
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਟ੍ਰੈਫਿਕ ਨਿਯਮ ਤੋਡ਼ਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਐਸ.ਡੀ.ਐਮ. ਦੁੱਧਨਸਾਧਾਂ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤਦਿਆਂ ਦੁੱਧਨਸਾਧਾਂ ਦੇ ਐੱਸਡੀਐੱਮ ਹਰਜੋਤ ਕੌਰ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਅੱਡਾ ਦੇਵੀਗਡ਼੍ਹ ਵਿਖੇ ਸਕੂਲੀ ਵਿਦਿਆਰਥੀਆਂ ਦੇ 5 ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ। ਇਸ ਮੌਕੇ ਉਨ੍ਹਾਂ ਸਪੱਸ਼ਟ ਕੀਤਾ ਕਿ ਸਡ਼ਕ ਸੁਰੱਖਿਆ ਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਨੂੰ ਮੁੱਖ ਰੱਖਦਿਆਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਐੱਸਡੀਐੱਮ ਹਰਜੋਤ ਕੌਰ ਵੱਲੋਂ ਸਕੂਲਾਂ ਦੇ ਆਸ-ਪਾਸ ਤੇ ਮੁੱਖ ਸਡ਼ਕਾਂ ’ਤੇ ਟ੍ਰੈਫਿਕ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਕਈ ਸਕੂਲੀ ਵਿਦਿਆਰਥੀਆਂ ਨੂੰ ਮੋਟਰਸਾਈਕਲਾਂ ’ਤੇ ਆਉਂਦੇ ਦੇਖਿਆ ਗਿਆ, ਜਿਨ੍ਹਾਂ ਵਿੱਚੋਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਮੋਟਰਸਾਈਕਲਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਸਕੂਲ ਪ੍ਰਬੰਧਕਾਂ ਨੂੰ ਸਖ਼ਤ ਹਦਾਇਤ ਕੀਤੀ ਕਿ 18 ਸਾਲ ਤੋਂ ਘੱਟ ਉਮਰ ਦੇ ਵਿਦਿਆਰਥੀਆਂ ਨੂੰ ਮੋਟਰਸਾਈਕਲ, ਸਕੂਟਰ ਜਾਂ ਹੋਰ ਮੋਟਰ ਵਾਹਨ ਚਲਾਉਣ ਤੋਂ ਰੋਕਿਆ ਜਾਵੇ। ਐੱਸਡੀਐੱਮ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗਾਂ ਅੱਗੇ ਵੀ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਬਿਨਾਂ ਲਾਇਸੈਂਸ ਵਾਹਨ ਚਲਾਉਣ, ਤੇਜ਼ ਰਫ਼ਤਾਰ, ਬਿਨ੍ਹਾਂ ਨੰਬਰ ਪਲੇਟ, ਬਿਨਾਂ ਹੈਲਮਟ ਤੇ ਹੋਰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ।