ਪੱਤਰ ਪ੍ਰੇਰਕ, ਨਾਭਾ : ਰਿਆਸਤੀ ਸ਼ਹਿਰ ਨਾਭਾ ਦੇ ਅਲਹੌਰਾ ਗੇਟ ਸਥਿਤ ਬਾਜ਼ੀਗਰ ਬਸਤੀ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਕਾਫ਼ਲੇ 'ਤੇ ਹਮਲਾ ਕਰਨ ਦੇ ਮਾਮਲੇ 'ਚ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ ਜਦੋਂਕਿ ਤਿੰਨ ਦੀ ਭਾਲ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ, ਬੀਤੇ ਦਿਨੀਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸ਼ਹਿਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਲੋੜਵੰਦ ਪਰਿਵਾਰਾਂ ਨੂੰ ਕਰਫਿਊ ਦੌਰਾਨ ਰਾਸ਼ਨ ਮੁਹੱਈਆ ਕਰਾਉਣ ਲਈ ਪਹੁੰਚੇ ਸਨ। ਜਿਸ ਦੌਰਾਨ ਕੁਝ ਸ਼ਰਾਰਤੀ ਅਨਸਰਾਂ ਨੇ ਮੰਤਰੀ ਦੇ ਕਾਫ਼ਲੇ 'ਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿੱਤਾ ਸੀ।

ਥਾਣਾ ਕੋਤਵਾਲੀ ਦੇ ਇੰਚਾਰਜ ਇੰਸਪੈਕਟਰ ਸਰਬਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧੀ ਪੰਜ ਵਿਅਕਤੀਆਂ ਦੀ ਪਛਾਣ ਹੋਈ ਸੀ ਤੇ 50-60 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਜਿਨ੍ਹਾਂ 'ਚੋਂ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਤੇ ਬਾਕੀ ਰਹਿੰਦੇ ਵਿਅਕਤੀਆਂ ਨੂੰ ਫੜਨ ਲਈ ਪੁਲਿਸ ਵੱਲੋਂ ਛਾਪਾਮਾਰੀ ਜਾਰੀ ਹੈ।