- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੱਕੇ ਹੋਣ ਤੇ ਸੀਵਰਮੈਨਾਂ ਨੇ ਮੇਅਰ ਤੇ ਕਮਿਸ਼ਨਰ ਦਾ ਕੀਤਾ ਧੰਨਵਾਦ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਨਗਰ ਨਿਗਮ ਪਟਿਆਲਾ ਅੰਦਰ ਕੰਟਰੈਕਟ ’ਤੇ ਆਪਣੀਆਂ ਸੇਵਾਵਾਂ ਨਿਭਾ ਰਹੇ ਕੱਚੇ ਸੀਵਰਮੈਨਾਂ ਅਤੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਅੰਤਿਮ ਪੜਾਅ ’ਤੇ ਪਹੁੰਚਣ ਨਾਲ ਸਮੂਹ ਮੁਲਾਜ਼ਮ ਵਰਗ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਇਤਿਹਾਸਕ ਪਹਿਲਕਦਮੀ ਦੇ ਮੱਦੇਨਜ਼ਰ ਸਮੂਹ ਸੀਵਰਮੈਨਾਂ ਅਤੇ ਸਫ਼ਾਈ ਸੇਵਕਾਂ ਵੱਲੋਂ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨਾਲ ਨਗਰ ਨਿਗਮ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੁਲਾਜ਼ਮਾਂ ਨੇ ਮੇਅਰ ਅਤੇ ਕਮਿਸ਼ਨਰ ਨੂੰ ਫੁੱਲਾਂ ਦੇ ਗੁਲਦਸਤੇ (ਬੁੱਕੇ) ਭੇਟ ਕਰ ਕੇ ਅਤੇ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਦਾ ਤਹਿ ਦਿਲੋਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਮੁਲਾਜ਼ਮ ਆਗੂਆਂ ਅਤੇ ਕਰਮਚਾਰੀਆਂ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਕੰਟਰੈਕਟ ’ਤੇ ਨਿਗੂਣੀਆਂ ਤਨਖ਼ਾਹਾਂ ਨਾਲ ਸ਼ਹਿਰ ਦੀ ਸਫ਼ਾਈ ਅਤੇ ਸੀਵਰੇਜ ਵਿਵਸਥਾ ਨੂੰ ਸੰਭਾਲ ਰਹੇ ਸਨ ਅਤੇ ਪੱਕੇ ਹੋਣ ਦੀ ਉਡੀਕ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਉਨ੍ਹਾਂ ਦੇ ਦਰਦ ਨੂੰ ਸਮਝਿਆ ਅਤੇ ਪਹਿਲ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਦੇ ਪੱਕੇ ਹੋਣ ਦਾ ਰਾਹ ਪੱਧਰਾ ਕੀਤਾ ਹੈ। ਦੂਜੇ ਪਾਸੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਨੇ ਸਾਂਝੇ ਰੂਪ ਵਿੱਚ ਸਮੂਹ ਸੀਵਰਮੈਨਾਂ ਅਤੇ ਸਫ਼ਾਈ ਸੇਵਕਾਂ ਨੂੰ ਵਧਾਈ ਦਿੱਤੀ।