ਭਗਵੰਤ ਮਾਨ ਦੇ ਬਿਆਨ ਦੀ ਕੀਤੀ ਨਿਖੇਧੀ
ਭਗਵੰਤ ਮਾਨ ਵੱਲੋਂ ਅਕਾਲੀ ਦਲ ਦੇ ਪ੍ਰਧਾਨ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਨਿੰਦਣਯੋਗ: ਰਿਆ
Publish Date: Sat, 04 Apr 2026 05:13 PM (IST)
Updated Date: Sat, 04 Apr 2026 05:16 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸਰਹਿੰਦ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਵਤਾਰ ਸਿੰਘ ਰਿਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਕੀਤੀ ਟਿੱਪਣੀ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਇਸ ਤਰ੍ਹਾਂ ਦੀ ਹਲਕੀ ਤੇ ਗੈਰ-ਜ਼ਿੰਮੇਵਾਰ ਬਿਆਨਬਾਜ਼ੀ ਨਾ ਸਿਰਫ਼ ਸਿਆਸੀ ਮਰਿਆਦਾ ਦੇ ਖ਼ਿਲਾਫ਼ ਹੈ, ਸਗੋਂ ਇਹ ਪੰਜਾਬ ਦੇ ਲੋਕਾਂ ਦੀ ਸੋਚ ਅਤੇ ਸੱਭਿਆਚਾਰ ਨੂੰ ਵੀ ਠੇਸ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਇਕ ਜ਼ਿੰਮੇਵਾਰ ਅਹੁਦੇ ’ਤੇ ਬੈਠੇ ਵਿਅਕਤੀ ਤੋਂ ਇਸ ਤਰ੍ਹਾਂ ਦੀ ਭਾਸ਼ਾ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਅਵਤਾਰ ਸਿੰਘ ਰਿਆ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਇਸ ਤਰ੍ਹਾਂ ਦੀ ਬਿਆਨਬਾਜ਼ੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਹੱਕਾਂ ਲਈ ਲੜਦੇ ਆਏ ਹਨ ਅਤੇ ਉਨ੍ਹਾਂ ਖ਼ਿਲਾਫ਼ ਇਸ ਤਰ੍ਹਾਂ ਦੀ ਭਾਸ਼ਾ ਵਰਤਣਾ ਬਿਲਕੁਲ ਗ਼ਲਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਸ ਤਰ੍ਹਾਂ ਦੀ ਸ਼ਬਦਾਵਲੀ ਤੋਂ ਗੁਰੇਜ਼ ਕਰਨ ਅਤੇ ਪੰਜਾਬ ਦੇ ਅਸਲ ਮੁੱਦਿਆਂ ’ਤੇ ਧਿਆਨ ਦੇਣ।