ਜਨਗਣਨਾ ਸਬੰਧੀ ਵੇਰਵੇ ਖੁਦ ਆਨਲਾਈਨ ਭਰੇ ਜਾ ਸਕਦੇ ਹਨ : ਸਿਵਲ ਸਰਜਨ
ਜਨਗਣਨਾ ਸਬੰਧੀ ਵੇਰਵੇ ਖੁਦ ਆਨਲਾਈਨ ਭਰੇ ਜਾ ਸਕਦੇ ਹਨ : ਸਿਵਲ ਸਰਜਨ
Publish Date: Sat, 02 May 2026 05:50 PM (IST)
Updated Date: Sat, 02 May 2026 05:53 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਤਹਿਗੜ੍ਹ ਸਾਹਿਬ : ਜ਼ਿਲ੍ਹਾ ਪ੍ਰਸ਼ਾਸਨ ਅਤੇ ਉਪ ਅਰਥ ਤੇ ਅੰਕੜਾ ਸਲਾਹਕਾਰ-ਕਮ-ਵਧੀਕ ਜ਼ਿਲ੍ਹਾ ਸੈਂਸਜ਼ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ 2027 ਦੀ ਮਰਦਮਸ਼ੁਮਾਰੀ ਦੇ ਪਹਿਲੇ ਪੜਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਸਿਵਲ ਸਰਜਨ ਨੇ ਦੱਸਿਆ ਕਿ 30 ਅਪ੍ਰੈਲ ਤੋਂ 14 ਮਈ ਤੱਕ ਚੱਲਣ ਵਾਲੇ ਪਹਿਲੇ ਪੜਾਅ ਦੌਰਾਨ ਭਾਰਤ ਦਾ ਕੋਈ ਵੀ ਵਸਨੀਕ ਆਪਣੀ ਜਾਣਕਾਰੀ ਖੁਦ ਆਨਲਾਈਨ ਦਰਜ ਕਰ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਵਿਸ਼ੇਸ਼ ਸਹੂਲਤ ਹੈ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਡਾਟਾ ਪ੍ਰੋਸੈਸਿੰਗ ਤੇਜ਼ੀ ਨਾਲ ਹੋ ਸਕੇਗੀ। ਉਨ੍ਹਾਂ ਜਾਣਕਾਰੀ ਭਰਨ ਦੀ ਵਿਧੀ ਬਾਰੇ ਦੱਸਦਿਆਂ ਕਿਹਾ ਕਿ ਲੋਕ ਅਧਿਕਾਰਤ ਪੋਰਟਲ ’ਤੇ ਜਾ ਕੇ ਆਪਣੇ ਮੋਬਾਈਲ ਨੰਬਰ ਰਾਹੀਂ ਓਟੀਪੀ ਪ੍ਰਾਪਤ ਕਰ ਕੇ ਲਾਗਇਨ ਕਰ ਸਕਦੇ ਹਨ। ਇਸ ਉਪਰੰਤ ਆਪਣੇ ਰਾਜ, ਜ਼ਿਲ੍ਹੇ ਅਤੇ ਸਥਾਨਕ ਵੇਰਵਿਆਂ ਦੀ ਚੋਣ ਕਰ ਕੇ ਡਿਜੀਟਲ ਨਕਸ਼ੇ ’ਤੇ ਘਰ ਦੀ ਸਥਿਤੀ ਨੂੰ ਚਿੰਨ੍ਹਿਤ ਕਰਨਾ ਹੋਵੇਗਾ। ਘਰ ਅਤੇ ਪਰਿਵਾਰ ਨਾਲ ਸਬੰਧਿਤ ਜਾਣਕਾਰੀ ਜਮ੍ਹਾ ਕਰਨ ਤੋਂ ਬਾਅਦ ਇੱਕ ਐੱਸਈ-ਆਈਡੀ ਪ੍ਰਾਪਤ ਹੋਵੇਗੀ, ਜਿਸ ਨੂੰ ਸੁਰੱਖਿਅਤ ਰੱਖਣਾ ਜ਼ਰੂਰੀ ਹੈ। ਬਾਅਦ ਵਿੱਚ ਗਿਣਤੀਕਾਰ ਵੱਲੋਂ ਇਸ ਜਾਣਕਾਰੀ ਦੀ ਪੁਸ਼ਟੀ ਕੀਤੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕੋਈ ਵਿਅਕਤੀ ਸਵੈ-ਗਣਨਾ ਕਰਨ ਵਿੱਚ ਅਸਮਰਥ ਹੈ ਤਾਂ ਗਿਣਤੀਕਾਰ ਨਿਰਧਾਰਿਤ ਸਮੇਂ ਅੰਦਰ ਉਨ੍ਹਾਂ ਦੇ ਘਰ ਆ ਕੇ ਜਾਣਕਾਰੀ ਦਰਜ ਕਰੇਗਾ। ਡਾ. ਅਰਵਿੰਦਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਜਨਗਣਨਾ ਦੌਰਾਨ ਦਿੱਤੀ ਜਾਣ ਵਾਲੀ ਸਾਰੀ ਜਾਣਕਾਰੀ ਪੂਰੀ ਤਰ੍ਹਾਂ ਗੁਪਤ ਅਤੇ ਸੁਰੱਖਿਅਤ ਰਹੇਗੀ। ਉਨ੍ਹਾਂ ਕਰਮਚਾਰੀਆਂ ਨੂੰ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਅਤੇ ਜਨਗਣਨਾ ਵਿੱਚ ਸਰਗਰਮ ਹਿੱਸਾ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਰਿਤਾ, ਡੀਪੀਐੱਮ ਡਾ. ਕਸੀਤਿਜ ਸੀਮਾ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਸੁਪਰਡੈਂਟ ਤਰਲੋਚਨ ਸਿੰਘ, ਅਲੋਕ ਗੁਪਤਾ, ਬਲਜੀਤ ਕੌਰ, ਪਰਮਜੀਤ ਕੌਰ, ਰੇਖਾ ਰਾਣੀ ਅਤੇ ਹੋਰ ਸਟਾਫ਼ ਮੈਂਬਰ ਮੌਜੂਦ ਸਨ।