ਕੇਂਦਰ ਸਰਕਾਰ ਖ਼ਿਲਾਫ਼ ‘ਆਪ’ ਵੱਲੋਂ ਰੋਸ ਧਰਨਾ
ਕੇਂਦਰ ਸਰਕਾਰ ਖ਼ਿਲਾਫ਼ ‘ਆਪ’ ਵੱਲੋਂ ਰੋਸ ਧਰਨਾ
Publish Date: Sun, 10 May 2026 06:05 PM (IST)
Updated Date: Sun, 10 May 2026 06:06 PM (IST)

ਗੁਰਪ੍ਰੀਤ ਸਿੰਘ ਮਹਿਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਜ਼ਿਲ੍ਹਾ ਪ੍ਰਧਾਨ ਅਜੇ ਲਿਬੜਾ ਦੀ ਅਗਵਾਈ ਹੇਠ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖ਼ਿਲਾਫ਼ ਵਿਸ਼ਕਰਮਾ ਚੌਂਕ ਸਰਹਿੰਦ ਵਿਖੇ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਰੋਧੀ ਕਰਾਰ ਦਿੱਤਾ ਗਿਆ। ਇਸ ਧਰਨੇ ’ਚ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨੂੰ ਡਰਾਉਣ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ ਦਿਨੀਂ ਪੰਜਾਬ ਦੇ ਛੇ ਰਾਜ ਸਭਾ ਮੈਂਬਰਾਂ ਨੂੰ ਡਰਾ ਕੇ ਭਾਰਤੀ ਜਨਤਾ ਪਾਰਟੀ ’ਚ ਸ਼ਾਮਲ ਕੀਤਾ ਗਿਆ ਅਤੇ ਹੁਣ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਡਰਾਉਣ ਲਈ ਈਡੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਕੇਂਦਰ ਦੀਆਂ ਇਨ੍ਹਾਂ ਚਾਲਾਂ ਨੂੰ ਸਮਝ ਚੁੱਕੇ ਹਨ ਅਤੇ ਕੀਤੇ ਜਾ ਰਹੇ ਧੱਕੇ ਦਾ ਜਵਾਬ ਦੁਗਣਾ ਕਰਕੇ ਮੋੜਨਗੇ। ਵਿਧਾਇਕਾਂ ਨੇ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਹੀ ਪੰਜਾਬ ਵਿਰੋਧੀ ਰਹੀ ਹੈ ਅਤੇ ਇਸ ਦੀਆਂ ਨੀਤੀਆਂ ਕਦੇ ਵੀ ਸੂਬੇ ਦੇ ਹਿੱਤ ’ਚ ਨਹੀਂ ਰਹੀਆਂ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਤਿੰਨ ਖੇਤੀ ਕਾਨੂੰਨ ਲਿਆ ਕੇ ਪੰਜਾਬ ਦੀਆਂ ਜ਼ਮੀਨਾਂ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਕਿਸਾਨੀ ਨੇ 750 ਕੁਰਬਾਨੀਆਂ ਦੇ ਕੇ ਰੋਕਿਆ। ਇਸ ਤੋਂ ਬਾਅਦ ਚੰਡੀਗੜ੍ਹ ’ਤੇ ਹੱਕ ਜਤਾਉਣ, ਹਰਿਆਣਾ ਨੂੰ ਵਿਧਾਨ ਸਭਾ ਲਈ ਜਗ੍ਹਾ ਦੇਣ ਅਤੇ ਭਾਖੜਾ ਮੈਨੇਜਮੈਂਟ ਬੋਰਡ ’ਚ ਦਖ਼ਲਅੰਦਾਜ਼ੀ ਕਰਕੇ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਯਤਨ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਆਏ ਹੜ੍ਹਾਂ ਦੌਰਾਨ ਵੀ ਕੇਂਦਰ ਨੇ ਸਿਰਫ਼ ਬਿਆਨਬਾਜ਼ੀ ਕੀਤੀ, ਜਦਕਿ ਭਗਵੰਤ ਮਾਨ ਸਰਕਾਰ ਨੇ ਲੋਕਾਂ ਦੀ ਬਾਂਹ ਫੜੀ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਆਪਣੀਆਂ ਚਾਲਾਂ ਤੋਂ ਬਾਜ਼ ਨਾ ਆਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਐਸਸੀ ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀਪੀ,ਚੇਅਰਮੈਨ ਗੁਰਵਿੰਦਰ ਢਿੱਲੋਂ, ਚੇਅਰਮੈਨ ਰਸ਼ਪਿੰਦਰ ਰਾਜਾ, ਚੇਅਰਮੈਨ ਸੁਖਵਿੰਦਰ ਕੌਰ ਗਹਿਲੋਤ,ਯੂਥ ਪ੍ਰਧਾਨ ਦਿਲਪ੍ਰੀਤ ਭੱਟੀ , ਕੁਲਵਿੰਦਰ ਡੇਰਾ, ਅਮਰਿੰਦਰ ਸਿੰਘ ਮਡੋਫਲ, ਲਖਵਿੰਦਰ ਜਾਗੋ, ਗੁਰਮੇਲ ਪੰਡਰਾਲੀ, ਗੁਰਪ੍ਰੀਤ ਸਿੰਘ ਗੁਣੀਆ ਮਾਜਰਾ, ਬਲਦੇਵ ਸਿੰਘ ਭੱਲ ਮਾਜਰਾ, ਰਮੇਸ਼ ਕੁਮਾਰ ਸੋਨੂੰ, ਡਾ. ਚਮਨ ਕੁਰੈਸ਼ੀ, ਗੁਰਮੀਤ ਸਿੰਘ ਗੋਬਿੰਦਗੜ੍ਹ, ਨਵੀ ਸਰਹਿੰਦ, ਬਲਜਿੰਦਰ ਗੋਲਾ, ਅਸੀਸ ਅੱਤਰੀ, ਰਜੇਸ਼ ਉਪਰਲ, ਐਡਵੋਕੇਟ ਰੀਨਾ ਰਾਣੀ, ਮਨਪ੍ਰੀਤ ਕੌਰ ਜਖਵਾਲੀ, ਜਗਰੂਪ ਸਿੰਘ ਨੰਬਰਦਾਰ, ਮਨਪ੍ਰੀਤ ਜੋਨੀ ਤਲਾਣੀਆਂ ਸਮੇਤ ਵੱਡੀ ਗਿਣਤੀ ’ਚ ਵਰਕਰ ਮੌਜੂਦ ਸਨ।