ਪ੍ਰਾਜੈਕਟ ਜੀਵਨਜੋਤ 2.0 ਤਹਿਤ ਦੋ ਨਾਬਾਲਿਗ ਬੱਚਿਆਂ ਨੂੰ ਕੀਤਾ ਰੈਸਕਿਊ
ਪ੍ਰੋਜੈਕਟ ਜੀਵਨਜੋਤ 2.0 ਤਹਿਤ ਦੋ ਨਾਬਾਲਿਗ ਬੱਚਿਆਂ ਨੂੰ ਕੀਤਾ ਰੈਸਕਿਊ
Publish Date: Fri, 09 Jan 2026 06:14 PM (IST)
Updated Date: Sat, 10 Jan 2026 04:06 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਮਾਲੇਰਕੋਟਲਾ : ਡਿਪਟੀ ਕਮਿਸ਼ਨਰ ਵਿਰਾਜ ਐੱਸ ਤਿੜਕੇ ਦੀਆਂ ਹਦਾਇਤਾਂ ਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਹਰਪ੍ਰੀਤ ਕੌਰ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਭੀਖ ਮੰਗਣ ਤੇ ਹਰ ਕਿਸਮ ਦੇ ਸ਼ੋਸ਼ਣ ਤੋਂ ਬਚਾਉਣ ਲਈ ਲਗਾਤਾਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਚਾਈਲਡ ਪ੍ਰੋਟੈਕਸ਼ਨ ਯੂਨਿਟ ਤੇ ਪੁਲਿਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਬਾਬਾ ਹੈਦਰ ਸ਼ੇਖ ਦੀ ਦਰਗਾਹ ਦੇ ਨੇੜਲੇ ਖੇਤਰ ’ਚ ਚੈਕਿੰਗ ਕੀਤੀ ਗਈ। ਬਾਲ ਸੁਰੱਖਿਆ ਅਫ਼ਸਰ ਮੂਬੀਨ ਕੁਰੇਸ਼ੀ ਨੇ ਦੱਸਿਆ ਕਿ ਚੈਕਿੰਗ ਦੌਰਾਨ ਦਰਗਾਹ ਦੇ ਨੇੜੇ 2 ਨਾਬਾਲਿਗ ਬੱਚੇ ਭੀਖ ਮੰਗਦੇ ਹੋਏ ਪਾਏ ਗਏ, ਜਿਨ੍ਹਾਂ ਨੂੰ ਤੁਰੰਤ ਕਾਰਵਾਈ ਕਰਦਿਆਂ ਸੁਰੱਖਿਅਤ ਰੈਸਕਿਊ ਕੀਤਾ ਗਿਆ। ਰੈਸਕਿਊ ਉਪਰੰਤ ਦੋਵੇਂ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਸਾਹਮਣੇ ਪੇਸ਼ ਕਰ ਕੇ ਉਨ੍ਹਾਂ ਦੀ ਕਾਊਂਸਲਿੰਗ ਕੀਤੀ ਅਤੇ ਉਨ੍ਹਾਂ ਦੇ ਪਰਿਵਾਰਕ ਪਿਛੋਕੜ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਉਪਰੰਤ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੇ ਹਵਾਲੇ ਕਰ ਦਿੱਤਾ ਤੇ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ ਮੁੜ ਸ਼ੁਰੂ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਦੇ ਨਾਲ ਹੀ ਬੱਚਿਆਂ ਦੇ ਮਾਪਿਆਂ ਨੂੰ ਸਖਤ ਸ਼ਬਦਾਂ ਵਿਚ ਚੇਤਾਵਨੀ ਦਿੱਤੀ ਗਈ ਕਿ ਨਾਬਾਲਿਗ ਬੱਚਿਆਂ ਤੋਂ ਭੀਖ ਮੰਗਵਾਉਣਾ ਕਾਨੂੰਨੀ ਅਪਰਾਧ ਹੈ ਤੇ ਭਵਿੱਖ ਵਿਚ ਅਜਿਹਾ ਦੁਬਾਰਾ ਕਰਨ ’ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸ ਮੌਕੇ ਪੁਲਿਸ ਵਿਭਾਗ ਵੱਲੋਂ ਅਮਨਦੀਪ ਕੌਰ, ਸਿੱਖਿਆ ਵਿਭਾਗ ਤੋਂ ਕੁਲਵੀਰ ਸਿੰਘ, ਸੋਸ਼ਲ ਵਰਕਰ ਗੁਰਜੰਟ ਸਿੰਘ, ਕੇਸ ਵਰਕਰ ਗੁਰਤੇਜ ਸਿੰਘ, ਡਾਟਾ ਐਨਾਲਿਸਟ ਜਸਪ੍ਰੀਤ ਕੌਰ, ਮੀਡੀਆ ਸਹਾਇਕ ਪਰਗਟ ਸਿੰਘ ਅਤੇ ਸਰਬਜੀਤ ਕੌਰ ਹਾਜ਼ਰ ਸਨ।