ਆਪ ਦੇ ਵਿਦਿਆਰਥੀ ਵਿੰਗ ਦੇ ਮੁੱਖ ਅਹੁਦੇਦਾਰ ਅਕਾਲੀ ਦਲ ਵਿਚ ਸ਼ਾਮਲ
ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਮੁੱਖ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ
Publish Date: Thu, 26 Mar 2026 07:04 PM (IST)
Updated Date: Thu, 26 Mar 2026 07:08 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਤੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਦੀ ਹਾਜ਼ਰੀ ’ਚ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਦੇ ਦੋ ਮੁੱਖ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਮੈਂਬਰ ਸ਼੍ਰੋਮਣੀ ਕਮੇਟੀ ਅਵਤਾਰ ਸਿੰਘ ਰਿਆ ਦੀ ਅਗਵਾਈ ਹੇਠ ਹੋਏ ਇਕ ਸਮਾਗਮ ਵਿਚ ਆਮ ਆਦਮੀ ਪਾਰਟੀ ਦੀ ਐਸੋਸੀਏਸ਼ਨ ਆਫ ਸਟੂਡੈਂਟ ਆਲ ਕਾਲਜ ਦੇ ਸੀਨੀਅਰ ਮੀਤ ਪ੍ਰਧਾਨ ਕਮਲਪ੍ਰੀਤ ਸਿੰਘ ਬਾਵਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਦੇ ਮੀਤ ਪ੍ਰਧਾਨ ਲਵਪ੍ਰੀਤ ਸਿੰਘ ਨੇ ਬਲਜੀਤ ਸਿੰਘ ਭੁੱਟਾ ਦੀ ਹਾਜ਼ਰੀ ਵਿਚ ਆਪ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਆਮ ਆਦਮੀ ਪਾਰਟੀ ਨੇ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਦਾ ਸਵਾਗਤ ਕਰਦਿਆਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਅੰਦਰ ਨੌਜਵਾਨ ਹੀ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਲੈ ਕੇ ਆਉਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਜੋ ਆਪਣੇ ਸਮੇਂ ਅੰਦਰ ਸੂਬੇ ਦੇ ਵਿਕਾਸ ਲਈ ਕਾਰਜ ਕੀਤੇ ਹਨ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਠੱਪ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਨ ਤੇ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਨੌਜਵਾਨ ਸ਼ਕਤੀ ਨੂੰ ਚੰਗੇ ਕਾਰਜ ਤੇ ਲਗਾ ਕੇ ਨੌਜਵਾਨਾਂ ਨੂੰ ਹੋਰ ਤਾਕਤਵਰ ਕੀਤਾ ਜਾਵੇਗਾ। ਇਸ ਮੌਕੇ ਦਮਨਜੋਤ ਸਿੰਘ ਜਲਵੇੜੀ ਗਹਿਲਾ, ਮਨਜੀਤ ਸਿੰਘ ਮਾਨ ਵਾਈਸ ਪ੍ਰਧਾਨ ਐਸੀ ਵਿੰਗ, ਦਲਵੀਰ ਸਿੰਘ ਖਾਨਪੁਰ, ਜਸ਼ਨਪ੍ਰੀਤ ਸਿੰਘ, ਜਰਨੈਲ ਸਿੰਘ ਸਾਨੀਪੁਰ ਪ੍ਰਧਾਨ ਬੀਸੀ ਵਿੰਗ ਹਲਕਾ ਸ਼੍ਰੀ ਫਤਹਿਗੜ੍ਹ ਸਾਹਿਬ ਆਦਿ ਮੌਜੂਦ ਸਨ।