‘ਆਪ’ ਵਲੰਟੀਅਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਕੇਂਦਰ ਵਿਰੁੱਧ ਰੋਸ ਪ੍ਰਦਰਸ਼ਨ
‘ਆਪ’ ਵਲੰਟੀਅਰਾਂ ਵੱਲੋਂ ਮਹਿੰਗਾਈ ਖ਼ਿਲਾਫ਼ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ
Publish Date: Sun, 03 May 2026 05:35 PM (IST)
Updated Date: Sun, 03 May 2026 05:38 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਹਲਕਾ ਫਤਹਿਗੜ੍ਹ ਸਾਹਿਬ ਦੇ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਵਧ ਰਹੀ ਮਹਿੰਗਾਈ ਦੇ ਵਿਰੋਧ ’ਚ ਜੋਤੀ ਸਰੂਪ ਮੋੜ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੀਨੀਅਰ ਆਗੂ ਐਡਵੋਕੇਟ ਕੰਵਰਵੀਰ ਰਾਏ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਦੇਸ਼ ਹਿੱਤ ’ਚ ਨਹੀਂ ਹਨ, ਜਿਸ ਦਾ ਖ਼ਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਮਰਸ਼ੀਅਲ ਸਿਲੰਡਰਾਂ ਦੀਆਂ ਕੀਮਤਾਂ ’ਚ ਕੀਤਾ ਵਾਧਾ ਛੋਟੇ ਅਤੇ ਵੱਡੇ ਕਾਰੋਬਾਰੀਆਂ ਦਾ ਲੱਕ ਤੋੜ ਦੇਵੇਗਾ। ਉਨ੍ਹਾਂ ਖ਼ਦਸ਼ਾ ਪ੍ਰਗਟਾਇਆ ਕਿ ਆਉਣ ਵਾਲੇ ਦਿਨਾਂ ’ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵੀ ਆਸਮਾਨ ਨੂੰ ਛੂਹਣਗੀਆਂ, ਜਿਸ ਨਾਲ ਗ਼ਰੀਬ ਹੋਰ ਗ਼ਰੀਬ ਹੋ ਜਾਵੇਗਾ ਅਤੇ ਸਰਮਾਏਦਾਰੀ ਨੂੰ ਹੁਲਾਰਾ ਮਿਲੇਗਾ। ਇਸ ਮੌਕੇ ਜ਼ਿਲ੍ਹਾ ਟਰੇਡ ਵਿੰਗ ਦੇ ਕਮਿਸ਼ਨਰ ਅਸੀਸ ਅੱਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵਪਾਰਕ ਮਾਮਲਿਆਂ ’ਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦਾ ਧਿਆਨ ਸਿਰਫ਼ ਸੂਬਾ ਸਰਕਾਰਾਂ ਨੂੰ ਤੋੜ ਕੇ ਕਬਜ਼ਾ ਕਰਨ ਵੱਲ ਹੈ ਅਤੇ ਆਮ ਲੋਕਾਂ ਨੂੰ ਰਾਹਤ ਦੇਣ ਲਈ ਕੋਈ ਵੀ ਵਧੀਆ ਪਾਲਿਸੀ ਨਹੀਂ ਬਣਾਈ ਗਈ। ਇਸ ਮੌਕੇ ਸੰਗਠਨ ਇੰਚਾਰਜ ਗੁਰਮੀਤ ਬਾਜਵਾ, ਬਲਜਿੰਦਰ ਸਿੰਘ, ਅਮਨਦੀਪ ਸਿੰਘ, ਮਨਪ੍ਰੀਤ ਜੋਨੀ ਤਲਾਣੀਆ, ਨੰਬਰਦਾਰ ਜਗਰੂਪ ਸਿੰਘ, ਐਡਵੋਕੇਟ ਹਰਕਮਲ ਸਿੰਘ ਅਤੇ ਅਸੀਸ ਸੂਦ ਸਮੇਤ ਹੋਰ ਵਲੰਟੀਅਰ ਮੌਜੂਦ ਸਨ।