ਆਪ ਪਾਰਟੀ ਦੇ ਬਲਾਕ ਪ੍ਰਧਾਨ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਦਿੱਤਾ ਅਸਤੀਫਾ
ਆਪ ਪਾਰਟੀ ਦੇ ਬਲਾਕ ਪ੍ਰਧਾਨ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ’ਚ ਦਿੱਤਾ ਅਸਤੀਫਾ
Publish Date: Sat, 02 Aug 2025 05:25 PM (IST)
Updated Date: Sun, 03 Aug 2025 04:05 AM (IST)

ਇਸ ਨੀਤੀ ਦੇ ਵਿਰੋਧ ’ਚ ਹੋਰ ਵੀ ਆਗੂ ਅਸਤੀਫੇ ਦੇਣ ਲਈ ਤਿਆਰ : ਚਹਿਲ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦਾ ਜਿੱਥੇ ਪਹਿਲਾਂ ਕਿਸਾਨਾਂ ਮਜ਼ਦੂਰਾਂ ਵਿੱਚ ਵਿਆਪਕ ਰੋਸ ਹੈ, ਉੱਥੇ ਹੀ ਹੁਣ ਪਾਰਟੀ ਨਾਲ ਸਬੰਧਿਤ ਆਗੂਆਂ ਵਿੱਚ ਵੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਸਬੰਧੀ ਧੂੰਆਂ ਉੱਠਣਾ ਸ਼ੁਰੂ ਹੋ ਗਿਆ ਹੈ। ਜਿਸਦੇ ਚਲਦਿਆਂ ਆਮ ਆਦਮੀ ਪਾਰਟੀ ਲਹਿਰਾ ਬਲਾਕ ਦੇ ਪ੍ਰਧਾਨ ਅਤੇ ਸਾਬਕਾ ਟਰੱਕ ਯੂਨੀਅਨ ਪ੍ਰਧਾਨ ਗੁਰੀ ਚਹਿਲ ਨੇ ਇਸ ਨੀਤੀ ਦਾ ਵਿਰੋਧ ਕਰਦਿਆਂ ਬਲਾਕ ਪ੍ਰਧਾਨ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ, ਕਿ ਭਗਵੰਤ ਮਾਨ ਸਰਕਾਰ ਵੱਲੋਂ ਲਿਆਂਦੀ ਇਹ ਪਾਲਸੀ ਕਿਸਾਨਾਂ ਮਜ਼ਦੂਰਾਂ ਲਈ ਅਤੀ ਘਾਤਕ ਹੈ। ਚਹਿਲ ਨੇ ਕਿਹਾ ਕਿ ਪਹਿਲਾਂ ਭਾਜਪਾ ਸਰਕਾਰ ਨੇ ਕਿਸਾਨਾਂ ਖਿਲਾਫ ਤਿੰਨ ਕਾਲੇ ਕਾਨੂੰਨ ਲਿਆਂਦੇ। ਜਿਸ ਦੇ ਵਿਰੋਧ ਵਿੱਚ ਕਿਸਾਨਾਂ ਨੇ ਕਾਫੀ ਸਮਾਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਇਹ ਕਾਲੇ ਕਾਨੂੰਨ ਰੱਦ ਕਰਵਾਏ ਅਤੇ ਹੁਣ ਉਸ ਤੋਂ ਵੀ ਮਾੜੇ ਕਾਨੂੰਨ ਆਮ ਆਦਮੀ ਪਾਰਟੀ ਦੀ ਸਰਕਾਰ ਲੈ ਕੇ ਆਈ ਹੈ। ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਚੋਣਾਂ ਵੇਲੇ ਬਦਲਾਅ ਦੀਆਂ ਗੱਲਾਂ ਕਰਦੇ ਸਨ ਪਰ ਜੋ ਇਹ ਬਦਲਾਅ ਲਿਆਉਣ ਜਾ ਰਹੇ ਹਨ, ਇਸ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਿੱਧੇ ਰੂਪ ਵਿੱਚ ਉਜਾੜਾ ਹੈ, ਜਿਸ ਦਾ ਅਸੀਂ ਤਿੱਖੇ ਸ਼ਬਦਾਂ ਵਿੱਚ ਵਿਰੋਧ ਕਰਦੇ ਹਾਂ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਨੇ ਇਹ ਪਾਲਸੀ ਵਾਪਸ ਨਾਂ ਲਈ ਤਾਂ ਆਉਂਦੇ ਦਿਨਾਂ ਵਿੱਚ ਵੱਡੇ ਪੱਧਰ ਤੇ ਹੋਰ ਵੀ ਪਾਰਟੀ ਆਗੂ ਅਤੇ ਵਰਕਰ ਅਸਤੀਫੇ ਦੇਣ ਲਈ ਤਿਆਰ ਬੈਠੇ ਹਨ।