ਬੇਰੁਜ਼ਗਾਰ ਅਧਿਆਪਕਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਬੇਰੁਜ਼ਗਾਰ ਅਧਿਆਪਕਾਂ ਨੇ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
Publish Date: Wed, 21 Oct 2026 04:08 PM (IST)
Updated Date: Thu, 22 Oct 2026 04:00 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ, ਬੇਰੁਜ਼ਗਾਰ ਸਪੈਸ਼ਲ ਐਜੂਕੇਟਰ ਫਰੰਟ ਪੰਜਾਬ, ਬੇਰੁਜ਼ਗਾਰ ਪੀਐੱਸ ਟੈੱਟ ਪਾਸ ਆਰਟ ਅਤੇ ਕਰਾਫ਼ਟ ਸੰਘਰਸ਼ ਯੂਨੀਅਨ ਪੰਜਾਬ ਵੱਲੋਂ ਦੁਸਹਿਰੇ ਦੇ ਮੌਕੇ ਦਿੜ੍ਹਬਾ ਵਿਖੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਅੱਗੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਆਪਣਾ ਰੋਸ ਜ਼ਾਹਰ ਕੀਤਾ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਦੁਸਹਿਰਾ ਬੁਰਾਈ ’ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ, ਪਰ ਪੰਜਾਬ ਵਿੱਚ ਬੇਰੁਜ਼ਗਾਰ ਅਧਿਆਪਕ ਲੰਮੇ ਸਮੇਂ ਤੋਂ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਢੁੱਕਵਾਂ ਹੱਲ ਨਾ ਕੀਤੇ ਜਾਣ ਕਾਰਨ ਬੇਰੁਜ਼ਗਾਰ ਅਧਿਆਪਕਾਂ ਵਿੱਚ ਭਾਰੀ ਰੋਸ ਹੈ। ਇਸੇ ਰੋਸ ਦੇ ਪ੍ਰਗਟਾਵੇ ਵਜੋਂ ਯੂਨੀਅਨ ਨੇ ਦੁਸਹਿਰੇ ਦੇ ਦਿਨ ਵਿੱਤ ਮੰਤਰੀ ਦੇ ਦਫ਼ਤਰ ਅੱਗੇ ਸਰਕਾਰ ਦਾ ਪੁਤਲਾ ਫੂਕ ਕੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੰਕੇਤ ਦਿੱਤਾ। ਆਗੂਆਂ ਨੇ ਕਿਹਾ ਕਿ ਅਧਿਆਪਕ ਭਰਤੀ ਲਈ ਬੀਏ ਵਿੱਚ ਲਾਈ ਗਈ 55 ਫ਼ੀਸਦੀ ਅੰਕਾਂ ਦੀ ਸ਼ਰਤ ਬਹੁਤ ਸਾਰੇ ਬੀਐੱਡ ਟੈੱਟ ਪਾਸ ਉਮੀਦਵਾਰਾਂ ਲਈ ਵੱਡੀ ਰੁਕਾਵਟ ਬਣੀ ਹੋਈ ਹੈ। ਇੱਕ ਪਾਸੇ ਪੜ੍ਹੇ-ਲਿਖੇ ਨੌਜਵਾਨ ਰੁਜ਼ਗਾਰ ਦੀ ਉਡੀਕ ਕਰ ਰਹੇ ਹਨ ਅਤੇ ਦੂਜੇ ਪਾਸੇ ਭਰਤੀ ਸਬੰਧੀ ਮੰਗਾਂ ਦਾ ਹੱਲ ਨਾ ਹੋਣ ਕਾਰਨ ਉਨ੍ਹਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਯੂਨੀਅਨ ਨੇ ਮੰਗ ਕੀਤੀ ਕਿ ਅਧਿਆਪਕ ਭਰਤੀ ਲਈ ਬੀਏ ਵਿੱਚ ਲਾਈ 55 ਫੀਸਦੀ ਅੰਕਾਂ ਦੀ ਸ਼ਰਤ ਤੁਰੰਤ ਰੱਦ ਕੀਤੀ ਜਾਵੇ, ਮਾਸਟਰ ਕੇਡਰ ਦੀ ਵੱਡੀ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ, ਬੇਰੁਜ਼ਗਾਰ ਅਧਿਆਪਕਾਂ ਨੂੰ ਉਮਰ ਹੱਦ ਵਿੱਚ ਛੋਟ ਦਿੱਤੀ ਜਾਵੇ ਅਤੇ ਬਾਹਰਲੇ ਰਾਜਾਂ ਦੇ ਉਮੀਦਵਾਰਾਂ ਲਈ ਕੋਟਾ ਨਿਰਧਾਰਤ ਕੀਤਾ ਜਾਵੇ। ਸਾਰੀਆਂ ਯੂਨੀਅਨਾਂ ਦੇ ਆਗੂਆਂ ਨੇ ਕਿਹਾ ਕਿ ਬੇਰੁਜ਼ਗਾਰ ਅਧਿਆਪਕ ਆਪਣੇ ਰੁਜ਼ਗਾਰ ਦੇ ਹੱਕ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਸਰਕਾਰ ਨੂੰ ਚਾਹੀਦਾ ਹੈ ਕਿ ਉਹ ਬੇਰੁਜ਼ਗਾਰ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲਦ ਹੱਲ ਕਰੇ। ਉਨ੍ਹਾਂ ਕਿਹਾ ਕਿ ਸਿਰਫ਼ ਭਰੋਸਿਆਂ ਨਾਲ ਬੇਰੁਜ਼ਗਾਰ ਅਧਿਆਪਕਾਂ ਦਾ ਭਵਿੱਖ ਨਹੀਂ ਸੰਵਰ ਸਕਦਾ, ਸਗੋਂ ਇਸ ਲਈ ਠੋਸ ਫ਼ੈਸਲੇ ਲੈਣ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਸਬੰਧੀ ਜਲਦ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਯੂਨੀਅਨ ਆਪਣੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਮਜਬੂਰ ਹੋਵੇਗੀ। ਬੇਰੁਜ਼ਗਾਰ ਅਧਿਆਪਕ ਆਪਣੇ ਹੱਕਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣਗੇ।