ਕੇਦਰ ਸਰਕਾਰ ਖ਼ਿਲਾਫ ਮਜ਼ਦੂਰਾਂ ਦਾ ਗੁੱਸਾ ਫੁੱਟਿਆ
ਕੇਦਰ ਸਰਕਾਰ ਖ਼ਿਲਾਫ ਮਜ਼ਦੂਰਾਂ ਦਾ ਗੁੱਸਾ ਫੁੱਟਿਆ
Publish Date: Mon, 12 Jan 2026 04:22 PM (IST)
Updated Date: Tue, 13 Jan 2026 04:03 AM (IST)

ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਪਿੱਟ ਸਿਆਪਾ ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਨਰੇਗਾ ਕਾਨੂੰਨ ਨੂੰ ਬਦਲ ਕੇ ਨਵਾਂ ਵਿਕਾਸ ਭਾਰਤ ਜੀ ਰਾਮ ਜੀ ਕਾਨੂੰਨ ਬਣਾਏ ਜਾਣ ਦੇ ਖ਼ਿਲਾਫ਼ ਆਮ ਪਾਰਟੀ ਦੇ ਐੱਸਸੀ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ ਦੀ ਅਗਵਾਈ ਹੇਠ ਸਬ ਡਿਵੀਜ਼ਨਲ ਦਿੜ੍ਹਬਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਤੇ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਪ੍ਰੀਤ ਸਿੰਘ ਜੀਪੀ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਕੇਂਦਰ ਸਰਕਾਰ ਮਜ਼ਦੂਰਾਂ ਨਾਲ ਸ਼ਰੇਆਮ ਵਿਤਕਰਾ ਕਰ ਕੇ ਉਨ੍ਹਾਂ ਨੂੰ ਰੋਟੀ ਰੋਜ਼ੀ ਤੋਂ ਵਾਂਝੇ ਕਰ ਰਹੀ ਹੈ। ਪੁਰਾਣੇ ਮਨਰੇਗਾ ਕਾਨੂੰਨ ਅਨੁਸਾਰ ਸੂਬਾ ਸਰਕਾਰ ਜਾਂ ਸਰਪੰਚ ਆਪਣੀ ਮਰਜ਼ੀ ਨਾਲ ਮਨਰੇਗਾ ਮਜ਼ਦੂਰਾਂ ਨੂੰ ਕੰਮ ਦੇ ਦਿੰਦਾ ਸੀ। ਇਸ ਸਕੀਮ ਵਿਚ ਸੂਬਾ ਸਰਕਾਰ ਦੀ ਸਿਰਫ 10 ਫੀਸਦੀ ਖਰਚ ਕਰਨ ਦੀ ਹਿੱਸੇਦਾਰੀ ਸੀ। ਪਰ ਨਵਾਂ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਨੇ 60 ਫੀਸਦੀ ਕੇਂਦਰ ਦੇ ਹਿੱਸੇ ਤੇ 40 ਫੀਸਦੀ ਸੂਬਾ ਸਰਕਾਰਾਂ ਦੇ ਹਿੱਸੇ ਪਾ ਦਿੱਤਾ। ਇੱਥੇ ਹੀ ਬੱਸ ਨਹੀਂ ਹੁਣ ਮਨਰੇਗਾ ਮਜ਼ਦੂਰਾਂ ਨੂੰ ਕੰਮ ਕਰਨਾ ਬਹੁਤ ਮੁਸ਼ਕਲ ਹੋ ਜਾਵੇਗਾ। ਸਰਪੰਚ ਜਾ ਸੂਬਾ ਸਰਕਾਰ ਦੇ ਹੱਥ ਵਿਚ ਕੁਝ ਨਹੀਂ ਰਹੇਗਾ ਉਹ ਆਪਣੀ ਮਰਜ਼ੀ ਨਾਲ ਇਨ੍ਹਾਂ ਨੂੰ ਕੰਮ ਨਹੀਂ ਦੇ ਸਕੇਗੀ ਤੇ ਜੋ ਕੇਂਦਰ ਸਰਕਾਰ ਵੱਲੋਂ ਹੁਕਮ ਆਉਣਗੇ ਉਸ ਦੇ ਅਨੁਸਾਰ ਹੀ ਮਨਰੇਗਾ ਮਜ਼ਦੂਰਾਂ ਨੂੰ ਕੰਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਹੋਰ ਕਰਮਚਾਰੀ ਮਨਰੇਗਾ ਨਾਲ ਜੁੜੇ ਹੋਏ ਹਨ ਉਨ੍ਹਾਂ ਦੇ ਰੁਜ਼ਗਾਰ ਦੀ ਬਹਾਲੀ ਲਈ ਵੀ ਪੰਜਾਬ ਸਰਕਾਰ ਠੋਸ ਕਦਮ ਚੁੱਕ ਰਹੀ ਹੈ। ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਮਨਰੇਗਾ ਕਾਨੂੰਨ ਵਾਪਸ ਨਹੀਂ ਲਿਆ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਚੇਅਰਪਰਸਨ ਜਸਵੀਰ ਕੌਰ ਸ਼ੇਰਗਿਲ, ਚੇਅਰਮੈਨ ਹਰਵਿੰਦਰ ਸਿੰਘ ਛਾਜਲੀ, ਨਗਰ ਪੰਚਾਇਤ ਦਿੜ੍ਹਬਾ ਦੇ ਪ੍ਰਧਾਨ ਮਨਿੰਦਰ ਸਿੰਘ ਘੁਮਾਣ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਖੇਤਲਾ, ਸਰਪੰਚ ਰਾਜ ਸਿੰਘ ਸਿੱਧੂ, ਸਰਪੰਚ ਸੰਦੀਪ ਸਿੰਘ ਖੇਤਲਾ, ਸਰਪੰਚ ਹਰਪ੍ਰੀਤ ਸਿੰਘ ਜਨਾਲ, ਐੱਮਸੀ ਸੁਸ਼ੀਲ ਕੁਮਾਰ, ਐਮਸੀ ਬਲਵਿੰਦਰ ਸਿੰਘ ਹਾਜ਼ਰ ਸਨ।