ਕਰਹਾਲੀ ਸਾਹਿਬ ਕਾਲਜ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਕਰਹਾਲੀ ਸਾਹਿਬ ਕਾਲਜ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ
Publish Date: Sun, 03 May 2026 04:42 PM (IST)
Updated Date: Sun, 03 May 2026 04:44 PM (IST)
ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਹਰਗੋਬਿੰਦ ਸਾਹਿਬ ਖਾਲਸਾ ਗਰਲਜ਼ ਕਾਲਜ ਕਰਹਾਲੀ ਸਾਹਿਬ ਵਿਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਡਾ. ਜਸਵਿੰਦਰ ਸਿੰਘ ਬਰਾੜ, ਡੀਨ ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ ਦਾ ਆਗ਼ਾਜ਼ ਮਿਊਜਕ ਵਿਭਾਗ ਦੇ ਵਿਦਿਆਰਥੀਆਂ ਨੇ ਗੁਰਬਾਣੀ ਦਾ ਸ਼ਬਦ ਗਾਇਨ ਕਰਕੇ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਰਮਨਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਤੇ ਉਨ੍ਹਾਂ ਨੂੰ ਕਾਲਜ ਦੇ ਇਤਿਹਾਸ ਅਤੇ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ। ਸਮਾਗਮ ਵਿਚ ਅਕਾਦਮਿਕ, ਸਭਿਆਚਾਰਕ, ਖੇਡਾਂ ਅਤੇ ਹੋਰ ਸਹਿ ਅਕਾਦਮਿਕ ਗਤੀਵਿਧੀਆਂ ਵਿਚ ਭਾਗ ਲੈਣ ਵਾਲੇ 82 ਵਿਦਿਆਰਥੀਆਂ ਨੂੰ ਕਾਲਜ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਡਾ. ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੱਛੜੇ ਖੇਤਰਾਂ ਵਿਚ ਸਥਾਪਿਤ ਕਾਲਜ ਸਮਾਜ ਵਿਚ ਉਸਾਰੂ ਪ੍ਰਵਰਤਨ ਲਿਆਉਣ ਲਈ ਅਹਿਮ ਭੂਮਿਕਾ ਨਿਭਾਅ ਰਹੇ ਹਨ।