- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਟਕਰ ਨੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਜ਼ਮ ਵਿਦੇਸ਼ੀ ਕੋਚ ਨੂੰ ਤੁਰੰਤ ਟਰੇਸ ਕਰ ਕੇ ਗ੍ਰਿਫ਼ਤਾਰ ਕਰਨ, ਮਾਮਲੇ ਦੀ ਸਮਾਂਬੱਧ ਜਾਂਚ ਕਰਨ ਅਤੇ ਡਿਜੀਟਲ ਤੇ ਫੋਰੈਂਸਿਕ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਰਾਸ਼ਟਰੀ ਮਹਿਲਾ ਕਮਿਸ਼ਨ ਨੇ ਪਟਿਆਲਾ ਸਥਿਤ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (ਐੱਨ.ਆਈ.ਐੱਸ.) ਦੇ 'ਨੈਸ਼ਨਲ ਸੈਂਟਰ ਆਫ਼ ਐਕਸੀਲੈਂਸ' ਵਿਖੇ ਸਿਖਲਾਈ ਲੈ ਰਹੀ ਨਾਬਾਲਗ ਖਿਡਾਰਣ ਨਾਲ ਜਿਨਸੀ ਸ਼ੋਸ਼ਣ ਅਤੇ ਜਬਰ ਜਨਾਹ ਦੇ ਦੋਸ਼ਾਂ ਦਾ ਖ਼ੁਦ ਨੋਟਿਸ ਲਿਆ ਹੈ। ਕੋਚ ਦੀ ਤੁਰੰਤ ਗ੍ਰਿਫਤਾਰੀ ਦੇ ਨਾਲ ਸੱਤ ਦਿਨਾਂ ਅੰਦਰ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਕੌਮੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵਿਜਯਾ ਰਾਹਟਕਰ ਨੇ ਸਬੰਧਤ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਮੁਲਜ਼ਮ ਵਿਦੇਸ਼ੀ ਕੋਚ ਨੂੰ ਤੁਰੰਤ ਟਰੇਸ ਕਰ ਕੇ ਗ੍ਰਿਫ਼ਤਾਰ ਕਰਨ, ਮਾਮਲੇ ਦੀ ਸਮਾਂਬੱਧ ਜਾਂਚ ਕਰਨ ਅਤੇ ਡਿਜੀਟਲ ਤੇ ਫੋਰੈਂਸਿਕ ਸਬੂਤਾਂ ਨੂੰ ਸੁਰੱਖਿਅਤ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਮੁਲਜ਼ਮ ਵਿਰੁੱਧ ਪੋਕਸੋ ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਸਖ਼ਤ ਧਾਰਾਵਾਂ ਤਹਿਤ ਕਾਰਵਾਈ ਕਰਨ ਦੇ ਨਾਲ-ਨਾਲ ਸੰਸਥਾਗਤ ਪੱਧਰ 'ਤੇ ਹੋਈ ਕਿਸੇ ਵੀ ਲਾਪਰਵਾਹੀ ਦੀ ਜਾਂਚ ਦੀ ਮੰਗ ਵੀ ਕੀਤੀ ਹੈ। ਇਸ ਤੋਂ ਇਲਾਵਾ ਕਮਿਸ਼ਨ ਨੇ ਪੀੜਤ ਨਾਬਾਲਗ ਖਿਡਾਰਨ ਅਤੇ ਉਸ ਦੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ, ਕਾਨੂੰਨੀ ਸਹਾਇਤਾ, ਡਾਕਟਰੀ ਤੇ ਮਨੋਵਿਗਿਆਨਕ ਸਹਾਇਤਾ ਪ੍ਰਦਾਨ ਕਰਨ ਅਤੇ ਪੀੜਤ ਮੁਆਵਜ਼ਾ ਦੇਣ ਲਈ ਕਿਹਾ ਹੈ। ਕਮਿਸ਼ਨ ਨੇ ਸਬੰਧਤ ਅਥਾਰਟੀਆਂ ਤੋਂ ਇਸ ਪੂਰੇ ਮਾਮਲੇ 'ਤੇ ਸੱਤ ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਤਲਬ ਕੀਤੀ ਹੈ।