ਐੱਸਕੇਐੱਮ ਦੇ ਸੱਦੇ ’ਤੇ ਬੀਕੇਯੂ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
ਐਸਕੇਐਮ ਦੇ ਸੱਦੇ ’ਤੇ ਬੀਕੇਯੂ ਉਗਰਾਹਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ
Publish Date: Sat, 16 May 2026 04:45 PM (IST)
Updated Date: Sun, 17 May 2026 04:03 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਚੰਡੀਗੜ੍ਹ ਵਿਖੇ ਭਾਜਪਾ ਦੀ ਮੋਦੀ ਸਰਕਾਰ ਦੇ ਇਸ਼ਾਰੇ ’ਤੇ ਕਿਸਾਨਾਂ ਉੱਪਰ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲਿਆਂ ਦੇ ਵਿਰੋਧ ’ਚ ਪੰਜਾਬ ਦੇ ਵੱਖ-ਵੱਖ ਥਾਵਾਂ ’ਤੇ ਪੰਜਾਬ ਦੇ ਰਾਜਪਾਲ ਤੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਗਏ। ਇਸੇ ਤਹਿਤ ਬਲਾਕ ਦਿੜ੍ਹਬਾ ਵੱਲੋਂ ਮਹਿਲਾਂ, ਦਿੜ੍ਹਬਾ ਤੇ ਕੌਹਰੀਆਂ ਵਿਖੇ ਰੋਸ ਪ੍ਰਦਰਸ਼ਨ ਕਰਦਿਆਂ ਸਰਕਾਰ ਦੇ ਪੁਤਲੇ ਸਾੜੇ ਗਏ। ਜ਼ਿਲ੍ਹਾ ਖਜ਼ਾਨਚੀ ਅਮਨਦੀਪ ਸਿੰਘ ਨੇ ਕਿਹਾ ਕਿ ਚੰਡੀਗੜ੍ਹ ’ਚ ਕਿਸਾਨਾਂ ਉੱਪਰ ਕੀਤਾ ਗਿਆ ਸਰਕਾਰੀ ਤਸ਼ੱਦਦ ਭਾਜਪਾ ਸਰਕਾਰ ਦਾ ਅਸਲੀ ਚਿਹਰਾ ਬੇਨਕਾਬ ਕਰਦਾ ਹੈ। ਉਹਨਾਂ ਕਿਹਾ ਕਿ ਕਿਸਾਨ ਸ਼ਾਂਤਮਈ ਢੰਗ ਨਾਲ ਗਵਰਨਰ ਨੂੰ ਪਾਣੀਆਂ ਦੇ ਮਸਲੇ ਸਬੰਧੀ ਆਪਣਾ ਮੰਗ ਪੱਤਰ ਦੇਣ ਜਾ ਰਹੇ ਸਨ ਪਰ ਸਰਕਾਰ ਨੇ ਲੋਕਤੰਤਰਿਕ ਹੱਕਾਂ ਨੂੰ ਕੁਚਲਦਿਆਂ ਕਿਸਾਨਾਂ ਉੱਪਰ ਲਾਠੀਚਾਰਜ, ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਚਲਾਏ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ’ਤੇ ਪੰਜਾਬ ਭਰ ਵਿੱਚ ਕੀਤੇ ਗਏ ਇਹ ਵਿਰੋਧ ਪ੍ਰਦਰਸ਼ਨ ਲੋਕਾਂ ਦੇ ਗੁੱਸੇ ਦਾ ਪ੍ਰਗਟਾਵਾ ਹਨ ਤੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪਾਣੀਆਂ ਦੇ ਮੁੱਦੇ ’ਤੇ ਗੁਆਂਢੀ ਸੂਬਿਆਂ ਨੂੰ ਆਪਸ ਦੇ ’ਚ ਲੜਾ ਕੇ ਮਸਲੇ ਨੂੰ ਉਲਝਾਉਣਾ ਚਾਹੁੰਦੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਇਸ ਸਮੇਂ ਫੇਲ੍ਹ ਨਜ਼ਰ ਆ ਰਹੇ ਹਨ। ਆਮ ਲੋਕਾਂ ਉੱਤੇ ਆਰਥਿਕ ਪਾਬੰਦੀਆਂ ਲਾਉਣ ਦਾ ਪ੍ਰਚਾਰ ਕਰ ਰਹੇ ਹਨ। ਦੂਜੇ ਪਾਸੇ ਆਪ ਵਿਦੇਸ਼ਾਂ ਵਿਚ ਸੈਰ ਕਰਦੇ ਨਜ਼ਰ ਆ ਰਹੇ ਹਨ। ਆ ਕੇ ਕਿਹਾ ਕਿ ਡੀਜ਼ਲ ਤੇਲ ਦੇ ਰੇਟ ਕੀਤਾ ਗਿਆ ਵਾਧਾ ਕਿਸਾਨੀ ’ਤੇ ਸਿੱਧਾ ਮਾਰੂ ਨੁਕਸਾਨ ਕਰੇਗਾ ਜੇਕਰ ਫ਼ਸਲਾਂ ਦੀ ਐੱਮਐੱਸਪੀ ਦੀ ਗੱਲ ਕਰੀਏ ਤਾਂ ਸਿਰਫ 72 ਰੁਪਏ ਪ੍ਰਤੀ ਕੁਇੰਟਲ ਝੋਨੇ ਦੀ ਐੱਮਐੱਸਪੀ ’ਚ ਵਾਧਾ ਕਰਕੇ ਕਿਸਾਨਾਂ ਨਾਲ ਮਜਾਕ ਕੀਤਾ ਹੈ ਤੇ ਦੂਜੇ ਪਾਸੇ ਮਹਿੰਗਾਈ ਹੱਦਾ ਬੰਨੇ ਟੱਪ ਚੁੱਕੀ ਹੈ। ਇਸ ਨਾਲ ਆਮ ਲੋਕ ਮਹਿੰਗਾਈ ਦੀ ਚੱਕੀ ਵਿੱਚ ਪਿਸਦਾ ਨਜ਼ਰ ਆ ਰਿਹਾ ਹੈ ਇਸ ਮੌਕੇ ਖਜ਼ਾਨਚੀ ਜਗਦੀਪ ਸਿੰਘ ਮਹਿਲਾਂ, ਮਿਸ਼ਰਾ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਖੇੜੀ ਨਾਗਾ, ਹਰਬੰਸ ਸਿੰਘ ਦਿੜ੍ਹਬਾ, ਆਲ ਇੰਡੀਆ ਕੁੱਲ ਹਿੰਦ ਕਿਸਾਨ ਫੈਡਰੇਸ਼ਨ ਦੇ ਆਗੂ ਨਿਰੰਜਣ ਸਿੰਘ, ਮੇਜਰ ਸਿੰਘ ਹਾਜ਼ਰ।