ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਨਸ਼ਾ ਵੇਚਣ ਦਾ ਵਿਰੋਧ ਕਰਨ 'ਤੇ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Publish Date: Sat, 11 Jul 2026 06:27 PM (IST)
Updated Date: Sun, 12 Jul 2026 04:09 AM (IST)
* ਪਰਿਵਾਰ ਵੱਲੋਂ ਕੋਤਵਾਲੀ ਥਾਣੇ ਅੱਗੇ ਰੋਸ ਪ੍ਰਦਰਸ਼ਨ ਫੋਟੋ 11ਪੀਟੀਐਲ: 23, 24, 25 ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਕੋਤਵਾਲੀ ਥਾਣਾ ਖੇਤਰ ਅਧੀਨ ਆਉਂਦੀ ਮਾਰਕਲ ਕਲੋਨੀ ’ਚ ਨਸ਼ਾ ਵੇਚਣ ਦਾ ਵਿਰੋਧ ਕਰਨਾ ਇਕ ਨੌਜਵਾਨ ਨੂੰ ਮਹਿੰਗਾ ਪੈ ਗਿਆ। ਵਿਰੋਧ ਕਰਨ ਤੇ ਕਥਿਤ ਤੌਰ ਤੇ ਨਸ਼ਾ ਵੇਚਣ ਵਾਲਿਆਂ ਨੇ ਸ਼ੁੱਕਰਵਾਰ ਰਾਤ ਉਸ ਨੂੰ ਘੇਰ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਇਹ ਘਟਨਾ ਰਾਤ ਕਰੀਬ 11 ਵਜੇ ਤੋਂ ਬਾਅਦ ਦੀ ਦੱਸੀ ਜਾ ਰਹੀ ਹੈ। ਜ਼ਖ਼ਮੀ ਨੌਜਵਾਨ ਦੀ ਪਛਾਣ ਆਸ਼ੀਸ਼ ਬਾਂਸਲ (25) ਵਜੋਂ ਹੋਈ ਹੈ। ਉਸ ਨੂੰ ਇਲਾਜ ਲਈ ਰਾਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਜ਼ਖ਼ਮੀ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਜਾਣਕਾਰਾਂ ਨੇ ਕੋਤਵਾਲੀ ਥਾਣੇ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਪੁਲਿਸ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਤਿੰਨ ਦਿਨਾਂ ਅੰਦਰ ਸਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਗਿਆ ਤਾਂ ਉਹ ਥਾਣੇ ਦੇ ਬਾਹਰ ਭੁੱਖ ਹੜਤਾਲ ਸ਼ੁਰੂ ਕਰਨਗੇ। ਕੋਤਵਾਲੀ ਥਾਣਾ ਮੁਖੀ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਜ਼ਖ਼ਮੀ ਨੌਜਵਾਨ ਦੇ ਬਿਆਨਾਂ ਤੇ ਅਣਪਛਾਤਿਆਂ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਦੋ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਕਾਬੂ ਕਰ ਲਿਆ ਗਿਆ ਹੈ, ਜਦਕਿ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਜਾਰੀ ਹੈ। ਇਹ ਹੈ ਪੂਰਾ ਮਾਮਲਾ ਪੀੜਤ ਪਰਿਵਾਰ ਅਨੁਸਾਰ ਮਾਰਕਲ ਕਾਲੋਨੀ ’ਚ ਪਿਛਲੇ ਕਾਫ਼ੀ ਸਮੇਂ ਤੋਂ ਕੁਝ ਲੋਕ ਰੇਹੜੀ-ਫੜ੍ਹੀ ਲਗਾਉਣ ਦੀ ਆੜ ’ਚ ਕਥਿਤ ਤੌਰ ਤੇ ਨਸ਼ਾ ਵੇਚ ਰਹੇ ਸਨ। ਇਲਾਕੇ ਦੇ ਲੋਕ ਵੀ ਇਸ ਗੱਲ ਨੂੰ ਨੋਟ ਕਰ ਰਹੇ ਸਨ। ਸ਼ੁੱਕਰਵਾਰ ਰਾਤ ਕਰੀਬ 11 ਵਜੇ ਆਸ਼ੀਸ਼ ਨੇ ਦੇਖਿਆ ਕਿ ਇਹ ਨੌਜਵਾਨ ਇਲਾਕੇ ਵਿੱਚ ਘੁੰਮ ਰਹੇ ਸਨ ਅਤੇ ਨਸ਼ਾ ਵੇਚਣ ਲਈ ਗਾਹਕਾਂ ਨਾਲ ਸੰਪਰਕ ਕਰ ਰਹੇ ਸਨ। ਇਹ ਦੇਖ ਕੇ ਆਸ਼ੀਸ਼ ਨੇ ਉਨ੍ਹਾਂ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਮੁਹੱਲੇ ਤੋਂ ਬਾਹਰ ਜਾਣ ਲਈ ਕਿਹਾ। ਇਸ ਤੋਂ ਬਾਅਦ ਕਥਿਤ ਤੌਰ ਤੇ ਉਨ੍ਹਾਂ ਨੌਜਵਾਨਾਂ ਨੇ ਗਾਲੀ-ਗਲੌਚ ਕੀਤੀ ਅਤੇ ਆਪਣੇ ਹੋਰ ਸਾਥੀਆਂ ਨੂੰ ਬੁਲਾ ਲਿਆ। ਪਰਿਵਾਰ ਦਾ ਦੋਸ਼ ਹੈ ਕਿ ਕਰੀਬ 25 ਤੋਂ 30 ਵਿਅਕਤੀਆਂ ਨੇ ਆਸ਼ੀਸ਼ ਨੂੰ ਘੇਰ ਕੇ ਉਸ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਆਸ਼ੀਸ਼ ਦੇ ਸਿਰ ਤੇ ਕਈ ਡੂੰਘੇ ਜ਼ਖ਼ਮ ਲੱਗੇ, ਜਦਕਿ ਸਰੀਰ ਦੇ ਹੋਰ ਹਿੱਸਿਆਂ ਤੇ ਵੀ ਸੱਟਾਂ ਆਈਆਂ। ਪਰਿਵਾਰ ਦਾ ਦਾਅਵਾ ਹੈ ਕਿ ਇਹ ਪੂਰੀ ਘਟਨਾ ਕਲੋਨੀ ਵਿੱਚ ਲੱਗੇ ਇੱਕ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਚਿਤਾਵਨੀ ਮਗਰੋਂ ਪੁਲਿਸ ਨੇ ਦੋ ਨੌਜਵਾਨਾਂ ਨੂੰ ਲਿਆ ਹਿਰਾਸਤ ’ਚ ਘਟਨਾ ਤੋਂ ਬਾਅਦ ਸ਼ਨੀਵਾਰ ਸਵੇਰ ਤੱਕ ਪੁਲਿਸ ਵੱਲੋਂ ਮਾਮਲਾ ਦਰਜ ਨਾ ਕੀਤੇ ਜਾਣ ਕਾਰਨ ਆਸ਼ੀਸ਼ ਦੇ ਪਿਤਾ ਰਵਿੰਦਰ ਬਾਂਸਲ, ਵਰੁਣ ਜਿੰਦਲ, ਅਨੁਰਾਗ ਤੇ ਹੋਰ ਲੋਕ ਕੋਤਵਾਲੀ ਥਾਣੇ ਪਹੁੰਚੇ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਭੁੱਖ ਹੜਤਾਲ ਸ਼ੁਰੂ ਕਰਨਗੇ। ਇਸ ਤੋਂ ਬਾਅਦ ਪੁਲਿਸ ਨੇ ਐੱਫਆਈਆਰ ਦਰਜ ਕਰਕੇ ਦੋ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਲਿਆ, ਜਦਕਿ ਹੋਰ ਮੁਲਜ਼ਮਾਂ ਦੀ ਭਾਲ ਜਾਰੀ ਹੈ।