ਨਿਗਮ ਚੋਣਾਂ ਦੌਰਾਨ ਵਾਰਡ ਨੰਬਰ 44 'ਚ ਹੰਗਾਮਾ, ਅਕਾਲੀ ਉਮੀਦਵਾਰ ਸਹਿਜ ਸਿੰਘ ਮੱਕੜ ਵੱਲੋਂ ਸੱਤਾਧਿਰ 'ਤੇ ਧੱਕੇਸ਼ਾਹੀ ਦੇ ਦੋਸ਼
ਮੀਡੀਆ ਨਾਲ ਗੱਲਬਾਤ ਕਰਦਿਆਂ ਸਹਿਜ ਸਿੰਘ ਮੱਕੜ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਵੱਲੋਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰਡ ਦੇ ਵੋਟਰਾਂ ਅਤੇ ਅਕਾਲੀ ਦਲ ਦੇ ਵਰਕਰਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਖੁੱਲ੍ਹ ਕੇ ਆਪਣੀ ਵੋਟ ਦਾ ਇਸਤੇਮਾਲ ਨਾ ਕਰ ਸਕਣ। ਇਨ੍ਹਾਂ ਕਥਿਤ ਵਧੀਕੀਆਂ ਦੇ ਵਿਰੋਧ ਵਿੱਚ ਮੱਕੜ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸੜਕ 'ਤੇ ਬੈਠ ਕੇ ਧਰਨਾ ਲਗਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
Publish Date: Sat, 28 Nov 2026 01:28 PM (IST)
Updated Date: Sat, 28 Nov 2026 01:32 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ। ਨਗਰ ਨਿਗਮ ਚੋਣਾਂ ਦੌਰਾਨ ਸ਼ਹਿਰ ਦੇ ਵਾਰਡ ਨੰਬਰ 44 ਵਿੱਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਹਿਜ ਸਿੰਘ ਮੱਕੜ ਨੇ ਸੱਤਾਧਾਰੀ ਧਿਰ 'ਤੇ ਚੋਣ ਪ੍ਰਕਿਰਿਆ ਵਿੱਚ ਧੱਕੇਸ਼ਾਹੀ ਕਰਨ ਅਤੇ ਆਪਣੇ ਸਮਰਥਕਾਂ ਨੂੰ ਡਰਾਉਣ-ਧਮਕਾਉਣ ਦੇ ਗੰਭੀਰ ਦੋਸ਼ ਲਗਾਏ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਹਿਜ ਸਿੰਘ ਮੱਕੜ ਨੇ ਦਾਅਵਾ ਕੀਤਾ ਕਿ ਸੱਤਾਧਾਰੀ ਪਾਰਟੀ ਵੱਲੋਂ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਵਾਰਡ ਦੇ ਵੋਟਰਾਂ ਅਤੇ ਅਕਾਲੀ ਦਲ ਦੇ ਵਰਕਰਾਂ 'ਤੇ ਦਬਾਅ ਬਣਾਇਆ ਜਾ ਰਿਹਾ ਹੈ ਤਾਂ ਜੋ ਉਹ ਖੁੱਲ੍ਹ ਕੇ ਆਪਣੀ ਵੋਟ ਦਾ ਇਸਤੇਮਾਲ ਨਾ ਕਰ ਸਕਣ। ਇਨ੍ਹਾਂ ਕਥਿਤ ਵਧੀਕੀਆਂ ਦੇ ਵਿਰੋਧ ਵਿੱਚ ਮੱਕੜ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਸੜਕ 'ਤੇ ਬੈਠ ਕੇ ਧਰਨਾ ਲਗਾ ਦਿੱਤਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਮਰਿੰਦਰ ਸਿੰਘ ਬਜਾਜ ਅਤੇ ਸਰਬਜੀਤ ਸਿੰਘ ਝਿੰਜਰ ਵੀ ਤੁਰੰਤ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਧਰਨੇ ਵਿੱਚ ਸ਼ਾਮਲ ਹੋ ਕੇ ਉਮੀਦਵਾਰ ਸਹਿਜ ਸਿੰਘ ਮੱਕੜ ਦਾ ਸਮਰਥਨ ਕੀਤਾ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਵਾਰਡ ਨੰਬਰ 44 ਵਿੱਚ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਪੁਲਿਸ ਅਤੇ ਚੋਣ ਅਧਿਕਾਰੀਆਂ ਵੱਲੋਂ ਇਸ ਮਾਮਲੇ ਵਿੱਚ ਤੁਰੰਤ ਦਖ਼ਲ ਦੇ ਕੇ ਕਾਰਵਾਈ ਨਾ ਕੀਤੀ ਗਈ, ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਦੂਜੇ ਪਾਸੇ, ਇਸ ਮਾਮਲੇ ਸਬੰਧੀ ਸੱਤਾਧਾਰੀ ਆਮ ਆਦਮੀ ਪਾਰਟੀ ਜਾਂ ਸਥਾਨਕ ਪ੍ਰਸ਼ਾਸਨ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਥਿਤੀ 'ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਅਮਨ-ਕਾਨੂੰਨ ਦੀ ਵਿਵਸਥਾ ਬਣੀ ਰਹੇ।