ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ 100 ਖਿਡਾਰੀਆਂ ਲਈ 50 ਲੱਖ ਦੀ ਡਾਈਟ ਸਹਾਇਤਾ ਅਮਰੀਕੀ ਅਟਾਰਨੀ ਜਸਪ੍ਰੀਤ ਗਿੱਲ ਵੱਲੋਂ 100 ਖਿਡਾਰੀਆਂ ਲਈ 50 ਲੱਖ ਦੀ ਡਾਈਟ ਸਹਾਇਤਾ
Publish Date: Thu, 16 Jul 2026 06:14 PM (IST)
Updated Date: Fri, 17 Jul 2026 04:04 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ : ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਹੋਣਹਾਰ ਖਿਡਾਰੀਆਂ ਲਈ ਇੱਕ ਵੱਡੀ ਖੁਸ਼ਖ਼ਬਰੀ ਸਾਹਮਣੇ ਆਈ ਹੈ। ਅਮਰੀਕਾ ਦੇ ਪ੍ਰਸਿੱਧ ਅਟਾਰਨੀ-ਐਟ-ਲਾਅ ਸ. ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਵਾਲੇ 100 ਹੋਣਹਾਰ ਖਿਡਾਰੀਆਂ ਲਈ ਹਰ ਸਾਲ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਇਸ ਪਹਿਲ ਨਾਲ ਖਿਡਾਰੀਆਂ ਨੂੰ ਪੌਸ਼ਟਿਕ ਖੁਰਾਕ ਉਪਲਬਧ ਹੋਵੇਗੀ, ਜਿਸ ਨਾਲ ਉਹ ਆਪਣੀ ਖੇਡ ਅਤੇ ਫਿਟਨੈੱਸ ਤੇ ਹੋਰ ਬਿਹਤਰ ਢੰਗ ਨਾਲ ਧਿਆਨ ਕੇਂਦਰਿਤ ਕਰ ਸਕਣਗੇ। ਜਸਪ੍ਰੀਤ ਸਿੰਘ ਗਿੱਲ ਨੇ ਯੂਨੀਵਰਸਿਟੀ ਦੇ ਪਟਿਆਲਾ ਕੈਂਪਸ ਦਾ ਦੌਰਾ ਕਰਕੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੈਂਪਸ, ਖੇਡ ਸਹੂਲਤਾਂ, ਅਕਾਦਮਿਕ ਢਾਂਚੇ ਅਤੇ ਖਿਡਾਰੀਆਂ ਲਈ ਉਪਲਬਧ ਮਾਹੌਲ ਦਾ ਜਾਇਜ਼ਾ ਲਿਆ। ਉਨ੍ਹਾਂ ਯੂਨੀਵਰਸਿਟੀ ਵੱਲੋਂ ਖੇਡਾਂ ਅਤੇ ਖੇਡ ਸਿੱਖਿਆ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਵਿਸ਼ਵ ਪੱਧਰ ਤੇ ਆਪਣੀ ਪਛਾਣ ਬਣਾਉਣ ਦੀ ਅਥਾਹ ਸਮਰੱਥਾ ਹੈ ਅਤੇ ਉਨ੍ਹਾਂ ਨੂੰ ਸਹੀ ਮੌਕੇ ਅਤੇ ਲੋੜੀਂਦੇ ਸਰੋਤ ਮੁਹੱਈਆ ਕਰਵਾਉਣ ਦੀ ਲੋੜ ਹੈ। ਉਨ੍ਹਾਂ ਐਲਾਨ ਕੀਤਾ ਕਿ ਯੂਨੀਵਰਸਿਟੀ ਵਿੱਚੋਂ 100 ਅਜਿਹੇ ਹੋਣਹਾਰ ਖਿਡਾਰੀਆਂ ਦੀ ਚੋਣ ਕੀਤੀ ਜਾਵੇਗੀ, ਜਿਨ੍ਹਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਪ੍ਰਦਰਸ਼ਨ ਕਰਨ ਦੀ ਸਮਰੱਥਾ ਹੋਵੇਗੀ। ਇਨ੍ਹਾਂ ਖਿਡਾਰੀਆਂ ਦੀ ਡਾਈਟ ਲਈ ਹਰ ਸਾਲ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਖਿਡਾਰੀਆਂ ਨੂੰ ਵੱਖਰੇ ਤੌਰ ਤੇ ਸਨਮਾਨਿਤ ਅਤੇ ਉਤਸ਼ਾਹਿਤ ਵੀ ਕੀਤਾ ਜਾਵੇਗਾ। ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਸ. ਜਸਪ੍ਰੀਤ ਸਿੰਘ ਗਿੱਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਖੇਡ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ। ਯੂਨੀਵਰਸਿਟੀ ਦਾ ਉਦੇਸ਼ ਖਿਡਾਰੀਆਂ ਨੂੰ ਮਿਆਰੀ ਸਿੱਖਿਆ ਦੇ ਨਾਲ ਆਧੁਨਿਕ ਖੇਡ ਸਹੂਲਤਾਂ ਅਤੇ ਉਚਿਤ ਮਾਹੌਲ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਦੇਸ਼ ਅਤੇ ਵਿਦੇਸ਼ ਵਿੱਚ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਡਾ. ਪੁਸ਼ਪਿੰਦਰ ਸਿੰਘ ਗਿੱਲ ਨੇ ਦੇਸ਼ ਭਰ ਦੇ ਹੋਣਹਾਰ ਖਿਡਾਰੀਆਂ ਨੂੰ ਯੂਨੀਵਰਸਿਟੀ ਵਿੱਚ ਦਾਖਲਾ ਲੈਣ ਦਾ ਸੱਦਾ ਦਿੰਦਿਆਂ ਕਿਹਾ ਕਿ ਯੋਗ ਖਿਡਾਰੀਆਂ ਨੂੰ ਮੁਫ਼ਤ ਹੋਸਟਲ ਸਹੂਲਤ ਵੀ ਪ੍ਰਦਾਨ ਕੀਤੀ ਜਾਵੇਗੀ।