ਸੰਗਰੂਰ ’ਚ ਭਾਜਪਾ ਨੂੰ ਝਟਕਾ, ਅਰਵਿੰਦ ਖੰਨਾ ਅਕਾਲੀ ਦਲ ’ਚ ਸ਼ਾਮਲ
ਸੰਗਰੂਰ ’ਚ ਭਾਜਪਾ ਨੂੰ ਝਟਕਾ, ਅਰਵਿੰਦ ਖੰਨਾ ਅਕਾਲੀ ਦਲ ’ਚ ਸ਼ਾਮਿਲ
Publish Date: Sun, 15 Feb 2026 06:23 PM (IST)
Updated Date: Mon, 16 Feb 2026 04:07 AM (IST)

ਜਸਵੀਰ ਸਿੰਘ, ਪੰਜਾਬੀ ਜਾਗਰਣ, ਸੰਗਰੂਰ : ਭਾਜਪਾ ਦੇ ਪ੍ਰਦੇਸ਼ ਉਪ ਪ੍ਰਧਾਨ ਅਰਵਿੰਦ ਖੰਨਾ ਆਪਣੇ ਸਮਰਥਕਾਂ ਸਮੇਤ ਭਾਜਪਾ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨੂੰ ਸਿਰੋਪਾ ਪਾ ਕੇ ਪਾਰਟੀ ਵਿਚ ਸ਼ਾਮਲ ਕਰਵਾਇਆ। ਇਸ ਨਾਲ ਪੰਜਾਬ ਦੀ ਸਿਆਸਤ ਵਿਚ ਵੱਡੀ ਹਲਚਲ ਪੈਦਾ ਹੋ ਗਈ ਹੈ। ਸਮਾਗਮ ਦੌਰਾਨ ਅਰਵਿੰਦ ਖੰਨਾ ਦੇ ਨਾਲ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ ਦੁੱਲਟ, ਤਿੰਨ ਕੌਂਸਲਰਾਂ ਤੇ ਸੈਂਕੜਿਆਂ ਵਰਕਰਾਂ ਨੇ ਵੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਇਸ ਨਾਲ ਇਲਾਕੇ ਵਿਚ ਰਾਜਨੀਤਿਕ ਸਮੀਕਰਨਾਂ ਨੂੰ ਲੈ ਕੇ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਅਰਵਿੰਦ ਖੰਨਾ ਨਾਲ ਆਪਣੀ ਪੁਰਾਣੀ ਦੋਸਤੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਤੇ ਖੰਨਾ ਦਾ 40 ਸਾਲ ਪੁਰਾਣਾ ਰਿਸ਼ਤਾ ਹੈ। ਦੋਵੇਂ ਅਮਰੀਕਾ ਵਿਚ ਇਕੱਠੇ ਪੜ੍ਹਾਈ ਵੀ ਕਰਦੇ ਰਹੇ ਹਨ। ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਲੰਮੇ ਸਮੇਂ ਤੋਂ ਇੱਛਾ ਸੀ ਕਿ ਅਰਵਿੰਦ ਖੰਨਾ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ, ਪਰ ਇਹ ਇੱਛਾ ਪੂਰੀ ਹੋਣ ਵਿਚ ਲੰਮਾ ਸਮਾਂ ਲੱਗ ਗਿਆ। ਹੁਣ ਅਰਵਿੰਦ ਖੰਨਾ ਆਪਣੇ ਸੈਂਕੜਿਆਂ ਸਮਰਥਕਾਂ ਸਮੇਤ ਪਾਰਟੀ ’ਚ ਸ਼ਾਮਲ ਹੋ ਕੇ ਆਪਣੇ ਰਾਜਨੀਤਿਕ ਸਫ਼ਰ ਨੂੰ ਨਵੀਂ ਦਿਸ਼ਾ ਦੇ ਰਹੇ ਹਨ। ਬਾਦਲ ਨੇ ਖੰਨਾ ਨੂੰ ਸੰਗਰੂਰ ਹਲਕੇ ਦਾ ਇੰਚਾਰਜ ਨਿਯੁਕਤ ਕਰਦਿਆਂ ਪਾਰਟੀ ਦੀ ਜ਼ਿੰਮੇਵਾਰੀ ਸੌਂਪਣ ਦਾ ਐਲਾਨ ਕਰਦਿਆਂ ਕਿਹਾ ਕਿ ਅਕਾਲੀ ਦਲ ਹਮੇਸ਼ਾਂ ਪੰਜਾਬ ਤੇ ਪੰਜਾਬੀਅਤ ਦੀ ਆਵਾਜ਼ ਰਿਹਾ ਹੈ ਤੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਤੇ ਵਰਕਰਾਂ ਨੂੰ ਪੂਰਾ ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਜਨਤਾ ਮੌਜੂਦਾ ਸਰਕਾਰ ਤੇ ਹੋਰ ਪਾਰਟੀਆਂ ਤੋਂ ਨਿਰਾਸ਼ ਹੈ, ਇਸ ਲਈ ਲੋਕ ਅਕਾਲੀ ਦਲ ਦੀਆਂ ਨੀਤੀਆਂ ਤੇ ਅਗਵਾਈ ’ਤੇ ਭਰੋਸਾ ਕਰਦੇ ਰਹੇ ਹਨ। ਅਰਵਿੰਦ ਖੰਨਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਸਾਰੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਨੇ ਉਨ੍ਹਾਂ ‘ਤੇ ਜੋ ਭਰੋਸਾ ਜਤਾਇਆ ਹੈ, ਉਸ ਲਈ ਉਹ ਹਮੇਸ਼ਾ ਰਿਣੀ ਹਨ। ਖੰਨਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਸੈਂਕੜਿਆਂ ਵਰਕਰਾਂ ਨੇ ਭਾਜਪਾ ਤੋਂ ਅਸਤੀਫ਼ਾ ਦੇ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਖੇਤਰੀ ਪਾਰਟੀਆਂ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਇਸੇ ਉਦੇਸ਼ ਨਾਲ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਅਤੇ ਵਚਨਬੱਧਤਾ ਨਾਲ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੇ ਹਿਤਾਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਗਿਆ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਅਕਾਲੀ ਦਲ ਹੀ ਇੱਕ ਅਜਿਹੀ ਪਾਰਟੀ ਹੈ ਜੋ ਰਾਜ ਦੇ ਕਿਸਾਨਾਂ, ਵਪਾਰੀਆਂ ਅਤੇ ਆਮ ਲੋਕਾਂ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਂਦੀ ਰਹੀ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਰਾਜਨੀਤਿਕ ਜਾਣਕਾਰਾਂ ਦਾ ਮੰਨਣਾ ਹੈ ਕਿ ਇਸ ਘਟਨਾਕ੍ਰਮ ਨਾਲ ਜ਼ਿਲ੍ਹੇ ਦੀ ਸਥਾਨਕ ਰਾਜਨੀਤੀ ਸਮੇਤ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਵਿੱਚ ਨਵੇਂ ਸਮੀਕਰਨ ਬਣ ਸਕਦੇ ਹਨ।