ਹਰ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਏ : ਰੇਖੀ ਹਰ ਯੋਗ ਨਾਗਰਿਕ ਵੋਟਰ ਵਜੋਂ ਰਜਿਸਟ੍ਰੇਸ਼ਨ ਕਰਵਾਏ: ਰੇਖੀ
Publish Date: Thu, 29 Oct 2026 04:51 PM (IST)
Updated Date: Thu, 29 Oct 2026 04:52 PM (IST)
ਫੋਟੋ 29ਪੀਟੀਐੱਲ- 13 ਪੱਤਰ ਪ੍ਰੇਰਕ•, ਪੰਜਾਬੀ ਜਾਗਰਣ•, ਪਟਿਆਲਾ- ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਪਟਿਆਲਾ-ਕਮ-ਪ੍ਰਿੰਸੀਪਲ ਸਰਕਾਰੀ ਗਰਲਜ਼ ਕਾਲਜ ਡਾ. ਸਵਿੰਦਰ ਸਿੰਘ ਰੇਖੀ ਸਵੀਪ ਨੋਡਲ ਅਫ਼ਸਰ 115-ਪਟਿਆਲਾ ਰੁਪਿੰਦਰ ਸਿੰਘ ਅਤੇ ਪ੍ਰੋ. ਜਗਤਾਰ ਸਿੰਘ ਨੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਚੱਲ ਰਹੇ ਖੇਤਰੀ ਯੁਵਕ ਮੇਲੇ ਦੌਰਾਨ ਨੌਜਵਾਨਾਂ ਨੂੰ ਲੋਕਤੰਤਰ ਦੀ ਮਜ਼ਬੂਤੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਹਰ ਯੋਗ ਨਾਗਰਿਕ ਦੀ ਵੋਟਰ ਵਜੋਂ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹੋਣ ਦੇ ਨਾਲ-ਨਾਲ ਵਰਤਮਾਨ ਦੀ ਮਹੱਤਵਪੂਰਨ ਤਾਕਤ ਵੀ ਹਨ। ਨੌਜਵਾਨਾਂ ਦੀ ਜਾਗਰੂਕਤਾ, ਸੋਚ ਅਤੇ ਲੋਕਤੰਤਰੀ ਪ੍ਰਕਿਰਿਆ ਵਿੱਚ ਭਾਗੀਦਾਰੀ ਦੇਸ਼ ਦੇ ਲੋਕਤੰਤਰ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ। ਵੋਟ ਦਾ ਅਧਿਕਾਰ ਹਰ ਯੋਗ ਨਾਗਰਿਕ ਨੂੰ ਆਪਣੀ ਆਵਾਜ਼ ਬੁਲੰਦ ਕਰਨ ਦਾ ਮੌਕਾ ਦਿੰਦਾ ਹੈ ਅਤੇ ਵੋਟ ਪਾਉਣਾ ਇੱਕ ਮਹੱਤਵਪੂਰਨ ਨਾਗਰਿਕ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਅਪੀਲ ਕੀਤੀ ਕਿ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਯੋਗ ਨੌਜਵਾਨ ਆਪਣੀ ਵੋਟਰ ਰਜਿਸਟ੍ਰੇਸ਼ਨ ਜ਼ਰੂਰ ਕਰਵਾਉਣ ਅਤੇ 100 ਫ਼ੀਸਦੀ ਵੋਟਰ ਰਜਿਸਟ੍ਰੇਸ਼ਨ ਦੇ ਟੀਚੇ ਦੀ ਪ੍ਰਾਪਤੀ ਵਿੱਚ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਅਜੇ 18 ਸਾਲ ਦੀ ਉਮਰ ਪੂਰੀ ਨਹੀਂ ਕਰ ਸਕੇ, ਉਹ ਵੀ ਆਪਣੇ ਪਰਿਵਾਰਕ ਮੈਂਬਰਾਂ, ਦੋਸਤਾਂ ਅਤੇ ਆਲੇ-ਦੁਆਲੇ ਦੇ ਲੋਕਾਂ ਨੂੰ ਵੋਟਰ ਜਾਗਰੂਕਤਾ ਦਾ ਸੰਦੇਸ਼ ਦੇ ਸਕਦੇ ਹਨ। ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਨੇ ਚੋਣ ਕਮਿਸ਼ਨ ਦੀਆਂ ਡਿਜੀਟਲ ਸਹੂਲਤਾਂ ਬਾਰੇ ਜਾਣਕਾਰੀ ਦਿੰਦਿਆਂ ਨੌਜਵਾਨਾਂ ਨੂੰ ਈਸੀਆਈ ਵੋਟਰ ਹੈਲਪਲਾਈਨ ਐਪ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਇਸ ਐਪ ਰਾਹੀਂ ਵੋਟਰ ਰਜਿਸਟ੍ਰੇਸ਼ਨ, ਵੋਟਰ ਸੂਚੀ ਵਿੱਚ ਆਪਣਾ ਨਾਮ ਚੈੱਕ ਕਰਨ ਅਤੇ ਚੋਣਾਂ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਮੋਬਾਈਲ ਫ਼ੋਨਾਂ ਵਿੱਚ ਚੋਣ ਕਮਿਸ਼ਨ ਦੀ ਅਧਿਕਾਰਤ ਐਪ ਇੰਸਟਾਲ ਕਰਨ ਅਤੇ ਇਸ ਬਾਰੇ ਆਪਣੇ ਸਾਥੀਆਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਵਿਦਿਆਰਥੀਆਂ ਨੂੰ ਕਾਲਜਾਂ ਵਿੱਚ ਸਥਾਪਿਤ ਈਐਲਸੀ (ਚੋਣ ਸਾਖਰਤਾ ਕਲੱਬ) ਦੇ ਮੈਂਬਰ ਅਤੇ ਵਲੰਟੀਅਰ ਬਣਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਈਐਲਸੀ ਰਾਹੀਂ ਵਿਦਿਆਰਥੀ ਵੋਟਰ ਜਾਗਰੂਕਤਾ ਗਤੀਵਿਧੀਆਂ, ਪੋਸਟਰ ਮੇਕਿੰਗ, ਨਾਅਰੇ ਲਿਖਣ, ਰੈਲੀਆਂ, ਨੁੱਕੜ ਨਾਟਕਾਂ ਅਤੇ ਸੋਸ਼ਲ ਮੀਡੀਆ ਮੁਹਿੰਮਾਂ ਵਿੱਚ ਹਿੱਸਾ ਲੈ ਕੇ ਲੋਕਾਂ ਨੂੰ ਵੋਟ ਦੇ ਅਧਿਕਾਰ ਅਤੇ ਵੋਟਰ ਰਜਿਸਟ੍ਰੇਸ਼ਨ ਦੀ ਮਹੱਤਤਾ ਬਾਰੇ ਜਾਗਰੂਕ ਕਰ ਸਕਦੇ ਹਨ। ਅੰਤ ਵਿੱਚ ਪ੍ਰੋ. ਰੇਖੀ ਨੇ ਕਿਹਾ ਕਿ ਜਾਗਰੂਕ ਵੋਟਰ, ਮਜ਼ਬੂਤ ਲੋਕਤੰਤਰ ਦੀ ਨੀਂਹ ਹਨ।