- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਪੀ ਦੇ ਉਪ ਮੁੱਖ ਮੰਤਰੀ ਨੇ ਆਪ ਤੇ ਨਿਸ਼ਾਨੇ ਸਾਧੇ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦੇ ਉਦੇਸ਼ ਨਾਲ ਕੱਢੀ ਜਾ ਰਹੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿਚ ਪੁੱਜੀ। ਦਿੱਲੀ-ਸੰਗਰੂਰ ਕੌਮੀ ਮਾਰਗ ਰਾਹੀਂ ਪਹੁੰਚੀ ਯਾਤਰਾ ਦਾ ਪਿੰਡ ਗੋਬਿੰਦਪੁਰਾ ਪੈਂਦ ਟੋਲ ਪਲਾਜ਼ਾ ਵਿਖੇ ਭਾਜਪਾ ਦੇ ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਦੀ ਅਗਵਾਈ ਹੇਠ ਸਵਾਗਤ ਕੀਤਾ ਗਿਆ। ਇਸ ਉਪਰੰਤ ਅਨਾਜ ਮੰਡੀ ਸ਼ੁਤਰਾਣਾ ਵਿਖੇ ਵਿਸ਼ਾਲ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਬਿਰਜੇਸ਼ ਪਾਠਕ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਦਾਅਵਿਆਂ ਦੇ ਬਾਵਜੂਦ ਸੂਬੇ ਵਿਚ ਨਸ਼ਿਆਂ ਦਾ ਕਾਰੋਬਾਰ ਵਧਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਅਨਾਜ ਸਮੇਤ ਕਈ ਖੇਤਰਾਂ ਵਿਚ ਦੇਸ਼ ਦਾ ਮੋਹਰੀ ਸੂਬਾ ਸੀ ਪਰ ਅੱਜ ਵੱਖ-ਵੱਖ ਖੇਤਰਾਂ ਵਿਚ ਪਿੱਛੇ ਜਾ ਰਿਹਾ ਹੈ। ਬਿਰਜੇਸ਼ ਪਾਠਕ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਉਨ੍ਹਾਂ ਅਨੁਸਾਰ ਸਰਕਾਰ ਆਪਣੇ ਟੀਚੇ ਹਾਸਲ ਕਰਨ ਵਿੱਚ ਨਾਕਾਮ ਰਹੀ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਸੱਤਾਧਾਰੀ ਪਾਰਟੀ ਨਾਲ ਜੁੜੇ ਕੁਝ ਲੋਕ ਨਸ਼ਿਆਂ ਦੇ ਕਾਰੋਬਾਰ ਵਿਚ ਸ਼ਾਮਲ ਹਨ। ਇਹ ਦੋਸ਼ ਭਾਜਪਾ ਦੀ ਰਾਜ ਸਰਕਾਰ ਵਿਰੁੱਧ ਰਾਜਨੀਤਿਕ ਮੁਹਿੰਮ ਦਾ ਹਿੱਸਾ ਹਨ। ਪੰਜਾਬ ਵਿਚ ਨਸ਼ਿਆਂ ਦੇ ਮੁੱਦੇ ’ਤੇ ਵੱਖ-ਵੱਖ ਪਾਰਟੀਆਂ ਵੱਲੋਂ ਇਕ-ਦੂਜੇ ’ਤੇ ਦੋਸ਼ ਲਗਾਏ ਜਾ ਰਹੇ ਹਨ। ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਨੇ ਕਿਹਾ ਕਿ ਨਸ਼ਿਆਂ ਕਾਰਨ ਕਈ ਪਰਿਵਾਰ ਪ੍ਰਭਾਵਿਤ ਹੋ ਰਹੇ ਹਨ ਅਤੇ ਸਰਕਾਰ ਨੂੰ ਇਸ ਸਮੱਸਿਆ ਨਾਲ ਨਜਿੱਠਣ ਲਈ ਹੋਰ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਨਿਲ ਸਰੀਨ ਨੇ ਵੀ ਸੰਬੋਧਨ ਕੀਤਾ। ਇਸ ਤੋਂ ਬਾਅਦ ਪਾਤੜਾਂ ਦੇ ਪੁਰਾਣੇ ਬੱਸ ਸਟੈਂਡ ਅਤੇ ਪਿੰਡ ਕਕਰਾਲਾ ਭਾਈਕੇ ਵਿਖੇ ਨੁੱਕੜ ਰੈਲੀਆਂ ਕਰਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ। ਭਾਜਪਾ ਦੀ ਇਹ ‘ਨਸ਼ਾ ਮੁਕਤ ਪੰਜਾਬ ਯਾਤਰਾ’ 18 ਤੋਂ 30 ਸਤੰਬਰ ਤੱਕ ਚੱਲ ਰਹੀ ਹੈ ਅਤੇ ਚਾਰ ਯਾਤਰਾਵਾਂ ਰਾਹੀਂ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਨੂੰ ਕਵਰ ਕਰਨ ਦਾ ਪ੍ਰੋਗਰਾਮ ਹੈ।