ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ
ਵਿਸਾਖੀ ਦੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਮਾਗਮ ਆਰੰਭ
Publish Date: Sun, 12 Apr 2026 05:16 PM (IST)
Updated Date: Mon, 13 Apr 2026 04:05 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ ਪਟਿਆਲਾ: ਖ਼ਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਪਾਤਸ਼ਾਹੀ ਨੌਵੀਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਵਿਖੇ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਸ੍ਰੀ ਅਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਮੁਖਵਾਕ ਲੈਣ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ, ਜਿਸ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਗਮ ਆਰੰਭ ਕੀਤੇ ਗਏ। ਇਸੇ ਤਰ੍ਹਾਂ ਪ੍ਰਬੰਧ ਅਧੀਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਨੂੰ ਸਮਰਪਿਤ ਧਾਰਮਕ ਸਮਾਗਮ ਆਯੋਜਿਤ ਕੀਤੇ ਜਾਣਗੇ ਇਸ ਸਬੰਧ ਵਿਚ ਰੂਪ ਰੇਖਾ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਮੁਕੰਮਲ ਕਰ ਲਈ ਗਈ ਹੈ। ਇਸ ਮੌਕੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ ਨੇ ਦੱਸਿਆ ਕਿ 14 ਅਪ੍ਰੈਲ ਨੂੰ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਦੀਵਾਨ ਸਜਾਏ ਜਾਣਗੇ ਅਤੇ ਹਜ਼ੂਰੀ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ। ਹੈਡ ਗ੍ਰੰਥੀ ਅਵਤਾਰ ਸਿੰਘ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਸਾਹਿਬ ਵਿਖੇ ਹਰ ਸਾਲ ਦੀ ਤਰ੍ਹਾਂ ਸਾਲਾਨਾ ਜੋੜ ਮੇਲ ਨੂੰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਤੋਂ ਬਾਅਦ ਢਾਡੀ ਦਰਬਾਰ ਦਾ ਆਯੋਜਨ ਹੋਵੇਗਾ, ਜਿਸ ਵਿਚ ਪੰਥ ਦੇ ਪ੍ਰਸਿੱਧ ਢਾਡੀ ਕਵੀਸ਼ਰੀ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਨਗੇ। ਇਸ ਦੌਰਾਨ ਮੈਨੇਜਰ ਮਨਜੀਤ ਸਿੰਘ ਕੌਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਪੰਜ ਪਿਆਰਿਆਂ ਪਾਸੋਂ ਸੰਗਤਾਂ ਨੂੰ ਅੰਮਿ੍ਰਤ ਦੀ ਦਾਤ ਵੀ ਦਿੱਤੀ ਜਾਵੇਗੀ। ਖਾਲਸਾ ਸਾਜਣਾ ਦਿਹਾੜੇ ਨੂੰ ਸਮਰਪਿਤ ਸਮਾਮਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਜਸਮੇਰ ਸਿੰਘ ਲਾਲੜੂ ਆਦਿ ਨੇ ਅਪੀਲ ਕੀਤੀ ਕਿ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਪੁੱਜ ਕੇ ਗੁਰੂ ਸਾਹਿਬ ਦੀ ਬਖਸ਼ਿਸ਼ ਹਾਸਲ ਕਰਨ। ਇਸੇ ਤਰਾਂ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਭਾਗ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਖਾਲਸਾ ਸਾਜਨਾ ਦਿਹਾੜੇ ਮੌਕੇ ਸੰਗਤਾਂ ਗੁਰੂ ਘਰ ਵੱਡੀ ਗਿਣਤੀ ’ਚ ਨਤਮਸਤਕ ਹੋਣਗੀਆਂ, ਉਥੇ ਹੀ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿਖੇ ਸਮਾਗਮ ਆਯੋਜਿਤ ਕੀਤੇ ਗਏ ਹਨ। ਇਸ ਮੌਕੇ ਬਲਵਿੰਦਰ ਸਿੰਘ ਦੌਣਕਲਾਂ, ਇੰਸਪੈਕਟਰ ਦਿਲਜੀਤ ਸਿੰਘ ਰਿਕਾਰਡ ਕੀਪਰ ਪ੍ਰਿਤਪਾਲ ਸਿੰਘ, ਸੁਖਵਿੰਦਰ ਸਿੰਘ, ਬਾਬਾ ਸੋਹਣ ਸਿੰਘ ਕਾਰ ਸੇਵਾ ਵਾਲੇ, ਅਕਾਊਟੈਂਟ ਗੁਰਮੀਤ ਸਿੰਘ, ਸਰਬਜੀਤ ਸਿੰਘ, ਹਜ਼ੂਰ ਸਿੰਘ ਆਦਿ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।