ਪਾਵਰਕਾਮ ਖ਼ਿਲਾਫ਼ ਬੇਰੁਜ਼ਗਾਰਾਂ ਦਾ ਹੱਲਾਬੋਲ: 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦੇ ਨੌਜਵਾਨ ਬਿਜਲੀ ਦੇ ਟਾਵਰ 'ਤੇ ਚੜ੍ਹੇ, ਪੁਲਿਸ-ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।
Publish Date: Tue, 09 Jun 2026 01:47 PM (IST)
Updated Date: Tue, 09 Jun 2026 01:52 PM (IST)
ਪਰਗਟ ਸਿੰਘ, ਪੰਜਾਬੀ ਜਾਗਰਣ ਪਟਿਆਲਾ: ਆਪਣੀਆਂ ਮੰਗਾਂ ਮਨਾਉਣ ਲਈ 2600 ਅਪ੍ਰੈਂਟਿਸਿਪ ਲਾਈਨਮੈਨ ਯੂਨੀਅਨ ਦਾ ਸੰਘਰਸ਼ ਹੋਰ ਤੇਜ਼ ਹੋ ਗਿਆ। ਯੂਨੀਅਨ ਵੱਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਲੱਗੇ ਪੱਕੇ ਮੋਰਚੇ ਦੇ ਕੁਝ ਨੌਜਵਾਨ ਪਟਿਆਲਾ ਸੰਗਰੂਰ ਰੋਡ 'ਤੇ ਗੁਰਦੁਆਰਾ ਪਰਮੇਸ਼ਵਰ ਦੁਆਰ ਅੱਗੇ ਅਚਾਨਕ ਉੱਚੇ ਬਿਜਲੀ ਟਾਵਰ 'ਤੇ ਚੜ੍ਹ ਗਏ, ਜਿਸ ਕਾਰਨ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਭਾਜੜਾਂ ਪੈ ਗਈਆਂ।
ਮੌਕੇ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਤੇ ਪ੍ਰਸ਼ਾਸਨਿਕ ਟੀਮਾਂ ਨੇ ਨੌਜਵਾਨਾਂ ਨੂੰ ਹੇਠਾਂ ਉਤਾਰਨ ਲਈ ਮਨਾਉਣ ਦੀ ਕੋਸ਼ਿਸ਼ ਕੀਤੀ। ਟਾਵਰ 'ਤੇ ਚੜ੍ਹੇ ਨੌਜਵਾਨਾਂ ਨੇ ਕਿਹਾ ਕਿ ਜਦੋਂ ਤਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਹ ਆਪਣਾ ਸੰਘਰਸ਼ ਜਾਰੀ ਰੱਖਣਗੇ।
ਯੂਨੀਅਨ ਆਗੂਆਂ ਨੇ ਦੱਸਿਆ ਕਿ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਉਨ੍ਹਾਂ ਦਾ ਪੱਕਾ ਮੋਰਚਾ ਤੇ ਮਰਨ ਵਰਤ ਕਈ ਦਿਨਾਂ ਤੋਂ ਜਾਰੀ ਹੈ, ਪਰ ਸਰਕਾਰ ਅਤੇ ਪਾਵਰਕਾਮ ਮੈਨੇਜਮੈਟ ਵੱਲੋਂ ਬੇਰੁਜ਼ਗਾਰ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕੀਤਾ ਜਾ ਰਿਹਾ ਹੈ।
ਆਗੂਆਂ ਨੇ ਇਹ ਵੀ ਯਾਦ ਕਰਵਾਇਆ ਕਿ ਪਿਛਲੇ ਦਿਨੀਂ ਮੋਰਚੇ ਦੌਰਾਨ ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ ਕੀਤਾ ਗਿਆ ਸੀ ਜਿਸ ਵਿਚ ਕਈ ਨੌਜਵਾਨ ਜ਼ਖ਼ਮੀ ਹੋਏ ਸਨ। ਇਸ ਕਾਰਵਾਈ ਕਾਰਨ ਬੇਰੁਜ਼ਗਾਰਾਂ ਵਿੱਚ ਸਰਕਾਰ ਖ਼ਿਲਾਫ਼ ਹੋਰ ਰੋਸ ਪੈਦਾ ਹੋਇਆ ਹੈ।
ਟਾਵਰ 'ਤੇ ਚੜ੍ਹੇ ਨੌਜਵਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਉਨ੍ਹਾਂ ਦੀਆਂ ਮੰਗਾਂ ਸਬੰਧੀ ਸਕਾਰਾਤਮਕ ਫ਼ੈਸਲਾ ਨਾ ਲਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਮੌਕੇ 'ਤੇ ਵੱਡੀ ਗਿਣਤੀ ਵਿੱਚ ਬੇਰੁਜ਼ਗਾਰ ਨੌਜਵਾਨ ਟਾਵਰ ਦੇ ਹੇਠਾਂ ਵੀ ਮੌਜੂਦ ਰਹੇ