ਸਿਵਲ ਸਰਜਨ ਵੱਲੋਂ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਉਣ ਦੀ ਅਪੀਲ
ਸਿਵਲ ਸਰਜਨ ਵੱਲੋਂ ਹਰ ਸ਼ੁੱਕਰਵਾਰ ਡਰਾਈ ਡੇਅ ਵਜੋਂ ਮਨਾਉਣ ਦੀ ਅਪੀਲ
Publish Date: Thu, 30 Apr 2026 05:38 PM (IST)
Updated Date: Thu, 30 Apr 2026 05:40 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਫਤਹਿਗੜ੍ਹ ਸਾਹਿਬ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਸਿਹਤ ਡਾਇਰੈਕਟਰ ਡਾ. ਹਿਤਿੰਦਰ ਕੌਰ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਸਿਵਲ ਸਰਜਨ ਡਾ. ਅਰਵਿੰਦ ਪਾਲ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਹਰ ਸ਼ੁੱਕਰਵਾਰ ਡੇਂਗੂ ਵਿਰੋਧੀ ਗਤੀਵਿਧੀਆਂ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਤੋਂ ਬਚਣ ਲਈ ਮੱਛਰ ਦੀ ਪੈਦਾਇਸ਼ ਰੋਕਣੀ ਲਾਜ਼ਮੀ ਹੈ, ਇਸ ਲਈ ਸਰਕਾਰ ਵੱਲੋਂ ਚਲਾਈ ਗਈ ‘ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ’ ਮੁਹਿੰਮ ’ਤੇ ਵਿਸ਼ੇਸ਼ ਤਵੱਜੋ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫ਼ਸਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਆਪਣੇ ਖੇਤਰਾਂ ’ਚ ਇਸ ਮੁਹਿੰਮ ਦੀ ਲਗਾਤਾਰ ਚੈਕਿੰਗ ਯਕੀਨੀ ਬਣਾਉਣਗੇ। ਸਾਨੀਪੁਰ ਰੋਡ ਵਿਖੇ ਮੁਹਿੰਮ ਦੀ ਚੈਕਿੰਗ ਦੌਰਾਨ ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਪ੍ਰਭਜੋਤ ਕੌਰ ਨੇ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਜਿਸ ਦਾ ਲਾਰਵਾ ਸਾਫ਼ ਖੜ੍ਹੇ ਪਾਣੀ ’ਚ ਪੈਦਾ ਹੁੰਦਾ ਹੈ ਅਤੇ ਇਹ ਮੱਛਰ ਦਿਨ ਵੇਲੇ ਕੱਟਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਸਾਫ਼-ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ। ਮੱਛਰਾਂ ਤੋਂ ਬਚਣ ਲਈ ਮੱਛਰਦਾਨੀ, ਮੱਛਰ ਭਜਾਓ ਕਰੀਮਾਂ, ਜਾਲੀਦਾਰ ਦਰਵਾਜ਼ੇ ਅਤੇ ਪੂਰਾ ਸਰੀਰ ਢਕਣ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਇਸ ਦੇ ਨਾਲ ਹੀ ਕੂਲਰਾਂ ਦਾ ਪਾਣੀ ਹਰ ਹਫ਼ਤੇ ਬਦਲਣਾ ਜ਼ਰੂਰੀ ਹੈ। ਇਸ ਮੌਕੇ ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਜਸਵਿੰਦਰ ਕੌਰ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਸਿਹਤ ਕਰਮਚਾਰੀ ਜਗਰੂਪ ਸਿੰਘ, ਮਨਜਿੰਦਰ ਸਿੰਘ, ਤੇਜਿੰਦਰ ਸਿੰਘ ਅਤੇ ਇੰਸੈਕਟ ਕੁਲੈਕਟਰ ਮਨਦੀਪ ਕੌਰ ਸਮੇਤ ਹੋਰ ਪਤਵੰਤੇ ਮੌਜੂਦ ਸਨ।