ਬਾਦਲ ਪਰਿਵਾਰ ਨੇ ਸ਼੍ਰੋਅਦ ਦਾ ਵਜੂਦ ਖ਼ਤਮ ਕੀਤਾ : ਪੰਜੋਲੀ
ਬਾਦਲ ਪਰਿਵਾਰ ਨੇ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ ਕੀਤਾ : ਪੰਜੋਲੀ
Publish Date: Thu, 23 Apr 2026 05:53 PM (IST)
Updated Date: Thu, 23 Apr 2026 05:55 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਕਰਨੈਲ ਸਿੰਘ ਪੰਜੋਲੀ ਨੇ ਬਾਦਲ ਪਰਿਵਾਰ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਦੋਸ਼ ਲਾਇਆ ਕਿ ਇਸ ਪਰਿਵਾਰ ਨੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਵਜੂਦ ਖ਼ਤਮ ਕਰ ਕੇ ਵੱਡਾ ਪਾਪ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀਆਂ ਕੁਰਬਾਨੀਆਂ ਵਿੱਚੋਂ ਨਿਕਲੀ ਇਸ ਜਥੇਬੰਦੀ ਦਾ ਮੁੱਖ ਉਦੇਸ਼ ਗੁਰਮਤਿ ਦਾ ਪ੍ਰਚਾਰ ਕਰਨਾ ਸੀ, ਪਰ ਅੱਜ ਹਾਲਾਤ ਬਿਲਕੁਲ ਬਦਲ ਚੁੱਕੇ ਹਨ। ਪੰਜੋਲੀ ਨੇ ਕਿਹਾ ਕਿ ਜਿਸ ਅਕਾਲੀ ਦਲ ਨੇ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਲੰਮੇ ਸੰਘਰਸ਼ ਲੜੇ, ਅੱਜ ਉਸੇ ਜਥੇਬੰਦੀ ਦੇ ਆਗੂਆਂ ਕਾਰਨ ਦੁਨੀਆ ਭਰ ਵਿੱਚ ਵੱਸਦੇ ਸਿੱਖਾਂ ਵਿੱਚ ਭਾਰੀ ਰੋਸ ਹੈ। ਜਥੇਦਾਰ ਪੰਜੋਲੀ ਨੇ ਮੌਜੂਦਾ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਥਕ ਹਿੱਤਾਂ ਦੀ ਰਾਖੀ ਲਈ ਇੱਕ ਮਜ਼ਬੂਤ ਧਿਰ ਦੀ ਸਖ਼ਤ ਲੋੜ ਹੈ। ਉਨ੍ਹਾਂ ਸਮੂਹ ਪੰਥਕ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਛੋਟੇ-ਮੋਟੇ ਦਲ ਭੰਗ ਕਰ ਕੇ ਇੱਕੋ ਸ਼੍ਰੋਮਣੀ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ। ਉਨ੍ਹਾਂ ਸੁਝਾਅ ਦਿੱਤਾ ਕਿ ਸਾਰੀਆਂ ਪੰਥਕ ਧਿਰਾਂ ਨੂੰ 2027 ਦੀਆਂ ਚੋਣਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿੱਚ ਲੜਨੀਆਂ ਚਾਹੀਦੀਆਂ ਹਨ ਤਾਂ ਜੋ ਪੰਥ ਵਿਰੋਧੀ ਸ਼ਕਤੀਆਂ ਨੂੰ ਹਰਾਇਆ ਜਾ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਹੁਣ ਵੀ ਸਹੀ ਫ਼ੈਸਲਾ ਨਾ ਲਿਆ ਗਿਆ ਤਾਂ ਅਕਾਲੀ ਦਲ ਦਾ ਵਜੂਦ ਪੂਰੀ ਤਰ੍ਹਾਂ ਮਿਟ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਸਾਨੂੰ ਕਦੇ ਮਾਫ਼ ਨਹੀਂ ਕਰਨਗੀਆਂ।