ਕਿਸਾਨਾਂ ਲਈ ਵੱਡੀ ਖ਼ਬਰ : ਖੇਤੀਬਾੜੀ ਟਿਊਬਵੈੱਲਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ VDS ਸਕੀਮ ਲਾਗੂ
ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ।
Publish Date: Wed, 30 Sep 2026 03:59 PM (IST)
Updated Date: Wed, 30 Sep 2026 04:03 PM (IST)
ਨਵਦੀਪ ਢੀਂਗਰਾ,ਪੰਜਾਬੀ ਜਾਗਰਣ ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਖੇਤੀਬਾੜੀ ਟਿਊਬਵੈੱਲ (ਏਪੀ) ਖਪਤਕਾਰਾਂ ਦੇ ਅਣਅਧਿਕਾਰਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਵਲੰਟਰੀ ਡਿਸਕਲੋਜ਼ਰ ਸਕੀਮ (VDS) ਲਾਗੂ ਕੀਤੀ ਗਈ ਹੈ। ਇਹ ਸਕੀਮ 1 ਅਕਤੂਬਰ 2026 ਤੋਂ 45 ਦਿਨਾਂ ਲਈ ਲਾਗੂ ਰਹੇਗੀ।
ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੀਐਸਪੀਸੀਐੱਲ ਮੈਨੇਜਮੈਂਟ ਵੱਲੋਂ ਜਾਰੀ ਪੱਤਰ ਅਨੁਸਾਰ ਇਹ ਸਕੀਮ 29 ਮਈ 2026 ਤੱਕ ਮੌਜੂਦ ਖੇਤੀਬਾੜੀ ਟਿਊਬਵੈੱਲ ਖਪਤਕਾਰਾਂ ’ਤੇ ਲਾਗੂ ਹੋਵੇਗੀ। ਇਸ ਸਕੀਮ ਤਹਿਤ ਖਪਤਕਾਰ ਆਪਣੇ ਕੁਨੈਕਸ਼ਨ ’ਤੇ ਮੌਜੂਦ ਅਣਅਧਿਕਾਰਤ ਵਾਧੂ ਲੋਡ ਨੂੰ ਨਿਰਧਾਰਤ ਪ੍ਰਕਿਰਿਆ ਅਨੁਸਾਰ ਨਿਯਮਤ ਕਰਵਾ ਸਕਣਗੇ।
ਸਰਕੂਲਰ ਅਨੁਸਾਰ ਇਸ ਸਕੀਮ ਤਹਿਤ ਵਾਧੂ ਲੋਡ ਨੂੰ ਨਿਯਮਤ ਕਰਨ ਲਈ ਹੁਣ ਸਰਵਿਸ ਕੁਨੈਕਸ਼ਨ ਚਾਰਜ 2,500 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤਾ ਗਿਆ ਹੈ, ਜਦਕਿ ਇਸ ਸਕੀਮ ਤੋਂ ਪਹਿਲਾਂ ਆਮ ਦਰ 6,572 ਰੁਪਏ ਪ੍ਰਤੀ ਹਾਰਸ ਪਾਵਰ ਸੀ। ਇਸੇ ਤਰ੍ਹਾਂ ਹੁਣ ਸਕਿਊਰਿਟੀ ਰਾਸ਼ੀ 200 ਰੁਪਏ ਪ੍ਰਤੀ ਹਾਰਸ ਪਾਵਰ ਨਿਰਧਾਰਤ ਕੀਤੀ ਗਈ ਹੈ, ਜਦਕਿ ਪਹਿਲਾਂ ਆਮ ਦਰ 400 ਰੁਪਏ ਪ੍ਰਤੀ ਹਾਰਸ ਪਾਵਰ ਸੀ।
ਜਾਰੀ ਹੁਕਮਾਂ ਅਨੁਸਾਰ ਖਪਤਕਾਰ ਆਪਣੇ ਖੇਤੀਬਾੜੀ ਟਿਊਬਵੈੱਲ ਦੇ ਅਣਅਧਿਕਾਰਤ ਲੋਡ ਨੂੰ ਹਟਾ ਸਕਦਾ ਹੈ ਜਾਂ ਲੋੜੀਂਦੀ ਰਾਸ਼ੀ ਜਮ੍ਹਾਂ ਕਰਵਾ ਕੇ ਵੀਡੀਐੱਸ ਤਹਿਤ ਇਸ ਨੂੰ ਨਿਯਮਤ ਕਰਵਾ ਸਕਦਾ ਹੈ। ਖਪਤਕਾਰ ਵੱਲੋਂ ਸਵੈ-ਘੋਸ਼ਣਾ ਲਈ ਨਿਰਧਾਰਤ ਫਾਰਮ 1 ਭਰਨਾ ਹੋਵੇਗਾ ਅਤੇ ਜੇਕਰ ਕਾਰਵਾਈ ਖਪਤਕਾਰ ਦੇ ਕਿਸੇ ਹੋਰ ਪ੍ਰਤੀਨਿਧੀ ਰਾਹੀਂ ਕੀਤੀ ਜਾਂਦੀ ਹੈ ਤਾਂ ਉਸ ਵੱਲੋਂ ਫਾਰਮ 2 ਅਨੁਸਾਰ ਅੰਡਰਟੇਕਿੰਗ ਵੀ ਦੇਣੀ ਹੋਵੇਗੀ।
ਇਸ ਸਕੀਮ ਤਹਿਤ ਫੀਲਡ ਅਧਿਕਾਰੀ ਅਤੇ ਇਨਫੋਰਸਮੈਂਟ ਟੀਮਾਂ ਖੇਤੀਬਾੜੀ ਖਪਤਕਾਰਾਂ ਦੇ ਕੁਨੈਕਸ਼ਨਾਂ ਦੀ ਜਾਂਚ ਕਰਕੇ ਜੁੜੇ ਹੋਏ ਲੋਡ ਦੀ ਤਸਦੀਕ ਕਰਨਗੀਆਂ ਅਤੇ ਅਣਅਧਿਕਾਰਤ ਲੋਡ ਦੀ ਸਹੀ ਅਸੈਸਮੈਂਟ ਵਿੱਚ ਖਪਤਕਾਰਾਂ ਦੀ ਸਹਾਇਤਾ ਕਰਨਗੀਆਂ। ਵੀਡੀਐੱਸ ਦੀ ਮਿਆਦ ਦੌਰਾਨ ਜਾਂਚ ਦੌਰਾਨ ਸਾਹਮਣੇ ਆਏ ਜਾਂ ਖਪਤਕਾਰ ਵੱਲੋਂ ਖੁਦ ਘੋਸ਼ਿਤ ਕੀਤੇ ਅਣਅਧਿਕਾਰਤ ਲੋਡ ’ਤੇ ਕੋਈ ਪੈਨਲਟੀ ਜਾਂ ਲੋਡ ਸਰਚਾਰਜ (ਜੁਰਮਾਨਾ) ਨਹੀਂ ਲਗਾਇਆ ਜਾਵੇਗਾ।