ਰਾਜਪੁਰਾ-ਬਨੂੜ ਨੂੰ ਮਾਡਲ ਸ਼ਹਿਰ ਬਣਾਵਾਂਗੇ : ਸਿਸੋਦੀਆ ਰਾਜਪੁਰਾ-ਬਨੂੰੜ ਨੂੰ ਮਾਡਲ ਸ਼ਹਿਰ ਬਣਾਵਾਂਗੇ: ਸਿਸੋਦੀਆ
Publish Date: Thu, 30 Jul 2026 05:10 PM (IST)
Updated Date: Fri, 31 Jul 2026 04:05 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਮੁਨੀਸ਼ ਸਿਸੋਦੀਆ ਨੇ ਵਿਧਾਇਕਾ ਨੀਨਾ ਮਿੱਤਲ ਦੀ ਅਗਵਾਈ ਹੇਠ ਰਾਜਪੁਰਾ ਅਤੇ ਬਨੂੰੜ ਨਗਰ ਕੌਂਸਲਾਂ ਦੇ ਪ੍ਰਧਾਨਾਂ ਅਤੇ ਕੌਂਸਲਰਾਂ ਨਾਲ ਅਹਿਮ ਮੀਟਿੰਗ ਕਰਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਅਤੇ ਲੋਕਾਂ ਦੀਆਂ ਉਮੀਦਾਂ ਤੇ ਖਰਾ ਉਤਰਣ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਸਿਸੋਦੀਆ ਨੇ ਨਵੇਂ ਚੁਣੇ ਗਏ ਪ੍ਰਧਾਨਾਂ ਅਤੇ ਕੌਂਸਲਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਰਾਜਪੁਰਾ, ਜੋ ਪੰਜਾਬ ਦਾ ਪ੍ਰਵੇਸ਼ ਦੁਆਰ ਹੈ, ਨੂੰ ਸੂਬੇ ਦੇ ਸਭ ਤੋਂ ਸੁੰਦਰ, ਸਾਫ਼-ਸੁਥਰੇ ਅਤੇ ਸੁਚੱਜੇ ਸ਼ਹਿਰਾਂ ਵਿੱਚ ਸ਼ਾਮਲ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਪਹਿਚਾਣ ਸਿਰਫ਼ ਇਮਾਰਤਾਂ ਨਾਲ ਨਹੀਂ, ਸਗੋਂ ਸਫ਼ਾਈ, ਹਰਿਆਵਲੀ, ਸੁਚੱਜੇ ਪ੍ਰਬੰਧ ਅਤੇ ਲੋਕਾਂ ਦੀ ਭਾਗੀਦਾਰੀ ਨਾਲ ਬਣਦੀ ਹੈ। ਉਨ੍ਹਾਂ ਕੌਂਸਲਰਾਂ ਨੂੰ ਆਪਣੇ-ਆਪਣੇ ਵਾਰਡਾਂ ਵਿੱਚ ਸਫ਼ਾਈ, ਕੂੜਾ ਪ੍ਰਬੰਧਨ, ਰੁੱਖ ਲਗਾਉਣ, ਪਾਰਕਾਂ ਦੀ ਸੰਭਾਲ ਅਤੇ ਵਾਤਾਵਰਣ ਸੁਰੱਖਿਆ ਨੂੰ ਪਹਿਲ ਦੇਣ ਲਈ ਪ੍ਰੇਰਿਤ ਕੀਤਾ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜਪੁਰਾ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਸੜਕਾਂ, ਸੀਵਰੇਜ, ਸਟਰੀਟ ਲਾਈਟਾਂ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਕਈ ਵਿਕਾਸ ਪ੍ਰੋਜੈਕਟਾਂ ਤੇ ਕੰਮ ਚੱਲ ਰਿਹਾ ਹੈ। ਇਸ ਸਬੰਧੀ ਮੁਨੀਸ਼ ਸਿਸੋਦੀਆ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਵੀ ਕੀਤਾ ਗਿਆ। ਮੀਟਿੰਗ ਦੌਰਾਨ ਵਿਕਾਸ ਦੇ ਨਾਲ-ਨਾਲ ਵਾਤਾਵਰਣ ਸੰਭਾਲ ਅਤੇ ਸਫ਼ਾਈ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਵਧਾਉਣ ਤੇ ਵੀ ਜ਼ੋਰ ਦਿੱਤਾ ਗਿਆ। ਅੰਤ ਵਿੱਚ ਕੌਂਸਲਰਾਂ ਨੇ ਭਰੋਸਾ ਦਿੱਤਾ ਕਿ ਉਹ ਆਪਣੇ-ਆਪਣੇ ਵਾਰਡਾਂ ਵਿੱਚ ਸਾਫ਼-ਸਫ਼ਾਈ, ਹਰਿਆਵਲੀ ਅਤੇ ਵਿਕਾਸ ਕਾਰਜਾਂ ਨੂੰ ਪੂਰੀ ਇਮਾਨਦਾਰੀ ਨਾਲ ਅੱਗੇ ਵਧਾਉਣਗੇ ਤਾਂ ਜੋ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕੀਤਾ ਜਾ ਸਕੇ। ਇਸ ਮੌਕੇ ਐਡਵੋਕੇਟ ਲਵੀਸ ਮਿੱਤਲ, ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਰਿਤੇਸ਼ ਬਾਸਲ, ਸੀਨੀਅਰ ਮੀਤ ਪ੍ਰਧਾਨ ਦੇਸ਼ ਰਾਜ, ਮੀਤ ਪ੍ਰਧਾਨ ਕਲਪਨਾ ਕੁਕਰੇਜਾ, ਨਗਰ ਕੌਂਸਲ ਬਨੂੰੜ ਦੇ ਪ੍ਰਧਾਨ ਬਲਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਲਖਵਿੰਦਰ ਸਿੰਘ ਲੱਕੀ, ਆਪ ਜ਼ਿਲ੍ਹਾ ਜੁਆਇੰਟ ਸਕੱਤਰ ਯੂਥ ਵਿੰਗ ਸਵਰਨ ਸਿੰਘ, ਭਜਨ ਲਾਲ ਨੰਦਾ, ਕੌਂਸਲਰ ਰਮਨ ਟਿਵਾਣਾ, ਗੁਰਧਿਆਨ ਸਿੰਘ ਜੋਗਾ, ਕੌਸਲਰ ਕ੍ਰਿਸ਼ਨ ਕੁਮਾਰ ਫੋਜੀ, ਰਿੰਕੂ ਕੁਕਰੇਜਾ, ਗੁਰਸ਼ਰਨ ਸਿੰਘ ਵਿੱਰਕ ਅਤੇ ਹੋਰ ਕੌਂਸਲਰ ਵੀ ਮੌਜੂਦ ਸਨ।