ਹਰਿੰਦਰ ਸ਼ਾਰਦਾ, ਪਟਿਆਲਾ : ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਤੇ ਪੁਲੀਸ ਵੱਲੋਂ ਮੋਤੀ ਮਹਿਲ ਦੇ ਨੇੜੇ ਲਾਠੀਚਾਰਜ ਕਰ ਦਿੱਤਾ ਗਿਆ ਹੈ। ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਬਾਰਾਂਦਰੀ ਗਾਰਡਨ ਵਿਖੇ ਅੱਜ ਸੂਬਾ ਪ੍ਰਧਾਨ ਦੀਪਕ ਕੰਬੋਜ ਦੀ ਅਗਵਾਈ ਹੇਠ ਇਕੱਤਰਤਾ ਕੀਤੀ ਗਈ। ਇਸ ਉਪਰੰਤ ਬੇਰੁਜ਼ਗਾਰਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰਨ ਲਈ ਕੂਚ ਕੀਤਾ ਗਿਆ । ਉਧਰ ਦੂਜੇ ਪਾਸੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੇਰੁਜ਼ਗਾਰਾਂ ਨੂੰ ਰੋਕਣ ਲਈ ਵੱਡੀ ਗਿਣਤੀ ਵਿਚ ਪੁਲਿਸ ਫੋਰਸ ਦੀ ਤਾਇਨਾਤੀ ਵੀ ਕਰ ਦਿੱਤੀ ਗਈ। ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਫੋਰਸ ਵੱਲੋਂ ਵਾਈਪੀਐਸ ਚੌਕ ਵਿਚ ਰੋਕਣ ਦੀ ਕੋਸ਼ਿਸ਼ ਕੀਤੀ ਗਈ ਪਰੰਤੂ ਇਸ ਦੌਰਾਨ ਹੋਈ ਖਿੱਚ ਧੂਹ ਵਿੱਚ ਪੁਲਿਸ ਵੱਲੋਂ ਲਾਠੀਚਾਰਜ ਕਰ ਦਿੱਤਾ ਗਿਆ । ਪੁਲਿਸ ਵੱਲੋਂ ਵੱਡੀ ਗਿਣਤੀ ਪ੍ਰਦਰਸ਼ਨਕਾਰੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ਉਹ ਸੁੱਤੀ ਪਈ ਪੰਜਾਬ ਸਰਕਾਰ ਨੂੰ ਜਗਾਉਣ ਲਈ ਇਥੇ ਆਏ ਹਨ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਹੋਏ ਇੱਥੋਂ ਨਹੀਂ ਜਾਣਗੇ ।

ਇਸ ਮੌਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਯੂਨੀਅਨ ਦੇ ਨਿਰਮਲ ਜੀਰਾ, ਮਨੀ ਸੰਗਰੂਰ, ਜਰਨੈਲ ਨਾਗਰਾ ਤੇ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਾਰੇ ਬੇਰੁਜ਼ਗਾਰਾਂ ਨਾਲ ਬਹੁਤ ਵੱਡਾ ਧੋਖਾ ਕੀਤਾ ਹੈ । ਜੋ‌ ਵਾਅਦਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੋਟਾਂ ਲੈਣ ਲਈ ਘਰ ਘਰ ਨੋਕਰੀ ਦੇਣ ਦਾ ਕੀਤਾ ਸੀ । ਉਸ ਨੂੰ ਅੱਜ ਤੱਕ ਬੂਰ ਨਹੀਂ ਪਿਆ ਇਸ ਲਈ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਲਈ ਧਰਨੇ ਮੁਜ਼ਾਹਰੇ ਕੀਤੇ ਜਾ ਰਹੇ ਹਨ । ਉਹ ਆਪਣੀ ਆਵਾਜ਼ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਤੱਕ ਪਹੁੰਚਾਉਣ ਲਈ ਇੱਥੇ ਆਏ ਹਨ। ਜੇਕਰ ਇਸ ਦੌਰਾਨ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਉਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਇਸ ਦਾ ਖਮਿਆਜ਼ਾ ਪੰਜਾਬ ਸਰਕਾਰ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ । ਇਸ ਮੌਕੇ ਤਜਿੰਦਰ ਸਿੰਘ ਮਾਨਸਾ,ਸੁਰੇਸ਼ ਕੁਮਾਰ ਮਾਨਸਾ, ਬੇਅੰਤ ਸਿੰਘ ਮਾਨਸਾ ਸੁਖਜੀਤ ਪਟਿਆਲਾ, ਦਿਲਪ੍ਰੀਤ ਸੰਗਰੂਰ ਆਦਿ ਮੌਜੂਦ ਸਨ ।

Posted By: Tejinder Thind