- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੀਵਰੇਜ ਬੰਦ ਹੋਣ ਕਾਰਨ ਵਾਰਡ ਵਾਸੀ ਪਰੇਸ਼ਾਨ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸ਼ਹਿਰ ਦੇ ਵਾਰਡ ਨੰਬਰ ਚਾਰ ’ਚ ਸੀਵਰੇਜ ਬੰਦ ਹੋ ਜਾਣ ਕਾਰਨ ਵਾਰਡ ਵਾਸੀਆਂ ਨੂੰ ਨਰਕ ਭਰੀ ਜ਼ਿੰਦਗੀ ਜਿਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਗਲੀਆਂ ’ਚ ਭਰੇ ਹੋਏ ਸੀਵਰੇਜ ਦੇ ਪਾਣੀ ਨੂੰ ਦਿਖਾਉਂਦੇ ਹੋਏ ਵਾਰਡ ਦੇ ਵਸਨੀਕ ਅਮਨਦੀਪ ਸਿੰਘ, ਅਮਿਤ ਕੁਮਾਰ, ਰਾਮ ਸਿੰਘ, ਸੰਜਨਾ, ਜੀਤ ਰਾਮ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਤੋਂ ਇਲਾਵਾ ਹੋਰ ਵਾਰਡ ਵਾਸੀਆਂ ਨੇ ਦੱਸਿਆ ਕਿ ਵਾਰਡ ਵਿਚ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਬੰਦ ਹੋ ਜਾਣ ਕਾਰਨ ਗੰਦਾ ਪਾਣੀ ਗਲੀਆਂ ਵਿਚ ਘੁੰਮ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਬੰਦ ਹੋਣ ਕਾਰਨ ਇਹ ਗੰਦਾ ਪਾਣੀ ਘਰਾਂ ਵਿਚ ਵੜ ਗਿਆ ਹੈ ਅਤੇ ਘਰਾਂ ਦੇ ਅੱਗੇ ਭਰੇ ਗੰਦੇ ਪਾਣੀ ’ਚੋਂ ਆਉਂਦੀ ਬਦਬੂ ਕਾਰਨ ਵਾਰਡ ਵਾਸੀ ਕਦੇ ਵੀ ਭਿਆਨਕ ਬਿਮਾਰੀ ਦੀ ਲਪੇਟ ਵਿੱਚ ਆ ਸਕਦੇ ਹਨ। ਵਾਰਡ ਵਾਸੀਆਂ ਨੇ ਦੱਸਿਆ ਕਿ ਸੀਵਰੇਜ ਬੰਦ ਹੋਣ ਦੀ ਸਮੱਸਿਆ ਬਾਰੇ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਸੂਚਿਤ ਕੀਤੇ ਜਾਣ ਦੇ ਬਾਵਜੂਦ ਵੀ ਇਸ ਸਮੱਸਿਆ ਦਾ ਕੋਈ ਹੱਲ ਨਹੀਂ ਹੋਇਆ। ਉਨ੍ਹਾਂ ਦੱਸਿਆ ਕਿ ਸੀਵਰੇਜ ਦੇ ਗੰਦੇ ਪਾਣੀ ਕਾਰਨ ਵਾਰਡ ਦੇ ਵਸਨੀਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਾਰਡ ਵਾਸੀਆਂ ਨੇ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੇਕਰ ਜਲਦੀ ਹੀ ਉਹਨਾਂ ਦੀ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਉਹ ਨਗਰ ਕੌਂਸਲ ਦੇ ਦਫ਼ਤਰ ਅੱਗੇ ਧਰਨਾ ਦੇਣ ਲਈ ਮਜਬੂਰ ਹੋਣਗੇ, ਜਿਸਦੀ ਸਾਰੀ ਜ਼ਿੰਮੇਵਾਰੀ ਨਗਰ ਕੌਂਸਲ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਦੀ ਹੋਵੇਗੀ। ਇੱਕ ਪਾਸੇ ਮੁੱਖ ਮੰਤਰੀ ਅਤੇ ਸੱਤਾਧਾਰੀ ਪਾਰਟੀ ਦੇ ਨੁਮਾਇੰਦੇ ਸ਼ਹਿਰ ਦੇ ਚੁੰਹ ਤਰਫ਼ਾਂ ਵਿਕਾਸ ਦੇ ਦਾਅਵੇ ਕਰਦੇ ਨਹੀਂ ਥੱਕਦੇ ਜਦੋਂ ਕਿ ਜਮੀਨੀ ਹਕੀਕਤ ਇਹ ਹੈ ਕਿ ਸ਼ਹਿਰ ਵਿੱਚ ਲੋਕ ਸੀਵਰੇਜ, ਪੀਣ ਵਾਲੇ ਪਾਣੀ, ਆਵਾਰਾ ਪਸ਼ੂਆਂ ਅਤੇ ਕੁੱਤਿਆਂ ਦੀ ਸਮੱਸਿਆ ਨਾਲ ਜੂਝ ਰਹੇ ਹਨ।