ਆਪ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ
ਆਮ ਆਦਮੀ ਪਾਰਟੀ ਨੇ ਭਾਜਪਾ ਦਫ਼ਤਰ ਦਾ ਕੀਤਾ ਘਿਰਾਓ
Publish Date: Sun, 10 May 2026 05:08 PM (IST)
Updated Date: Mon, 11 May 2026 04:03 AM (IST)

ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੇਂਦਰ ਸਰਕਾਰ ’ਤੇ ਵਿੰਨਿਆ ਨਿਸ਼ਾਨਾ ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਆਮ ਆਦਮੀ ਪਾਰਟੀ ਵੱਲੋਂ ਕੈਬਿਨੇਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਦੇ ਵਿਰੋਧ ’ਚ ਸ਼ਨਿੱਚਰਵਾਰ ਨੂੰ ਪੂਰੇ ਪੰਜਾਬ ਵਿਚ ਭਾਜਪਾ ਦਫ਼ਤਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਗਏ। ਇਸੇ ਕੜੀ ਤਹਿਤ ਜ਼ਿਲ੍ਹਾ ਸੰਗਰੂਰ ਵਿਚ ਵੀ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੈਬਿਨੇਟ ਮੰਤਰੀ ਵਕੀਲ ਬਰਿੰਦਰ ਗੋਇਲ ਦੀ ਅਗਵਾਈ ਹੇਠ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਦਾ ਘਿਰਾਓ ਕੀਤਾ। ਮੌਕੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਰਿਹਾ। ਪ੍ਰਦਰਸ਼ਨਕਾਰੀਆਂ ਨੇ ਹੱਥਾਂ ਵਿੱਚ ਭਾਜਪਾ ਦੀ ਧੱਕੇਸ਼ਾਹੀ ਪੰਜਾਬ ’ਚ ਨਹੀਂ ਚਲੇਗੀ, ਈਡੀ-ਭਾਜਪਾ ਗਠਜੋੜ ਮੁਰਦਾਬਾਦ ਵਰਗੀਆਂ ਤਖ਼ਤੀਆਂ ਫੜ ਕੇ ਭਾਜਪਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਭਾਜਪਾ ਕੇਂਦਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ : ਗੋਇਲ ਧਰਨੇ ਦੌਰਾਨ ਕੈਬਿਨੇਟ ਮੰਤਰੀ ਵਕੀਲ ਬਰਿੰਦਰ ਗੋਇਲ ਨੇ ਕਿਹਾ ਕਿ ਭਾਜਪਾ ਆਪਣੀ ਤਾਕਤ ਤੇ ਕੇਂਦਰੀ ਏਜੰਸੀਆਂ ਦਾ ਗਲਤ ਇਸਤੇਮਾਲ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸੰਜੀਵ ਅਰੋੜਾ ਦੇ ਘਰ ਈਡੀ ਦੀ ਰੇਡ ਕਰਵਾਈ ਗਈ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜੋ ਪੂਰੀ ਤਰ੍ਹਾਂ ਰਾਜਨੀਤਿਕ ਦੁਸ਼ਮਨੀ ਤੋਂ ਪ੍ਰੇਰਿਤ ਕਾਰਵਾਈ ਹੈ। ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਧ ਰਹੀ ਲੋਕਪ੍ਰਿਯਤਾ ਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਭਾਜਪਾ ਘਬਰਾਈ ਹੋਈ ਹੈ। ਇਸੇ ਕਾਰਨ ਵਿਰੋਧੀ ਨੇਤਾਵਾਂ ਨੂੰ ਡਰਾਉਣ ਤੇ ਦਬਾਉਣ ਲਈ ਕੇਂਦਰੀ ਏਜੰਸੀਆਂ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ ਤੇ ਪੰਜਾਬ ਦੀ ਜਨਤਾ ਅੱਜ ਰਾਜ ਸਰਕਾਰ ਦੇ ਕੰਮਾਂ ਤੋਂ ਸੰਤੁਸ਼ਟ ਹੈ। ਇਸੇ ਕਰਕੇ ਵਿਰੋਧੀ ਧਿਰਾਂ ’ਚ ਬੇਚੈਨੀ ਨਜ਼ਰ ਆ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਵਿਰੋਧੀ ਨੇਤਾਵਾਂ ’ਤੇ ਦਬਾਅ ਬਣਾ ਕੇ ਉਨ੍ਹਾਂ ਨੂੰ ਜਾਂ ਤਾਂ ਆਪਣੀ ਪਾਰਟੀ ’ਚ ਸ਼ਾਮਲ ਹੋਣ ਲਈ ਮਜ਼ਬੂਰ ਕਰਨਾ ਚਾਹੁੰਦੀ ਹੈ ਜਾਂ ਫਿਰ ਈਡੀ ਅਤੇ ਹੋਰ ਏਜੰਸੀਆਂ ਦੀ ਕਾਰਵਾਈ ਦਾ ਸਾਹਮਣਾ ਕਰਨ ਦੀ ਧਮਕੀ ਦਿੰਦੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀ ਰਾਜਨੀਤੀ ਤੋਂ ਡਰਨ ਵਾਲੀ ਨਹੀਂ ਹੈ ਅਤੇ ਪਾਰਟੀ ਵਰਕਰ ਹਰ ਪੱਧਰ ‘ਤੇ ਭਾਜਪਾ ਦੀਆਂ ਨੀਤੀਆਂ ਦਾ ਵਿਰੋਧ ਕਰਦੇ ਰਹਿਣਗੇ। ਲੋਕ ਸਮਾਂ ਆਉਣ ’ਤੇ ਇਸਦਾ ਜਵਾਬ ਦੇਣਗੇ : ਸੋਹੀ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਕਿਹਾ ਕਿ ਭਾਜਪਾ ਵੱਲੋਂ ਲੋਕਤੰਤਰਿਕ ਸੰਸਥਾਵਾਂ ਦਾ ਦੁਰਉਪਯੋਗ ਕਰਕੇ ਵਿਰੋਧ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਲੋਕ ਸਭ ਕੁਝ ਦੇਖ ਰਹੇ ਹਨ ਅਤੇ ਸਮਾਂ ਆਉਣ ’ਤੇ ਇਸਦਾ ਜਵਾਬ ਦੇਣਗੇ। ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਬਾਰਾ ਬਣੇਗੀ। ਇਸ ਮੌਕੇ ’ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਰਣਬੀਰ ਸਿੰਘ ਢੀਂਡਸਾ, ਐਸਸੀ ਕਮਿਸ਼ਨ ਦੇ ਮੈਂਬਰ ਗੁਲਜ਼ਾਰ ਸਿੰਘ ਬੋਬੀ, ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਅਵਤਾਰ ਸਿੰਘ ਈਲਵਾਲ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਆਪ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਸ਼ੇਰਗਿੱਲ, ਨਗਰ ਕੌਂਸਲ ਸੰਗਰੂਰ ਦੇ ਪ੍ਰਧਾਨ ਭੁਪਿੰਦਰ ਸਿੰਘ ਨਹਿਲ, ਹਰਜਿੰਦਰ ਸਿੰਘ ਕਾਂਝਲਾ, ਸਤਿੰਦਰ ਸਿੰਘ ਚੱਠਾ ਆਦਿ ਹਾਜ਼ਰ ਸਨ।