ਢੁਡਿਆਲ ਖਾਲਸਾ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਢੁਡਿਆਲ ਖਾਲਸਾ ਸਕੂਲ ਦੇ ਦੋ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ
Publish Date: Tue, 03 Nov 2026 04:26 PM (IST)
Updated Date: Tue, 03 Nov 2026 04:29 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਢੁਡਿਆਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਦੋ ਹੋਣਹਾਰ ਵਿਦਿਆਰਥੀਆਂ ਨੇ ਕੁਸ਼ਤੀ ਦੇ ਮੁਕਾਬਲਿਆਂ ’ਚ ਸੋਨੇ ਦਾ ਤਗਮੇ ਜਿੱਤ ਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਲਈ ਸਕੂਲ ਪ੍ਰਬੰਧਕਾਂ ਵੱਲੋਂ ਦੋਵਾਂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਾਣਕਾਰੀ ਅਨੁਸਾਰ ਸਕੂਲ ਦੇ 11ਵੀਂ ਜਮਾਤ ਦੇ ਵਿਦਿਆਰਥੀ ਸ਼ਮੀਰ ਖਾਨ ਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਇਸ਼ਾਂਤ ਨੇ ਪਿਛਲੇ ਦਿਨੀਂ ਹੋਈਆਂ 70ਵੀਆਂ ਪੰਜਾਬ ਰਾਜ ਅੰਤਰ-ਜ਼ਿਲ੍ਹਾ ਸਕੂਲ ਖੇਡਾਂ 2026-27 ਦੌਰਾਨ ਅੰਡਰ-19 ਵਰਗ ਦੇ ਕੁਸ਼ਤੀ ਫਰੀ ਸਟਾਈਲ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮੇ ਆਪਣੇ ਨਾਮ ਕੀਤੇ। ਸਕੂਲ ਪਹੁੰਚਣ ਤੇ ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਜੀਤ ਸਿੰਘ ਸਾਹਨੀ ਅਤੇ ਸਮੂਹ ਸਟਾਫ ਵੱਲੋਂ ਦੋਵਾਂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਗਨਪ੍ਰੀਤ ਕੌਰ, ਰਸ਼ਮੀਤ ਕੌਰ ਤੇ ਸੁਰਿੰਦਰ ਪਾਲ ਸਿੰਘ ਵੀ ਮੌਜੂਦ ਸਨ। ਪ੍ਰਿੰਸੀਪਲ ਡਾ. ਪਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਉਨ੍ਹਾਂ ਦੀ ਮਿਹਨਤ, ਲਗਨ ਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਦੋਵਾਂ ਖਿਡਾਰੀਆਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਕਰੇ ਇਹ ਬੱਚੇ ਦਿਨ ਦੁੱਗਣੀ ਅਤੇ ਰਾਤ ਚੌਗੁਣੀ ਤਰੱਕੀ ਕਰਨ।