ਪੰਜਾਬ ਤੇ ਪੰਥ ਨੂੰ ਸੰਕਟਾਂ ਤੋਂ ਬਚਾਉਣ ਲਈ ਸਾਂਝੇ ਸੰਘਰਸ਼ ਦੀ ਲੋੜ: ਪ੍ਰੋ. ਚੰਦੂਮਾਜਰਾ

ਸੀਨੀਅਰ ਰਿਪੋਰਟਰ•, ਪੰਜਾਬੀ ਜਾਗਰਣ, •ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਅਤੇ ਪੰਥ ਨੂੰ ਡੂੰਘੇ ਸੰਕਟਾਂ ’ਚੋਂ ਕੱਢਣ ਲਈ ਸਮੂਹ ਪੰਜਾਬੀਆਂ ਨੂੰ ਸਾਂਝੇ ਸੰਘਰਸ਼ ਲਈ ਇਕੱਠੇ ਹੋਣ ਦੀ ਲੋੜ ਹੈ। ਪ੍ਰੈੱਸ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਪੰਜਾਬ ਦੇ ਹੱਕਾਂ ਅਤੇ ਮਸਲਿਆਂ ਬਾਰੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਜਾਣੂ ਕਰਵਾਉਣ ਲਈ ਲੋਕਾਂ ਨੂੰ ਇਕਜੁੱਟ ਹੋ ਕੇ ਆਵਾਜ਼ ਉਠਾਉਣੀ ਪਵੇਗੀ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ‘ਜਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ ਐਕਟ 2026)’ ਨੂੰ ਲੈ ਕੇ ਪੰਥਕ ਸਫਾਂ ਵਿਚ ਪੈਦਾ ਹੋਏ ਸ਼ੰਕੇ ਤੇ ਵਿਵਾਦਾਂ ਨੂੰ ਦੂਰ ਕਰਨ ਲਈ ਸਮੂਹ ਪੰਥਕ ਧਿਰਾਂ ਅਤੇ ਜਥੇਬੰਦੀਆਂ ਨੂੰ ਸਾਂਝੀ ਰਾਇ ਬਣਾਉਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵੱਲੋਂ ਬਣਾਇਆ ਗਿਆ ਇਹ ਕਾਨੂੰਨ ਸਿੱਖ ਪੰਥ ਨੂੰ ਵੰਡਣ ਤੇ ਆਪਸੀ ਟਕਰਾਅ ਪੈਦਾ ਕਰਨ ਵਾਲਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਕਈ ਅਹਿਮ ਮਸਲੇ ਲੰਬੇ ਸਮੇਂ ਤੋਂ ਅਣਸੁੱਲਝੇ ਪਏ ਹਨ। ਇਨ੍ਹਾਂ ਵਿਚ ਭਾਈ ਜਗਤਾਰ ਸਿੰਘ ਹਵਾਰਾ ਆਪਣੀ ਬਿਰਧ ਮਾਤਾ ਨੂੰ ਮਿਲਣ ਲਈ ਪੈਰੋਲ ਨਾ ਮਿਲਣਾ, ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਦੀ ਮੰਗ, ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ, ਨੌਜਵਾਨਾਂ ਵਿਚ ਵਧ ਰਹੀ ਬੇਰੁਜ਼ਗਾਰੀ, ਸਰਹੱਦੀ ਸੂਬਾ ਹੋਣ ਕਰਕੇ ਕੇਂਦਰੀ ਨੌਕਰੀਆਂ ਵਿਚ 10 ਫ਼ੀਸਦੀ ਰਾਖਵਾਂਕਰਨ ਤੇ ਵਿਸ਼ੇਸ਼ ਆਰਥਿਕ ਪੈਕੇਜ ਅਤੇ ਕਿਸਾਨੀ ਨਾਲ ਜੁੜੇ ਮਸਲੇ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮਸਲਿਆਂ ਨੂੰ ਲੈ ਕੇ 1 ਅਤੇ 2 ਜੂਨ ਨੂੰ ਪੰਜਾਬ ਭਰ ’ਚ ਜ਼ਿਲ੍ਹਾ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪੇ ਜਾਣਗੇ। ਇਸ ਤੋਂ ਇਲਾਵਾ ਬਾਘਾ ਬਾਰਡਰ ਰਾਹੀਂ ਵਪਾਰ ਮੁੜ ਸ਼ੁਰੂ ਕਰਨ, ਸਹਿਕਾਰੀ ਬੈਂਕਾਂ ਦੇ ਕਿਸਾਨੀ ਕਰਜ਼ੇ ਮੁਆਫ਼ ਕਰਨ ਅਤੇ 23 ਫਸਲਾਂ ਦੀ ਸਰਕਾਰੀ ਖਰੀਦ ਦੀ ਗਾਰੰਟੀ ਦੇ ਮਸਲੇ ਵੀ ਉਠਾਏ ਜਾਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਸ ਤੋਂ ਬਾਅਦ ਇੱਕ ਉੱਚ ਪੱਧਰੀ ਡੈਲੀਗੇਸ਼ਨ ਪੰਜਾਬ ਦੇ ਗਵਰਨਰ ਅਤੇ ਦੇਸ਼ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰਕੇ ਪੰਜਾਬ ਅਤੇ ਸਿੱਖਾਂ ਦੇ ਮਸਲਿਆਂ ਬਾਰੇ ਜਾਣੂ ਕਰਵਾਏਗਾ। ਉਨ੍ਹਾਂ ਪੰਜਾਬ ਦੀਆਂ ਸਮੂਹ ਅਕਾਲੀ ਪਾਰਟੀਆਂ ਅਤੇ ਪੰਥਕ ਜਥੇਬੰਦੀਆਂ ਨੂੰ ਇਸ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ।