ ਆਗੂ ਬਸ਼ੇਸ਼ਰ ਰਾਮ ਨੇ ਵੀ ਰੋਸ ਪ੍ਰਦਰਸ਼ਨ ਦੀ ਹਮਾਇਤ ਕੀਤੀ।