
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਟੇਟ ਕਾਲਜ ਆਫ਼ ਐਜੂਕੇਸ਼ਨ ਪਟਿਆਲਾ ਵਿਖੇ ਵੋਟਰ ਰਜਿਸਟਰੇਸ਼ਨ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਥਾਨਕ ਸਰਕਾਰੀ ਸਟੇਟ ਕਾਲਜ ਆਫ਼ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਪ੍ਰੋ. (ਡਾ.) ਵਨੀਤਾ ਰਾਣੀ ਦੀ ਅਗਵਾਈ ਹੇਠ ਵੋਟਰ ਰਜਿਸਟਰੇਸ਼ਨ ਕੈਂਪ ਲਗਾਇਆ ਗਿਆ। ਇਸ ਮੌਕੇ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰਿੰਸੀਪਲ ਡਾ. ਸਵਿੰਦਰ ਸਿੰਘ ਰੇਖੀ ਨੇ ਮੁੱਖ ਮਹਿਮਾਨ ਵਜੋਂ ਅਤੇ ਸ੍ਰੀ ਮੋਹਿਤ ਕੋਸ਼ਲ, ਸਹਾਇਕ ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰਿੰਸੀਪਲ ਪ੍ਰੋ. ਡਾ. ਵਨੀਤਾ ਰਾਣੀ ਨੇ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਅਤੇ ਇਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਲਈ ਚੋਣ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਡਾ. ਸਵਿੰਦਰ ਸਿੰਘ ਰੇਖੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਵੋਟਰ ਰਜਿਸਟਰੇਸ਼ਨ ਵਧਾਉਣ ਵਿਚ ਉਨ੍ਹਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਭਾਰਤੀ ਚੋਣ ਕਮਿਸ਼ਨ ਦੀਆਂ ਡਿਜੀਟਲ ਸੇਵਾਵਾਂ, ਈ.ਸੀ.ਆਈ. ਨੈੱਟ, ਵੋਟਰ ਹੈਲਪਲਾਈਨ ਨੰਬਰ 1950 ਅਤੇ ਵੱਖ-ਵੱਖ ਮੋਬਾਈਲ ਐਪਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਕੈਂਪ ਦੌਰਾਨ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਬੀ.ਐਡ. ਤੇ ਐਮ.ਐਡ. ਦੀਆਂ ਵਿਦਿਆਰਥਣਾਂ ਹਰਮਨ, ਹੁਸਨਦੀਪ ਅਤੇ ਹਰਸਿਮਰਨ ਕੌਰ ਨੇ “ਲੋਕਤੰਤਰ ਦੀ ਮਜ਼ਬੂਤੀ ਵਿੱਚ ਨੌਜਵਾਨਾਂ ਦੀ ਭੂਮਿਕਾ” ਵਿਸ਼ੇ ’ਤੇ ਆਪਣੇ ਵਿਚਾਰ ਪੇਸ਼ ਕੀਤੇ। ਮੰਚ ਸੰਚਾਲਨ ਸਹਾਇਕ ਪ੍ਰੋ. ਡਾ. ਕੁਲਜੀਤ ਕੌਰ ਨੇ ਕੀਤਾ, ਜਦਕਿ ਪ੍ਰੋ. ਜਗਦੇਵ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ।