ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ
ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
Publish Date: Sun, 15 Feb 2026 06:23 PM (IST)
Updated Date: Sun, 15 Feb 2026 06:24 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਯੂਨੀਵਰਸਿਟੀ ਕਾਲਜ, ਘਨੌਰ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਇਲਾਹੀ ਬਾਣੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ। ਅਧਿਆਤਮਕ ਰੰਗ ਵਿਚ ਰੰਗੇ ਇਸ ਸਮਾਗਮ ਦੌਰਾਨ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਕਵਰਜੀਤ ਸਿੰਘ, ਨੌਜਵਾਨ ਕਲਾਕਾਰ ਮੰਨਤ ਤੇ ਜੱਥੇ ਵੱਲੋਂ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਸ਼ੁਭ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਅਤੇ ਕਾਂਸਟੀਚੂਐਂਟ ਕਾਲਜਾਂ ਦੇ ਡਾਇਰੈਕਟਰ ਡਾ.ਅਮਰਇੰਦਰ ਸਿੰਘ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਤੋਂ ਇਲਾਵਾ ਨਗਰ ਪੰਚਾਇਤ ਘਨੌਰ ਦੀ ਪ੍ਰਧਾਨ ਮਨਦੀਪ ਕੌਰ, ਐੱਮਸੀ ਘਨੌਰ, ਇਲਾਕੇ ਦੇ ਪਤਵੰਤੇ ਸੱਜਣ, ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪੱਤਰਕਾਰ ਭਾਈਚਾਰਾਂ ਅਤੇ ਪੁਰਾਣੇ ਵਿਦਿਆਰਥੀ ਵੀ ਹਾਜ਼ਰ ਹੋਏ। ਕਾਲਜ ਦੇ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਕਿ ਕਾਲਜ ਹਰ ਸਾਲ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਅਸੀਸ ਅਤੇ ਸੇਧ ਲੈਣ ਲਈ ਇਹ ਸਮਾਗਮ ਕਰਵਾਉਂਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਦੀ ਹਜ਼ੂਰੀ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਆਪਣੇ ਸਿੱਖਿਆ ਦੇ ਮਕਸਦ ਪ੍ਰਤੀ ਹੋਰ ਵਧੇਰੇ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੀ ਹੈ। ਸੰਗਤ ਨੂੰ ਸੰਬੋਧਨ ਕਰਦਿਆਂ ਵਾਈਸ ਚਾਂਸਲਰ ਡਾ.ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਗੁਰੂ ਸਾਹਿਬ ਦੇ ਦਰਸਾਏ ਮਾਰਗ ਵਿਦਿਆ ਵਿਚਾਰੀ ਤਾਂ ਪਰਉਪਕਾਰੀ ਦੇ ਉਦੇਸ਼ ਤੇ ਚੱਲ ਰਹੀ ਹੈ। ਉਨ੍ਹਾਂ ਦੁਹਰਾਇਆ ਕਿ ਯੂਨੀਵਰਸਿਟੀ ਦਾ ਮੁੱਖ ਮਕਸਦ ਪੰਜਾਬ ਦੇ ਪਿੰਡ-ਪਿੰਡ ਤੱਕ ਸਸਤੀ ਅਤੇ ਮਿਆਰੀ ਸਿੱਖਿਆ ਪਹੁੰਚਾਉਣਾ ਹੈ।