- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਵਾਂਗੇ: ਨਰਿੰਦਰ ਸਿੰਘ ਭਿੰਡਰ

ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗੜ੍ਹ : ਬਾਬਾ ਬਕਾਲਾ ਸਾਹਿਬ ਵਿਖੇ ਹੋਈ ਰੈਲੀ ਦੌਰਾਨ ਅਕਾਲੀ ਦਲ ਵਾਰਿਸ ਪੰਜਾਬ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੱਲੋਂ ਪੰਜਾਬ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਦਾ ਪਹਿਲਾ ਅਹਿਦ ਲਿਆ ਗਿਆ। ਇਸ ਮੌਕੇ ਬਾਪੂ ਤਰਸੇਮ ਸਿੰਘ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੱਢਣਾ ਪਾਰਟੀ ਦੀ ਪਹਿਲੀ ਤਰਜੀਹ ਹੋਵੇਗੀ। ਬਾਪੂ ਤਰਸੇਮ ਸਿੰਘ ਦੇ ਅਨੁਸਾਰ ਪਿੰਡ-ਪਿੰਡ ਨਸ਼ਾ ਵਿਰੋਧੀ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ। ਇਨ੍ਹਾਂ ਕਮੇਟੀਆਂ ਨੂੰ ਵਿਧਾਨ ਸਭਾ ਨਾਲ ਐਫਿਲੀਏਟ ਕੀਤਾ ਜਾਵੇਗਾ ਅਤੇ ਇਨ੍ਹਾਂ ਦੀ ਨੁਮਾਇੰਦਗੀ ਮੁੱਖ ਤੌਰ ’ਤੇ ਬੀਬੀਆਂ ਵੱਲੋਂ ਕੀਤੀ ਜਾਵੇਗੀ। ਪੁਲਿਸ ਪ੍ਰਬੰਧ ਇਨ੍ਹਾਂ ਕਮੇਟੀਆਂ ਦੇ ਅਧੀਨ ਜਵਾਬਦੇਹ ਹੋਵੇਗਾ, ਨਾ ਕਿ ਕਮੇਟੀਆਂ ਪੁਲਿਸ ਦੇ ਦਬਾਅ ਹੇਠ ਕੰਮ ਕਰਨਗੀਆਂ। ਕਮੇਟੀਆਂ ਨੂੰ ਨਸ਼ਾ ਤਸਕਰੀ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਭੂਮਿਕਾ ਦਿੱਤੀ ਜਾਵੇਗੀ। ਇਸ ਅਹਿਦ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਪਟਿਆਲਾ ਜ਼ਿਲ੍ਹੇ ਦੇ ਹਲਕਾ ਸਨੌਰ ’ਚ ਨਰਿੰਦਰ ਸਿੰਘ ਭਿੰਡਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿੰਡ-ਪਿੰਡ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਭਿੰਡਰ ਨੇ ਕਿਹਾ ਕਿ ਇਹ ਸਿਰਫ਼ ਇੱਕ ਸਿਆਸੀ ਐਲਾਨ ਨਹੀਂ, ਸਗੋਂ ਪੰਜਾਬ ਦੀ ਨੌਜਵਾਨੀ ਦੇ ਭਵਿੱਖ ਨੂੰ ਬਚਾਉਣ ਲਈ ਇੱਕ ਸਮਾਜਿਕ ਮੁਹਿੰਮ ਹੈ। ਉਨ੍ਹਾਂ ਕਿਹਾ ਕਿ “ਸਾਡਾ ਮਕਸਦ ਪੰਜਾਬ ਨੂੰ ਮੁੜ ਰੰਗਲਾ, ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਨੌਰ ਤੋਂ ਸ਼ੁਰੂ ਕੀਤੀ ਇਹ ਮੁਹਿੰਮ ਆਉਣ ਵਾਲੇ ਸਮੇਂ ਵਿਚ ਹੋਰ ਪਿੰਡਾਂ ਤੱਕ ਲਿਜਾਈ ਜਾਵੇਗੀ ਅਤੇ ਲੋਕਾਂ ਨੂੰ ਨਾਲ ਲੈ ਕੇ ਨਸ਼ਿਆਂ ਵਿਰੁੱਧ ਇੱਕ ਮਜ਼ਬੂਤ ਸਮਾਜਿਕ ਲਹਿਰ ਖੜ੍ਹੀ ਕੀਤੀ ਜਾਵੇਗੀ।