- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਯੂਥ ਵੀਰਾਂਗਣਾਵਾਂ ਵੱਲੋਂ ਮੁਫ਼ਤ ਮੈਡੀਕਲ ਕੈਂਪ, 60 ਤੋਂ ਵੱਧ ਲੋਕਾਂ ਦੀ ਸਿਹਤ ਜਾਂਚ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਮਾਜ ਸੇਵਾ ਅਤੇ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਯੂਥ ਵੀਰਾਂਗਣਾਵਾਂ ਇਕਾਈ ਪਟਿਆਲਾ ਵੱਲੋਂ ਪਿੰਡ ਝਿੱਲ ਵਿਖੇ ਸ਼੍ਰੀ ਗੁਰੂ ਰਵਿਦਾਸ ਧਰਮਸ਼ਾਲਾ ਨੇੜੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ 60 ਤੋਂ ਵੱਧ ਲੋਕਾਂ ਨੇ ਆਪਣੀ ਸਿਹਤ ਦੀ ਜਾਂਚ ਕਰਵਾਈ ਅਤੇ ਮਾਹਿਰ ਡਾਕਟਰਾਂ ਤੋਂ ਮੁਫ਼ਤ ਡਾਕਟਰੀ ਸਲਾਹ ਪ੍ਰਾਪਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੀ ਮੈਂਬਰ ਸਪਨਾ ਨੇ ਦੱਸਿਆ ਕਿ ਲੋਕਾਂ ਨੂੰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਅਤੇ ਸਮੇਂ ਸਿਰ ਬਿਮਾਰੀਆਂ ਦੀ ਪਛਾਣ ਕਰਨ ਲਈ ਇਹ ਉਪਰਾਲਾ ਕੀਤਾ ਗਿਆ ਹੈ। ਕੈਂਪ ਵਿੱਚ ਡਾ. ਗੁਰਪ੍ਰੀਤ ਸਿੰਘ ਨਾਗਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਰੀਜ਼ਾਂ ਦੀ ਜਾਂਚ ਕੀਤੀ ਅਤੇ ਸਿਹਤ ਸੰਭਾਲ ਸਬੰਧੀ ਲੋੜੀਂਦੀ ਸਲਾਹ ਦਿੱਤੀ। ਇਸ ਦੌਰਾਨ ਹੀਮੋਗਲੋਬਿਨ, ਸ਼ੂਗਰ, ਥਾਇਰਾਇਡ, ਮਲੇਰੀਆ ਅਤੇ ਬਲੱਡ ਪ੍ਰੈਸ਼ਰ ਸਮੇਤ ਵੱਖ-ਵੱਖ ਮੈਡੀਕਲ ਟੈਸਟ ਮੁਫ਼ਤ ਕੀਤੇ ਗਏ। ਡਾ. ਨਾਗਰਾ ਨੇ ਸੰਸਥਾ ਦੀਆਂ ਵਲੰਟੀਅਰਾਂ ਦੇ ਸਮਾਜ ਸੇਵਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਸੰਤੁਲਿਤ ਖੁਰਾਕ ਲੈਣ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣੀ ਚਾਹੀਦੀ ਹੈ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਆਮ ਲੋਕਾਂ ਅਤੇ ਲੋੜਵੰਦਾਂ ਲਈ ਬੇਹੱਦ ਲਾਹੇਵੰਦ ਹਨ। ਇਸ ਮੌਕੇ ਸੰਦੀਪ ਕੌਰ, ਅਮਰਜੀਤ ਕੌਰ, ਬਲਜਿੰਦਰ ਕੌਰ, ਅਰਸ਼ ਅਰੋੜਾ, ਕ੍ਰਿਸ਼ਨਾ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ, ਕੋਮਲ, ਪ੍ਰੇਮ ਰਾਣੀ, ਆਰਜ਼ੂ, ਮਨੀਸ਼ਾ, ਕਮਲੇਸ਼ ਰਾਣੀ ਅਤੇ ਕੈਰਵੀ ਸਮੇਤ ਹੋਰ ਵਲੰਟੀਅਰ ਆਦਿ ਹਾਜ਼ਰ ਸਨ।